ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਦੇ ਪੰਜਾਬ ਬੰਦ ਨੂੰ ਮਿਸਲ ਸਤਲੁਜ ਪਾਰਟੀ ਦਾ ਸਮਰਥਨ: ਅਜੇਪਾਲ ਸਿੰਘ ਬਰਾੜ
ਪੰਜਾਬੀਆਂ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਾਂਤਮਈ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ
ਮੋਹਾਲੀ 20 ਅਗਸਤ, 2026
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦਿਆਂ ਸਮੂਹ ਪੰਜਾਬੀਆਂ ਨੂੰ ਇਸ ਸ਼ਾਂਤਮਈ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਭਵਨ ਵੱਲ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਰੋਸ ਮਾਰਚ ਦੀ ਸ਼ੁਰੂਆਤ ਮੌਕੇ ਪ੍ਰਦਰਸ਼ਨਕਾਰੀਆਂ ’ਤੇ ਅਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਨ ਰਾਹੀਂ ਗੰਦੇ ਪਾਣੀ ਦੀਆਂ ਬੁਛਾੜਾਂ ਮਾਰਨਾ ਬੇਹੱਦ ਨਿੰਦਣਯੋਗ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਬੱਚਿਆਂ, ਬੀਬੀਆਂ ਅਤੇ ਬਜ਼ੁਰਗਾਂ ਸਮੇਤ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਦੇ ਵਿਰੋਧ ਵਿੱਚ 21 ਅਗਸਤ ਦਾ ਪੰਜਾਬ ਬੰਦ ਇੱਕ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਪੰਜਾਬ ਅਤੇ ਕੇਂਦਰ ਸਰਕਾਰਾਂ ਤੱਕ ਪਹੁੰਚਾਉਣ ਦਾ ਮਾਧਿਅਮ ਹੈ।
ਉਨ੍ਹਾਂ ਸਮੂਹ ਪੰਜਾਬੀਆਂ, ਵਪਾਰੀਆਂ, ਦੁਕਾਨਦਾਰਾਂ ਅਤੇ ਆਵਾਜਾਈ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖ ਕੇ ਇਸ ਸ਼ਾਂਤਮਈ ਪੰਜਾਬ ਬੰਦ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ’ਤੇ ਪੰਜਾਬੀਆਂ ਦੀ ਸਾਂਝੀ ਆਵਾਜ਼ ਹਮੇਸ਼ਾ ਪ੍ਰਭਾਵਸ਼ਾਲੀ ਰਹੀ ਹੈ।
ਸਰਦਾਰ ਬਰਾੜ ਨੇ ਜ਼ੋਰ ਦੇ ਕੇ ਕਿਹਾ ਕਿ ਬੰਦੀ ਸਿੰਘਾਂ ਨੂੰ ਰਾਜਨੀਤਕ ਕੈਦੀ ਮੰਨਦਿਆਂ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਕੈਦ ਦਾ ਮਾਮਲਾ ਮਨੁੱਖੀ ਅਤੇ ਕਾਨੂੰਨੀ ਨਜ਼ਰੀਏ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਰਿਹਾਈ ਲਈ ਤੁਰੰਤ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਵਿੱਚ ਦੇਰੀ ਕਿਸੇ ਵੀ ਸਮਾਜ ਲਈ ਚਿੰਤਾ ਦਾ ਵਿਸ਼ਾ ਹੁੰਦੀ ਹੈ ਅਤੇ ਇਸ ਮਾਮਲੇ ਦਾ ਸਥਾਈ ਤੇ ਨਿਆਂਸੰਗਤ ਹੱਲ ਲੱਭਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।
ਮਿਸਲ ਸਤਲੁਜ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਆਪਣੇ ਹੱਕਾਂ, ਇਨਸਾਫ਼, ਸੱਚ ਅਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ 21 ਅਗਸਤ ਦਾ ਪੰਜਾਬ ਬੰਦ ਕਿਸੇ ਨਾਲ ਟਕਰਾਅ ਦਾ ਨਹੀਂ, ਸਗੋਂ ਸ਼ਾਂਤਮਈ ਢੰਗ ਨਾਲ ਇਨਸਾਫ਼ ਦੀ ਮੰਗ ਨੂੰ ਮਜ਼ਬੂਤ ਕਰਨ ਦਾ ਸੱਦਾ ਹੈ।
ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ, ਅਮਨ-ਸ਼ਾਂਤੀ ਅਤੇ ਸੰਜਮ ਬਣਾਈ ਰੱਖਦਿਆਂ 21 ਅਗਸਤ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਆਪਣੀ ਏਕਤਾ ਦਾ ਪ੍ਰਗਟਾਵਾ ਕਰਨ।
- Download Babushahi App
-
-