ਰੰਗਲਾ ਪੰਜਾਬ ਯੋਜਨਾ ਤਹਿਤ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ
ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਹਰਭਜਨ ਸਿੰਘ ਈ.ਟੀ.ਓ.
ਤਰਸਿੱਕਾ/ਅੰਮ੍ਰਿਤਸਰ, 19 ਅਗਸਤ - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ। ਇਸ ਰਾਸ਼ੀ ਨਾਲ ਪਿੰਡਾਂ ਵਿੱਚ ਵੱਖ-ਵੱਖ ਬੁਨਿਆਦੀ ਅਤੇ ਲੋਕ-ਭਲਾਈ ਦੇ ਵਿਕਾਸ ਕਾਰਜ ਕਰਵਾਏ ਜਾਣਗੇ।
ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਗ੍ਰਾਂਟ ਦੀ ਰਾਸ਼ੀ ਨਾਲ ਪਿੰਡਾਂ ਵਿੱਚ ਇੰਟਰਲਾਕਿੰਗ ਟਾਈਲਾਂ ਵਾਲੀਆਂ ਗਲੀਆਂ, ਨਾਲੀਆਂ ਅਤੇ ਸੀਵਰੇਜ ਦੇ ਕੰਮ, ਖੇਡ ਮੈਦਾਨ, ਇਨਡੋਰ ਤੇ ਓਪਨ ਜਿੰਮ, ਆਂਗਣਵਾੜੀ ਕੇਂਦਰਾਂ ਦੀ ਉਸਾਰੀ, ਛੱਪੜਾਂ ਦੀ ਸਫ਼ਾਈ ਅਤੇ ਮੁਰੰਮਤ, ਪੰਚਾਇਤ ਘਰਾਂ ਅਤੇ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਉਸਾਰੀ, ਸਕੂਲਾਂ ਵਿੱਚ ਕਲਾਸ ਰੂਮ, ਸੋਲਰ ਲਾਈਟਾਂ, ਸੀਮੈਂਟ ਦੇ ਬੈਂਚ, ਧਰਮਸ਼ਾਲਾਵਾਂ, ਲਾਇਬ੍ਰੇਰੀਆਂ, ਪਾਰਕਾਂ, ਸ਼ਮਸ਼ਾਨਘਾਟਾਂ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ।
ਲੋਕ ਨਿਰਮਾਣ ਮੰਤਰੀ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਗ੍ਰਾਂਟ ਦੇ ਚੈੱਕ ਤਕਸੀਮ ਕਰਦਿਆਂ ਕਿਹਾ ਕਿ ਉਹ ਇਸ ਰਾਸ਼ੀ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਲਈ ਖਰਚ ਕਰਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਦੇ ਵਿਕਾਸ ਵਿੱਚ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹਲਕੇ ਦੇ ਦੂਸਰੇ ਬਲਾਕਾਂ ਦੀਆਂ ਪੰਚਾਇਤਾਂ ਨੂੰ ਵੀ ਜਲਦ ਹੀ ਰੰਗਲਾ ਪੰਜਾਬ ਯੋਜਨਾ ਤਹਿਤ ਗ੍ਰਾਂਟਾਂ ਦਿੱਤੀਆਂ ਜਾਣਗੀਆਂ, ਤਾਂ ਜੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾ ਸਕੇ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਨਾ ਵਿਕਾਸ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ 75 ਸਾਲਾਂ ਵਿੱਚ ਵੀ ਨਹੀਂ ਕਰਵਾ ਸਕੀਆਂ। ਉਨ੍ਹਾਂ ਕਿਹਾ ਕਿ ਅੱਜ ਜੰਡਿਆਲਾ ਗੁਰੂ ਹਲਕਾ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਸ਼ੁਮਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਸਨੀਕ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਆਪਣੇ ਲੋਕਾਂ ਦੀ ਬਿਹਤਰੀ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਗ੍ਰਾਂਟ ਦੇ ਚੈੱਕ ਪ੍ਰਾਪਤ ਕਰਨ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲੇਗਾ।
- Download Babushahi App
-
-