‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਦਰਜਨ ਭਰ ਪਿੰਡਾਂ ਦੇ ਲੋਕ ਹੋਏ ਇਕੱਠੇ, ਨਸ਼ਿਆਂ ਖ਼ਿਲਾਫ਼ ਡਟ ਕੇ ਲੜਨ ਦਾ ਲਿਆ ਅਹਿਦ
ਬਲਵਿੰਦਰ ਸਿੰਘ ਧਾਲੀਵਾਲ
20 ਅਗਸਤ 2026
ਸੁਲਤਾਨਪੁਰ ਲੋਧੀ : ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਅਤੇ ਪਿੰਡਾਂ ਨੂੰ ਸਮਾਜਿਕ ਬੁਰਾਈਆਂ ਤੋਂ ਮੁਕਤ ਬਣਾਉਣ ਦੇ ਮਕਸਦ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ੁਰੂ ਕੀਤੀ ਗਈ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਵਿੱਤਰ ਕਾਲੀ ਵੇਈਂ ਦੇ ਕੰਢੇ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਗਈ ਵਿਸ਼ੇਸ਼ ਲੋਕ ਮਿਲਣੀ ਵਿੱਚ ਦਰਜਨ ਭਰ ਪਿੰਡਾਂ ਦੇ ਲੋਕਾਂ, ਸਰਪੰਚਾਂ ਅਤੇ ਮੋਹਤਬਰਾਂ ਨੇ ਸ਼ਮੂਲੀਅਤ ਕਰਦਿਆਂ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਅਹਿਦ ਲਿਆ।
ਪਿੰਡਾਂ ਨੂੰ ਚਿੱਟਾ ਮੁਕਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ : ਸੀਚੇਵਾਲ
ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਿੰਡਾਂ ਨੂੰ ਚਿੱਟੇ ਤੋਂ ਮੁਕਤ ਕਰਨਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਨਸ਼ਿਆਂ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਨਸ਼ੇ ਤੋਂ ਬਾਹਰ ਕੱਢ ਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਬਲਕਿ ਸਮਾਜ ਦੇ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣੀ ਪਵੇਗੀ।
ਸੰਤ ਸੀਚੇਵਾਲ ਨੇ ਕਿਹਾ ਕਿ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਦਾ ਮਕਸਦ ਹਰ ਪਿੰਡ ਦੇ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਪਿੰਡਾਂ ਵਿੱਚ ਠੀਕਰੀ ਪਹਿਰੇ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਚੌਕਸੀ ਨਾਲ ਨਸ਼ਾ ਤਸਕਰੀ ਦੇ ਨਾਲ-ਨਾਲ ਲੁੱਟਾਂ-ਖੋਹਾਂ ਅਤੇ ਹੋਰ ਅਪਰਾਧਾਂ ਨੂੰ ਵੀ ਰੋਕਣ ਵਿੱਚ ਮਦਦ ਮਿਲ ਸਕਦੀ ਹੈ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਸਬੰਧੀ ਜਾਣਕਾਰੀ ਦੇਣ ਵਾਲੇ ਲੋਕਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਪੁਲਿਸ ਤੱਕ ਜਾਣਕਾਰੀ ਪਹੁੰਚਾ ਸਕਣ।
“ਤੁਸੀਂ ਸਾਡਾ ਸਾਥ ਦਿਓ, ਅਸੀਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਾਂਗੇ” : ਐਸਐਸਪੀ
ਇਸ ਮੌਕੇ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲੜਾਈ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ, “ਤੁਸੀਂ ਸਾਡਾ ਸਾਥ ਦਿਓ, ਅਸੀਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ।”
ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਆਪਣੇ ਪਿੰਡਾਂ ਦੀ ਜ਼ਮੀਨੀ ਹਕੀਕਤ, ਨਸ਼ਿਆਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਸੁਰੱਖਿਆ ਸਬੰਧੀ ਮੁੱਦੇ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ। ਇਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।
ਬੱਚਿਆਂ ਨੂੰ ਖੇਡ ਮੈਦਾਨਾਂ ਨਾਲ ਜੋੜੋ : ਸੱਜਣ ਸਿੰਘ ਚੀਮਾ
ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਿਰਫ਼ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਹੀ ਕਾਫ਼ੀ ਨਹੀਂ, ਸਗੋਂ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਬਚਪਨ ਤੋਂ ਹੀ ਬੱਚਿਆਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਜ਼ਰੂਰੀ ਹੈ।
ਉਨ੍ਹਾਂ ਮਾਪਿਆਂ ਅਤੇ ਪਿੰਡਾਂ ਦੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਖੇਡ ਮੈਦਾਨਾਂ ਵੱਲ ਪ੍ਰੇਰਿਤ ਕੀਤਾ ਜਾਵੇ ਅਤੇ ਪਿੰਡਾਂ ਵਿੱਚ ਖੇਡਾਂ ਲਈ ਵਧੀਆ ਮਾਹੌਲ ਪੈਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੀਆਂ ਹਨ।
ਚੀਮਾ ਨੇ ਕਿਹਾ ਕਿ “ਸਾਡਾ ਟੀਚਾ ਸਿਰਫ਼ ਨਸ਼ਾ ਮੁਕਤ ਪਿੰਡ ਬਣਾਉਣਾ ਨਹੀਂ, ਸਗੋਂ ਸਿਹਤਮੰਦ, ਤੰਦਰੁਸਤ ਅਤੇ ਖੇਡਾਂ ਨਾਲ ਜੁੜੀ ਨੌਜਵਾਨ ਪੀੜ੍ਹੀ ਤਿਆਰ ਕਰਨਾ ਵੀ ਹੈ।”
ਪਿੰਡਾਂ ਦੀ ਸਾਂਝੀ ਆਵਾਜ਼ ਬਣੀ ‘ਆਪਣਾ ਪਿੰਡ ਸੰਭਾਲੋ’
ਸਮਾਗਮ ਵਿੱਚ ਡੀਐਸਪੀ ਸੁਲਤਾਨਪੁਰ ਲੋਧੀ ਧਰੇਂਦਰ ਵਰਮਾ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਚਓ ਸੁਲਤਾਨਪੁਰ ਲੋਧੀ ਦਵਿੰਦਰ ਪਾਲ ਸਮੇਤ ਪੁਲਿਸ ਅਧਿਕਾਰੀ, ਵੱਖ-ਵੱਖ ਪਿੰਡਾਂ ਦੇ ਸਰਪੰਚ, ਮੋਹਤਬਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
‘ਆਪਣਾ ਪਿੰਡ ਸੰਭਾਲੋ’ ਮੁਹਿੰਮ ਰਾਹੀਂ ਉੱਠੀ ਆਵਾਜ਼ ਹੁਣ ਸਿਰਫ਼ ਇੱਕ ਮੁਹਿੰਮ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਇਕਜੁੱਟ ਕਰਨ ਵਾਲੇ ਜਨ ਅੰਦੋਲਨ ਦਾ ਰੂਪ ਧਾਰਦੀ ਨਜ਼ਰ ਆ ਰਹੀ ਹੈ।
- Download Babushahi App
-
-