ED ਰੈਫਰੈਂਸ 'ਤੇ 13 ਦਿਨਾਂ ਬਾਅਦ ਵੀ FIR ਨਾ ਹੋਣ 'ਤੇ ਭਾਜਪਾ ਦਾ ਹੱਲਾਬੋਲ: ਵਿਜੇ ਸਾਂਪਲਾ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 21 ਅਗਸਤ, 2026- ਪੰਜਾਬ ਵਿੱਚ ਕਥਿਤ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਨੂੰ ਲੈ ਕੇ ਸਿਆਸੀ ਘਮਸਾਣ ਤੇਜ਼ ਹੋ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਪੁਲਿਸ ਨੂੰ ਭੇਜੇ ਗਏ ਰੈਫਰੈਂਸ 'ਤੇ 13 ਦਿਨ ਬੀਤ ਜਾਣ ਦੇ ਬਾਵਜੂਦ ਐੱਫ.ਆਈ.ਆਰ. (FIR) ਦਰਜ ਨਾ ਹੋਣ 'ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਪਲਾ ਨੇ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਵਿਜੇ ਸਾਂਪਲਾ ਨੇ ਸਪੱਸ਼ਟ ਕੀਤਾ ਕਿ ED ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਭੇਜਿਆ ਗਿਆ ਪੱਤਰ ਕੋਈ ਸਧਾਰਨ ਜਾਂ ਸਿਆਸੀ ਚਿੱਠੀ ਨਹੀਂ ਹੈ, ਸਗੋਂ ਇਹ 'ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ' (PMLA) ਦੀ ਧਾਰਾ 66(2) ਤਹਿਤ ਜਾਂਚ ਦੌਰਾਨ ਇਕੱਠੀ ਕੀਤੀ ਗਈ ਅਹਿਮ ਸਮੱਗਰੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ED ਨੂੰ ਆਪਣੀ ਜਾਂਚ ਵਿੱਚ ਅਜਿਹੇ ਤੱਥ ਮਿਲੇ ਹਨ ਜੋ ਸੰਜੋਗਯੋਗ ਅਪਰਾਧ (Cognizable Offence) ਵੱਲ ਇਸ਼ਾਰਾ ਕਰਦੇ ਹਨ। ਸਾਂਪਲਾ ਨੇ ਸਵਾਲ ਉਠਾਇਆ ਕਿ ਜੇਕਰ ਅਪਰਾਧਿਕ ਸਮੱਗਰੀ ਪੰਜਾਬ ਪੁਲਿਸ ਕੋਲ ਪਹੁੰਚ ਚੁੱਕੀ ਹੈ, ਤਾਂ 13 ਦਿਨ ਬੀਤਣ ਤੋਂ ਬਾਅਦ ਵੀ ਮਾਮਲੇ ਵਿੱਚ FIR ਦਰਜ ਕਿਉਂ ਨਹੀਂ ਕੀਤੀ ਗਈ। ਸਾਬਕਾ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ 'ਤੇ ਆਪਣਾ ਪੱਖ ਸਪੱਸ਼ਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੂੰ ਇਨ੍ਹਾਂ ਕਥਿਤ ਗਤੀਵਿਧੀਆਂ ਦੀ ਕੋਈ ਜਾਣਕਾਰੀ ਨਹੀਂ ਸੀ ਅਤੇ ਉਨ੍ਹਾਂ ਕੋਲ ਛੁਪਾਉਣ ਲਈ ਕੁੱਝ ਨਹੀਂ ਹੈ, ਤਾਂ ਉਨ੍ਹਾਂ ਨੂੰ ਖ਼ੁਦ ਅੱਗੇ ਆ ਕੇ CBI ਜਾਂਚ ਦੀ ਸਿਫਾਰਿਸ਼ ਕਰਨੀ ਚਾਹੀਦੀ ਹੈ। ਮਾਮਲੇ ਵਿੱਚ FIR ਦਰਜ ਕਰਨ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ 'ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਪੁਲਿਸ ਦੀ ਅਗਲੀ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ ਕਿ ਕੀ ED ਦੇ ਇਸ ਰੈਫਰੈਂਸ 'ਤੇ ਕਾਨੂੰਨੀ ਕਾਰਵਾਈ ਕਰਦਿਆਂ FIR ਦਰਜ ਕੀਤੀ ਜਾਵੇਗੀ ਜਾਂ ਇਹ ਮਾਮਲਾ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਹੀ ਸੀਮਤ ਰਹੇਗਾ।
- Download Babushahi App
-
-