ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ, ਭਗਵੰਤ ਮਾਨ ਸਰਕਾਰ ਨੇ ਸਿੱਖਿਆ ਖੇਤਰ ’ਚ ਲਿਆਂਦਾ ਬਦਲਾਅ: ਸੱਜਣ ਸਿੰਘ ਚੀਮਾ
ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਲੱਖ ਵਰਿਆਂ ਦੇ ਸਰਕਾਰੀ ਸਕੂਲ ਦਾ ਦੌਰਾ ਕਰਕੇ ਦਿਖਾਈਆਂ ਨਵੀਆਂ ਸਹੂਲਤਾਂ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਤਸਵੀਰ ਨੂੰ ਉਜਾਗਰ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਲੱਖ ਵਰਿਆਂ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਦਿੱਖ ਅਤੇ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਹੈ। ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ, ਸਮਾਰਟ ਕਲਾਸਰੂਮ, ਆਧੁਨਿਕ ਸਹੂਲਤਾਂ ਅਤੇ ਵਿਦਿਆਰਥੀਆਂ ਲਈ ਸੁਖਾਵਾਂ ਵਿੱਦਿਅਕ ਮਾਹੌਲ ਤਿਆਰ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਨੂੰ ਲੈ ਕੇ ਲੋਕਾਂ ਵਿੱਚ ਜੋ ਧਾਰਨਾ ਬਣੀ ਹੋਈ ਸੀ, ਉਹ ਹੁਣ ਤੇਜ਼ੀ ਨਾਲ ਬਦਲ ਰਹੀ ਹੈ। ਅੱਜ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਨਿੱਜੀ ਸਕੂਲਾਂ ਦੇ ਮੁਕਾਬਲੇ ਬਿਹਤਰ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ ਅਤੇ ਪੰਜਾਬ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਕਾਸ ਕਾਰਜਾਂ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
ਇਸ ਮੌਕੇ ਸਕੂਲ ਸਟਾਫ਼ ਵੱਲੋਂ ਵੀ ਸਕੂਲ ਵਿੱਚ ਚੱਲ ਰਹੀਆਂ ਵਿੱਦਿਅਕ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲ ਰਹੀ ਤਸਵੀਰ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਆ ਰਹੀ ਤਬਦੀਲੀ ਦਾ ਪ੍ਰਤੀਕ ਹੈ।
- Download Babushahi App
-
-