ਆਮ ਪਰਿਵਾਰ ਦੇ ਮਿਹਨਤੀ ਨੌਜਵਾਨ ਬਣਿਆ ਮਾਰਕੀਟ ਕਮੇਟੀ ਦਾ ਚੇਅਰਮੈਨ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦਿੱਤੀਆਂ ਮੁਬਾਰਕਾਂ
ਕਾਨੂੰਨ ਮੁਤਾਬਕ ਬੰਦੀ ਸਿੰਘਾਂ ਦੀ ਹੋਣੀ ਚਾਹੀਦੀ ਰਿਹਾਈ_ਕਟਾਰੂ ਚੱਕ
ਰੋਹਿਤ ਗੁਪਤਾ, ਗੁਰਦਾਸਪੁਰ
ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਨਾਲ ਸਬੰਧਤ ਮਿਹਨਤੀ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੀ ਲੜੀ ਤਹਿਤ ਜਸਵੀਰ ਸਿੰਘ ਕਠਿਆਲੀ ਨੇ ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਰਮਨ ਬਹਿਲ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਰਹੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ ਕਿ ਇੱਕ ਆਮ ਪਰਿਵਾਰ ਵਿੱਚੋਂ ਨਿਕਲੇ ਮਿਹਨਤੀ ਨੌਜਵਾਨ ਜਸਵੀਰ ਸਿੰਘ ਕਠਿਆਲੀ ਨੂੰ ਮਾਰਕਿਟ ਕਮੇਟੀ ਦੀਨਾਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਉਨ੍ਹਾਂ ਜਸਵੀਰ ਸਿੰਘ ਕਠਿਆਲੀ, ਉਨ੍ਹਾਂ ਦੇ ਪਰਿਵਾਰ ਅਤੇ ਸਮੂਹ ਸ਼ੁਭਚਿੰਤਕਾਂ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਅਤੇ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ। ਉੱਥੇ ਹੀ ਕਟਾਰੂ ਚੱਕ ਨੇ ਬੰਦੀ ਸਿੰਘਾ ਦੀ ਰਿਹਾਈ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਾਨੂੰਨ ਮੁਤਾਬਕ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਕਿਉਂਕਿ ਉਹਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਹਨਾਂ ਦੀ ਰਿਹਾਈ ਦਾ ਸਮਰਥਨ ਕੀਤਾ ਹੈ।
ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਮੀਡੀਆ ਕਰਮੀਆਂ, ਇਲਾਕਾ ਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ ਤੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਪਾਰਟੀ ਆਗੂ ਜਸਵੀਰ ਸਿੰਘ ਕਠਿਆਲੀ ਨੂੰ ਵਧਾਈ ਅਤੇ ਆਸ਼ੀਰਵਾਦ ਦੇਣ ਲਈ ਪਹੁੰਚੇ ਹਨ।ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸਰਕਾਰ ਦੀ ਟੀਮ ਪੂਰੀ ਤਰ੍ਹਾਂ ਇੱਕਜੁੱਟ ਹੋ ਕੇ ਇਲਾਕੇ ਦੇ ਵਿਕਾਸ ਲਈ ਕੰਮ ਕਰੇਗੀ। ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਕਠਿਆਲੀ ਨੇ ਪਾਰਟੀ ਹਾਈਕਮਾਂਡ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਅਤੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਨਾਲ ਸਬੰਧਤ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਸਮਾਗਮ ਦੇ ਅੰਤ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਵੱਲੋਂ ਜਸਵੀਰ ਸਿੰਘ ਕੱਠਿਆਲੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
- Download Babushahi App
-
-