ਸਿਮਰਨਜੀਤ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ! ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ 'ਤੇ ਰਿਹਾਅ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 22 ਅਗਸਤ 2026- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਮਾਰ ਮਾਤਾ ਨਾਲ ਮਿਲਵਾਉਣ ਲਈ ਤੁਰੰਤ ਪੈਰੋਲ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ।
ਸਿਮਰਨਜੀਤ ਸਿੰਘ ਮਾਨ ਨੇ ਲਿਖਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਤਬੀਅਤ ਬਹੁਤ ਜ਼ਿਆਦਾ ਖਰਾਬ ਹੈ ਅਤੇ ਉਹ ਜ਼ਿੰਦਗੀ ਦੇ ਆਖਰੀ ਪਲਾਂ ਨਾਲ ਜੂਝ ਰਹੇ ਹਨ। ਮਾਨ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਮਾਂ ਦੇ ਅੰਤਿਮ ਸਮੇਂ ਵਿੱਚ ਉਨ੍ਹਾਂ ਦੇ ਨਾਲ ਰਹਿ ਸਕਣ।
ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਸਰਕਾਰ ਇਹ ਇਨਸਾਨੀ ਕਦਮ ਚੁੱਕਦੀ ਹੈ, ਤਾਂ ਇਸ ਨਾਲ ਪੰਜਾਬ ਵਿੱਚ ਅਮਨ-ਕਾਨੂੰਨ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਾਰੇ ਜ਼ਰੂਰੀ ਪ੍ਰੋਟੋਕੋਲ ਪੂਰੇ ਕਰਵਾਉਣ ਵਿੱਚ ਮਦਦ ਕਰਨ ਲਈ ਤਿਆਰ ਹਨ। ਇਸ ਪੱਤਰ ਦੀਆਂ ਕਾਪੀਆਂ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਅਤੇ ਡਾਇਰੈਕਟਰ ਜਨਰਲ (ਜੇਲ੍ਹਾਂ) ਆਨੰਦ ਮੋਹਨ ਨੂੰ ਵੀ ਲੋੜੀਂਦੀ ਕਾਰਵਾਈ ਲਈ ਭੇਜੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਭਾਈ ਹਵਾਰਾ ਦੀ ਮਾਤਾ ਦੀ ਵਿਗੜਦੀ ਸਿਹਤ ਦੇ ਹਵਾਲੇ ਨਾਲ ਉਨ੍ਹਾਂ ਦੀ ਪੈਰੋਲ ਸਬੰਧੀ ਮੰਗਾਂ ਚੁੱਕੀਆਂ ਗਈਆਂ ਹਨ।
- Download Babushahi App
-
-