ਬੰਦੀ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ 'ਪੰਜਾਬ ਬੰਦ' ਦਾ ਬਰਨਾਲਾ 'ਚ ਵਿਆਪਕ ਅਸਰ, ਬਾਜ਼ਾਰ ਰਹੇ ਮੁਕੰਮਲ ਬੰਦ
Kamaljeet Singh
ਬਰਨਾਲਾ, 21 ਅਗਸਤ:
ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਜੇਲ੍ਹਾਂ ਤੋਂ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਬਰਨਾਲਾ ਸ਼ਹਿਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਹੀ ਸ਼ਹਿਰ ਦੇ ਮੁੱਖ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਏ। ਇਸ ਬੰਦ ਨੂੰ ਸਥਾਨਕ ਦੁਕਾਨਦਾਰਾਂ ਅਤੇ ਕਿਸਾਨ ਜਥੇਬੰਦੀਆਂ ਦਾ ਵੀ ਭਰਪੂਰ ਸਮਰਥਨ ਮਿਲਿਆ।
ਕੌਮੀ ਇਨਸਾਫ਼ ਮੋਰਚਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਦੀ ਅਗਵਾਈ ਹੇਠ ਸ਼ਹਿਰ ਵਿੱਚ ਇੱਕ ਰੋਸ਼ ਮਾਰਚ ਕੱਢਿਆ ਗਿਆ। ਇਸ ਦੌਰਾਨ ਆਗੂਆਂ ਨੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਮਨ-ਅਮਾਨ ਨਾਲ ਆਪਣੇ ਕਾਰੋਬਾਰ ਬੰਦ ਰੱਖਣ ਦੀ ਅਪੀਲ ਕੀਤੀ। ਇਸ ਮਾਰਚ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਗੁਰਜੰਟ ਸਿੰਘ ਕੱਟੂ, ਈਸਟ ਸੈਨਿਕ ਵਿੰਗ ਦੇ ਪੰਜਾਬ ਪ੍ਰਧਾਨ ਗੁਰਤੇਜ ਸਿੰਘ ਦਾਨਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਸ਼ਾਮਲ ਹੋਏ।
ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਸਰਕਾਰਾਂ ਦੀ ਨੀਤੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜੂਦ ਬੰਦੀ ਸਿੱਖਾਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਰੱਖਣਾ ਸਰਕਾਰੀ ਅਨਿਆਂ ਹੈ। ਉਨ੍ਹਾਂ ਤਰਕ ਦਿੱਤਾ ਕਿ ਜੇਕਰ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ, ਤਾਂ ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ?
ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਅਤੇ ਵਿਧਾਨ ਸਭਾ ਤੇ ਲੋਕ ਸਭਾ ਵਿੱਚ ਮਤਾ ਪਾਸ ਕਰਕੇ ਬੰਦੀ ਸਿੱਖਾਂ ਦੀ ਤੁਰੰਤ ਰਿਹਾਈ ਦਾ ਰਸਤਾ ਸਾਫ਼ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬੰਦੀ ਸਿੱਖਾਂ ਦੀ ਰਿਹਾਈ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ ਅਤੇ ਜੇਕਰ ਲੋੜ ਪਈ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਵੀ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ।
- Download Babushahi App
-
-