ਪੀਸੀਏ ਜ਼ਮੀਨ ਮਾਮਲਾ: ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਸੀਬੀਆਈ ਜਾਂਚ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ, 21 ਅਗਸਤ 2026 : ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਬਠਿੰਡਾ ਅਤੇ ਅੰਮ੍ਰਿਤਸਰ ਵਿੱਚ ਕ੍ਰਿਕਟ ਸਟੇਡੀਅਮ ਨਿਰਮਾਣ ਦੇ ਨਾਂ 'ਤੇ ਕਰੋੜਾਂ ਰੁਪਏ ਦੇ ਜ਼ਮੀਨ ਖ਼ਰੀਦ-ਫ਼ਰੋਖ਼ਤ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਤਿੱਖਾ ਹਮਲਾ ਬੋਲਿਆ ਹੈ। ਭਾਜਪਾ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਇਸ ਪੂਰੇ ਮਾਮਲੇ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਅਤੇ ਸੱਚਾਈ ਨੂੰ ਜਨਤਾ ਦੇ ਸਾਹਮਣੇ ਲਿਆਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਤੋਂ ਮਹਿਜ਼ 15 ਤੋਂ 20 ਲੱਖ ਰੁਪਏ ਪ੍ਰਤੀ ਏਕੜ 'ਚ ਖ਼ਰੀਦੀ ਗਈ ਜ਼ਮੀਨ ਨੂੰ ਕੁੱਝ ਹੀ ਮਹੀਨਿਆਂ ਦੇ ਅੰਦਰ ਪੀਸੀਏ ਨੂੰ 2.99 ਕਰੋੜ ਰੁਪਏ ਪ੍ਰਤੀ ਏਕੜ ਦੀ ਦਰ 'ਤੇ ਵੇਚਣਾ ਕਥਿਤ ਵੱਡਾ ਘੋਟਾਲਾ ਹੋ ਸਕਦਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਗਵਰਨਿੰਗ ਬਾਡੀ ਜਾਂ ਏਜੀਐੱਮ ਦੀ ਲਾਜ਼ਮੀ ਮਨਜ਼ੂਰੀ ਦੇ ਕਰੋੜਾਂ ਰੁਪਏ ਦਾ ਅਲਾਟਮੈਂਟ ਕੀਤਾ ਗਿਆ, ਜੋ ਵਿੱਤੀ ਅਨਿਯਮਿਤਤਾ ਅਤੇ ਭ੍ਰਿਸ਼ਟਾਚਾਰ ਦਾ ਸਪੱਸ਼ਟ ਸਬੂਤ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਕੇਵਲ ਜ਼ਮੀਨ ਦੀ ਖ਼ਰੀਦ ਤੱਕ ਸੀਮਤ ਨਹੀਂ ਹੈ, ਬਲਕਿ ਆਈਪੀਐੱਲ ਅਤੇ ਖਿਡਾਰੀਆਂ ਦੀ ਖ਼ਰੀਦ-ਫ਼ਰੋਖ਼ਤ ਵਿੱਚ ਵੀ ਵੱਡੇ ਪੱਧਰ 'ਤੇ ਕਥਿਤ ਵਿੱਤੀ ਹੇਰ-ਫੇਰ ਦੀ ਆਸ਼ੰਕਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਨਿਰਪੱਖ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਦੇਖ-ਰੇਖ ਹੇਠ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। ਸਰੂਪ ਚੰਦ ਸਿੰਗਲਾ ਨੇ ਮੰਗ ਕੀਤੀ ਹੈ ਕਿ ਜਾਂਚ ਏਜੰਸੀਆਂ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦਿੱਗਜਾਂ ਅਤੇ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਕਰਨ ਅਤੇ ਜਨਤਾ ਦੀ ਕਮਾਈ ਵਾਂਗ ਖ਼ਰਚੇ ਗਏ ਪੈਸੇ ਅਤੇ ਕ੍ਰਿਕਟ ਦੇ ਨਾਂ 'ਤੇ ਹੋਏ ਇਸ ਕਥਿਤ ਘੋਟਾਲੇ ਦਾ ਪੂਰਾ ਸੱਚ ਜਨਤਕ ਕਰਨ।
- Download Babushahi App
-
-