ਵਿਧਾਇਕ ਗਿਆਸਪੁਰਾ ਨੇ 28 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ
ਮਾਨ ਸਰਕਾਰ ਨੇ ਸਾਢੇ ਚਾਰ ਸਾਲ ਅੰਦਰ 70 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ - ਵਿਧਾਇਕ ਗਿਆਸਪੁਰਾ
ਕਾਂਗਰਸ ਨੇ ਘਰ ਘਰ ਨੌਕਰੀ ਦਾ ਵਾਅਦਾ ਕਰਕੇ ਸਿਰਫ਼ ਕੋਟਲੀ ਪਰਿਵਾਰ ਦੇ ਪੁੱਤ ਨੂੰ ਡੀਐਸਪੀ ਲਾਇਆ - ਗਿਆਸਪੁਰਾ
ਅਕਾਲੀ-ਭਾਜਪਾ ਗਠਜੋੜ ਕਦੇ ਅੰਦਰਖਾਤੇ ਟੁੱਟਿਆ ਹੀ ਨਹੀਂ, ਪੰਜਾਬ ਦੇ ਲੋਕ ਕਦੇ ਮੂੰਹ ਨਹੀਂ ਲਾਉਣਗੇ
Ravinder singh
ਹਲਕਾ ਪਾਇਲ ਦੇ ਲੋਕਾਂ ਲਈ ਰੁਜ਼ਗਾਰ ਦੇ ਖੇਤਰ ਵਿੱਚ ਉਸ ਸਮੇਂ ਖੁਸ਼ੀ ਦਾ ਮਾਹੌਲ ਬਣ ਗਿਆ, ਜਦੋਂ ਦਾਣਾ ਮੰਡੀ ਪਾਇਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ 12 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ 16 ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ ਪੱਤਰ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਗਏ। ਨਿਯੁਕਤੀ ਪੱਤਰ ਮਿਲਣ ਮੌਕੇ ਮੁਲਾਜ਼ਮਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਵੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇਣ ਦੀ ਨੀਤੀ ਤਹਿਤ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜੋ ਪੰਜਾਬ ਦੇ ਨੌਜਵਾਨਾਂ ਲਈ ਵੱਡੀ ਪ੍ਰਾਪਤੀ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਹਲਕਾ ਪਾਇਲ ਦੇ ਨੌਜਵਾਨਾਂ ਨੂੰ ਹੁਣ ਤੱਕ ਲਗਭਗ 1250 ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ। ਗਿਆਸਪੁਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਗਈ ਹੈ। ਉਨ੍ਹਾਂ ਪਿਛਲੀ ਕਾਂਗਰਸ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਦੇ ਬੱਚਿਆਂ ਲਈ ਸਰਕਾਰੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ।
ਉਨ੍ਹਾਂ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਦਿੱਤੀਆਂ ਸਰਕਾਰੀ ਨੌਕਰੀਆਂ ਦਾ ਰਿਕਾਰਡ ਜਨਤਕ ਕਰਨ। ਗਿਆਸਪੁਰਾ ਨੇ ਕੋਟਲੀ ਪਰਿਵਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਮ ਪਰਿਵਾਰਾਂ ਦੇ ਨੌਜਵਾਨਾਂ ਦੀ ਬਜਾਏ ਸਿਆਸੀ ਤੌਰ ’ਤੇ ਪ੍ਰਭਾਵਸ਼ਾਲੀ ਪਰਿਵਾਰਾਂ ਨੂੰ ਤਰਜੀਹ ਮਿਲਦੀ ਰਹੀ। ਕਾਂਗਰਸ ਨੇ ਸਿਰਫ਼ ਕੋਟਲੀ ਪਰਿਵਾਰ ਦੇ ਪੁੱਤ ਨੂੰ ਡੀਐਸਪੀ ਲਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਭਰਤੀ ਪ੍ਰਕਿਰਿਆ ਨੂੰ ਯੋਗਤਾ ਅਤੇ ਪਾਰਦਰਸ਼ਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ।
ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗਠਜੋੜ ਸਬੰਧੀ ਪੁੱਛੇ ਸਵਾਲ ’ਤੇ ਵਿਧਾਇਕ ਗਿਆਸਪੁਰਾ ਨੇ ਦੋਵਾਂ ਪਾਰਟੀਆਂ ’ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਦੇ ਕੰਮਕਾਜ ਨੂੰ ਚੰਗੀ ਤਰ੍ਹਾਂ ਦੇਖ ਚੁੱਕੇ ਹਨ ਅਤੇ ਹੁਣ ਉਹ ਵਿਕਾਸ, ਰੁਜ਼ਗਾਰ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਦੋਵਾਂ ਪਾਰਟੀਆਂ ਦੇ ਰਿਸ਼ਤੇ ਨੂੰ ‘ਪਤੀ-ਪਤਨੀ’ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਸਿਰਫ਼ ਭੂਮਿਕਾਵਾਂ ਬਦਲੀਆਂ ਹਨ, ਪਰ ਰਿਸ਼ਤਾ ਉਹੀ ਹੈ। ਉਨ੍ਹਾਂ ਤਿੱਖੇ ਸ਼ਬਦਾਂ ਵਿੱਚ ਭਾਜਪਾ ਅਤੇ ਅਕਾਲੀ ਦਲ ਦੀ ਆਲੋਚਨਾ ਵੀ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਨੂੰ ਮੂੰਹ ਨਹੀਂ ਲਾਉਣਗੇ।
ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰ ਨਵਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਸ ਨੇ ਪੀਐਚਡੀ ਤੱਕ ਉੱਚ ਪੱਧਰੀ ਪੜ੍ਹਾਈ ਕੀਤੀ ਹੈ ਅਤੇ ਪਿਛਲੇ ਸੱਤ-ਅੱਠ ਸਾਲਾਂ ਤੋਂ ਸਰਕਾਰੀ ਨੌਕਰੀ ਲਈ ਲਗਾਤਾਰ ਮਿਹਨਤ ਕਰ ਰਹੀ ਸੀ। ਉਸਨੇ ਕਿਹਾ ਕਿ ਹੁਣ ਉਸ ਨੂੰ ਆਂਗਣਵਾੜੀ ਵਰਕਰ ਵਜੋਂ ਨਿਯੁਕਤੀ ਮਿਲਣ ਨਾਲ ਉਸ ਦਾ ਲੰਬੇ ਸਮੇਂ ਦਾ ਸੁਪਨਾ ਪੂਰਾ ਹੋਇਆ ਹੈ। ਨਵਦੀਪ ਕੌਰ ਨੇ ਦਾਅਵਾ ਕੀਤਾ ਕਿ ਇਸ ਵਾਰ ਨਿਯੁਕਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੋਈ ਹੈ ਅਤੇ ਯੋਗ ਉਮੀਦਵਾਰਾਂ ਨੂੰ ਮੌਕਾ ਮਿਲਿਆ ਹੈ।
- Download Babushahi App
-
-