ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ ਵਿਖੇ ਵਣ ਮਹਾਂਉਤਸਵ ਸੈਮੀਨਾਰ ਕਰਵਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 19 ਅਗਸਤ
ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਾਲ ਭਲਾਈ ਕੌਂਸਲ, ਗੁਰਦਾਸਪੁਰ ਵੱਲੋਂ ਡਾ. ਨੀਰੂ ਸ਼ਰਮਾ ਦੀ ਦੇਖ-ਰੇਖ ਹੇਠ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ, ਗੁਰਦਾਸਪੁਰ ਵਿਖੇ ਵਣ ਮਹਾਂਉਤਸਵ ਕਮ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿੱਚ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਨੈਸ਼ਨਲ ਅਵਾਰਡੀ ਰੋਮੇਸ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਉੱਘੇ ਸਮਾਜ ਸੇਵਕ ਲਾਇਨ ਕੇ.ਪੀ. ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਵਣ ਮਹਾਂਉਤਸਵ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੂੰ ਵੱਖ-ਵੱਖ ਕਿਸਮਾਂ ਦੇ ਸਜਾਵਟੀ ਪੌਦੇ ਵੰਡੇ ਗਏ ਅਤੇ ਉਨ੍ਹਾਂ ਨੂੰ ਆਪਣੇ ਘਰਾਂ, ਕਾਲਜ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਵੱਧ ਤੋਂ ਵੱਧ ਹਰਿਆ-ਭਰਿਆ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਨੇ ਕਿਹਾ ਕਿ ਦੁਨੀਆ ਭਰ ਵਿੱਚ ਜੰਗਲਾਂ ਹੇਠਲਾ ਰਕਬਾ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਤਾਪਮਾਨ ਵਿੱਚ ਵਾਧੇ ਸਮੇਤ ਵਾਤਾਵਰਣ ਨਾਲ ਸਬੰਧਤ ਕਈ ਚੁਣੌਤੀਆਂ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਸੰਤੁਲਨ ਨੂੰ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਕੋਆਰਡੀਨੇਟਰ ਬਖਸੀ ਰਾਜ ਬਿਦਾਨਚੀ ਨੇ ਦੱਸਿਆ ਕਿ ਰੋਮੇਸ ਮਹਾਜਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਸਹਿਯੋਗ ਨਾਲ ਵਣ ਮਹਾਂਉਤਸਵ ਅਤੇ ਪੌਦੇ ਵੰਡਣ ਦੀ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।
ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਰੋਮੇਸ ਮਹਾਜਨ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਸਰਕਾਰੀ ਸੰਸਥਾਵਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਆਪਣੇ ਪਰਿਵਾਰਾਂ, ਦੋਸਤਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥਣ “ਗ੍ਰੀਨ ਅੰਬੇਸਡਰ” ਵਜੋਂ ਆਪਣੀ ਭੂਮਿਕਾ ਨਿਭਾ ਕੇ ਹਰਿਆਵਲੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਲਗਾਇਆ ਗਿਆ ਇੱਕ ਪੌਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ, ਛਾਂ ਅਤੇ ਸਿਹਤਮੰਦ ਜੀਵਨ ਦਾ ਤੋਹਫ਼ਾ ਹੈ। ਇਸ ਲਈ “ਇੱਕ ਵਿਅਕਤੀ–ਇੱਕ ਪੌਦਾ” ਦੇ ਸੰਕਲਪ ਨੂੰ ਅਪਣਾਉਂਦਿਆਂ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਇਸ ਮੌਕੇ ਕਾਲਜ ਦਾ ਸਟਾਫ਼ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
- Download Babushahi App
-
-