ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ, ਸਰਕਾਰ ਦੀ ਵਚਨਬੱਧਤਾ: ਮਲਵਿੰਦਰ ਸਿੰਘ ਕੰਗ
ਲੋਕ ਸਭਾ ਮੈਂਬਰ ਵੱਲੋਂ ‘ਦਿਸ਼ਾ’ ਕਮੇਟੀ ਦੀ ਮੀਟਿੰਗ ਦੌਰਾਨ ਕੇਂਦਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ
ਕਾਰਜਸਾਧਕ ਅਫ਼ਸਰਾਂ ਨੂੰ ਸ਼ਹਿਰਾਂ ਦੀ ਸਫ਼ਾਈ ਨੂੰ ਯਕੀਨੀ ਕਰਨ ਦੀ ਹਿਦਾਇਤ ਕੀਤੀ
ਯੂਰੀਆ ਅਤੇ ਖਾਦਾਂ ਨਾਲ ਵਾਧੂ ਦਵਾਈਆਂ ਵਾਲੇ ਦੁਕਾਨਦਾਰਾਂ ਉੱਤੇ ਕਾਰਵਾਈ ਕਰਨ ਦੇ ਹੁਕਮ
ਫੂਡ ਪ੍ਰੋਸੈਸਿੰਗ ਯੂਨਿਟ ਨੂੰ ਉਤਸਾਹਿਤ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਦਾ ਠੋਸ ਸਾਧਨ
ਰੂਪਨਗਰ, 20 ਅਗਸਤ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਜੋ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ।
ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ, ਫੰਡਾਂ ਦੀ ਵਰਤੋਂ ਅਤੇ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਐਮ ਪੀ ਲੈਂਡ ਸਕੀਮ ਅਧੀਨ ਲੰਬਿਤ ਪਏ ਕਾਰਜਾਂ ਦੀ ਵਿਸਤਾਰਪੂਰਵਕ ਸਮੀਖਿਆ ਕੀਤੀ ਅਤੇ ਕਿਹਾ ਕਿ ਇਹ ਕਾਰਜ ਸਮਾ ਨਿਰਧਾਰਿਤ ਸੀਮਾ ਵਿਚ ਮੁਕੰਮਲ ਕੀਤੇ ਜਾਣ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਐਮ ਪੀ ਲੈਂਡ ਸਕੀਮ ਦੇ ਕਾਰਜਾਂ ਦੇ ਟੀਚੇ ਵੀ ਨਿਰਧਾਰਿਤ ਕੀਤੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਮੁਕੰਮਲ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਸਰਕਾਰੀ ਫੰਡਾਂ ਦੀ ਸੁਚੱਜੀ ਤੇ ਪਾਰਦਰਸ਼ੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।
ਸੰਸਦ ਮੈਂਬਰ ਨੇ ਖੇਤੀਬਾੜੀ ਵਿਭਾਗ ਨੂੰ ਯੂਰੀਆ ਅਤੇ ਖਾਦਾਂ ਨਾਲ ਵਾਧੂ ਦਵਾਈਆਂ ਵਾਲੇ ਡਿਸਟ੍ਰੀਬਿਊਟਰਾਂ ਅਤੇ ਦੁਕਾਨਦਾਰਾਂ ਉੱਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਜੈਵਿਕ ਖੇਤੀ ਕਰਨ ਵਾਲੇ 1250 ਕਿਸਾਨਾਂ ਨੂੰ ਸਰਕਾਰ ਵੱਲੋਂ ਮਿਲਣ ਵੱਲੋਂ ਯੋਜਨਾਵਾਂ ਦਾ ਲਾਭ ਯਕੀਨੀ ਕਰਨ ਲਈ ਕਿਹਾ। ਉਨ੍ਹਾਂ ਫੂਡ ਪ੍ਰੋਸੈਸਿੰਗ ਯੂਨਿਟ ਨੂੰ ਉਤਸਾਹਿਤ ਅਤੇ ਕਿਸਾਨਾਂ ਨੂੰ ਇਸ ਨਾਲ ਜੋੜਨ ਲਈ ਕਿਹਾ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਪੱਕੇ ਤੌਰ ਉੱਤੇ ਵਧਾਉਣ ਦੇ ਵਸੀਲੇ ਸਥਾਪਿਤ ਕੀਤੇ ਜਾ ਸਕਣ।
ਸ. ਕੰਗ ਨੇ ਬਾਗਬਾਨੀ ਵਿਭਾਗ ਨੂੰ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਗਰੂਕ ਕੈਂਪ ਲਗਾਉਣ ਦੀ ਹਿਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਇਲਾਕਾ ਵਾਸੀਆਂ ਨੂੰ ਕੋਲਡ ਸਟੋਰ ਸਥਾਪਿਤ ਕਰਨ ਲਈ ਸਬਸਿਡੀ ਮਿਲਣ ਵਾਲੀ ਸਬਸੀਡੀ ਬਾਰੇ ਜਾਣਕਾਰੀ ਦੇਣ ਅਤੇ ਵਧ ਤੋਂ ਵਧ ਕੋਲਡ ਸਟੋਰ ਲਗਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ।
ਕਾਰਜਸਾਧਕ ਅਫ਼ਸਰਾਂ ਨਗਰ ਕੌਂਸਿਲਾਂ ਨੂੰ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਕਰਨ ਦੀ ਹਿਦਾਇਤ ਕੀਤੀ ਅਤੇ ਕਿਹਾ ਕਿ ਸ਼ਹਿਰ ਦੇ ਕੂੜਾ ਪ੍ਰਬੰਧਨ ਨੂੰ ਨਿਯਮਾਂ ਤਹਿਤ ਨੇਪਰੇ ਚਾੜ੍ਹਿਆ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਮੰਤਵ ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਨੂੰ ਲਾਭ ਪਹੁੰਚਾਉਣਾ ਹੈ, ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੀਮਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਨਿਰੰਤਰ ਨਿਗਰਾਨੀ ਵੀ ਕੀਤੀ ਜਾਵੇ।
ਮੀਟਿੰਗ ਦੌਰਾਨ ਸ. ਕੰਗ ਨੇ ਸਿੱਖਿਆ ਅਤੇ ਸਿਹਤ ਖੇਤਰ ਨਾਲ ਸਬੰਧਤ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਹੋ ਸਕਣ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ਼ ਦੀ ਉਪਲਬਧਤਾ, ਖਾਲੀ ਅਸਾਮੀਆਂ, ਲੋੜੀਂਦੀ ਮਸ਼ੀਨਰੀ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।
ਸੰਸਦ ਮੈਂਬਰ ਨੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ, ਸਫ਼ਾਈ, ਛੱਪੜਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਨਾਲ ਸਬੰਧਤ ਕਾਰਜਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਭਾਗੀ ਅਧਿਕਾਰੀ ਸਥਾਨਕ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਸਫ਼ਾਈ ਵਿਵਸਥਾ ਨੂੰ ਵੀ ਮਜ਼ਬੂਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਮੁਹੱਈਆ ਕਰਵਾਏ ਜਾਂਦੇ ਲਾਭਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਅਤੇ ਸ਼ਹਿਰ ਪੱਧਰ ’ਤੇ ਸਰਪੰਚਾਂ, ਨਗਰ ਕੌਂਸਲਾਂ ਦੇ ਨੁਮਾਇੰਦਿਆਂ ਅਤੇ ਹੋਰ ਸਥਾਨਕ ਸੰਸਥਾਵਾਂ ਨਾਲ ਤਾਲਮੇਲ ਕਰਕੇ ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਮੀਟਿੰਗ ਦੌਰਾਨ ਮੈਂਬਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਕੰਗ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ), ਕੌਮੀ ਸਿਹਤ ਮਿਸ਼ਨ, ਜਲ ਜੀਵਨ ਮਿਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਸਵੱਛ ਭਾਰਤ ਮਿਸ਼ਨ (ਗ੍ਰਾਮੀਣ), ਸਮੱਗਰ ਸਿੱਖਿਆ ਅਭਿਆਨ, ਮਿਡ-ਡੇਅ ਮੀਲ ਸਕੀਮ, ਕੌਮੀ ਖੁਰਾਕ ਸੁਰੱਖਿਆ ਮਿਸ਼ਨ, ਅਤੇ ਐੱਮ.ਪੀ. ਲੈਡ ਸਕੀਮ ਸਮੇਤ ਵੱਖ-ਵੱਖ ਕੇਂਦਰੀ ਯੋਜਨਾਵਾਂ ਦੀ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਸ. ਕੰਗ ਨੇ ਕਿਹਾ ਕਿ ਜਿਨ੍ਹਾਂ ਯੋਜਨਾਵਾਂ ਤਹਿਤ ਫੰਡ ਉਪਲਬਧ ਕਰਵਾਏ ਗਏ ਹਨ, ਉਨ੍ਹਾਂ ਦੀ ਸਮੇਂ ਸਿਰ ਅਤੇ ਨਿਯਮਾਂ ਅਨੁਸਾਰ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੱਲ ਰਹੇ ਕਾਰਜਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਜਿੱਥੇ ਵੀ ਕਿਸੇ ਯੋਜਨਾ ਜਾਂ ਵਿਕਾਸ ਕਾਰਜ ਨੂੰ ਲਾਗੂ ਕਰਨ ਵਿੱਚ ਮੁਸ਼ਕਲ ਆ ਰਹੀ ਹੈ, ਉਸ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਹੱਲ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਸੰਸਦ ਮੈਂਬਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਉਣ ਦੇ ਨਾਲ-ਨਾਲ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਵਿਚਾਰੇ ਗਏ ਮਾਮਲਿਆਂ ’ਤੇ ਸਮਾਂਬੱਧ ਕਾਰਵਾਈ ਕੀਤੀ ਜਾਵੇ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਲੋੜੀਂਦੀ ਰਿਪੋਰਟ ਸਮੇਂ ਸਿਰ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਭਲਾਈ ਅਤੇ ਵਿਕਾਸ ਨਾਲ ਸਬੰਧਤ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿੰਦਰ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਐੱਸ.ਡੀ.ਐੱਮ ਰੂਪਨਗਰ ਜਸਪ੍ਰੀਤ ਸਿੰਘ, ਐੱਸ.ਡੀ.ਐੱਮ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਬੌਬੀ ਗੁਲਾਟੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਪਰਮਿੰਦਰ ਸਿੰਘ ਬਾਲਾ, ਵੱਖ-ਵੱਖ ਵਿਭਾਗਾਂ ਦੇ ਮੁਖੀ, ਕਾਰਜਸਾਧਕ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
- Download Babushahi App
-
-