ਬਾਜ਼ੀਗਰ ਅਤੇ ਟੱਪਰੀਵਾਸ ਵੈਲਫੇਅਰ ਬੋਰਡ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਅਹਿਮ ਮੀਟਿੰਗ: 2% ਕੋਟਾ ਜਲਦ ਲਾਗੂ ਕਰਨ ਦਾ ਮਿਲਿਆ ਭਰੋਸਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 23 ਅਗਸਤ, 2026
: ਬਾਜ਼ੀਗਰ ਅਤੇ ਟੱਪਰੀਵਾਸ ਵੈਲਫੇਅਰ ਬੋਰਡ ਦੇ ਚੇਅਰਮੈਨ ਪ੍ਰਿਥੀਪਾਲ ਸਿੰਘ ਦੀ ਅਗਵਾਈ ਹੇਠ ਬੋਰਡ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਇੱਕ ਉੱਚ-ਪੱਧਰੀ ਮੀਟਿੰਗ ਕੀਤੀ ਗਈ। ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਬਾਜ਼ੀਗਰ ਭਾਈਚਾਰੇ ਦੀਆਂ ਮੁੱਖ ਮੰਗਾਂ ਅਤੇ ਸਮੱਸਿਆਵਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਬਾਜ਼ੀਗਰ ਭਾਈਚਾਰੇ ਦੇ 2 ਪ੍ਰਤੀਸ਼ਤ ਕੋਟੇ ਨੂੰ ਲਾਗੂ ਕਰਨ, ਭਾਈਚਾਰੇ ਲਈ ਭਵਨ ਦੀ ਉਸਾਰੀ ਅਤੇ ਹੋਰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ 2% ਕੋਟੇ ਦੀ ਮੰਗ ਨੂੰ ਲਾਗੂ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਰਾਜ ਸਰਕਾਰ ਬਾਜ਼ੀਗਰ ਅਤੇ ਟੱਪਰੀਵਾਸ ਭਾਈਚਾਰੇ ਦੇ ਹਰ ਛੋਟੇ-ਵੱਡੇ ਮਸਲੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਰਤੀਆ ਚੇਅਰਮੈਨ ਗੁਰਜੰਟ ਸਿੰਘ ਜਟਾਣਾ ਨੇ ਇਸ ਸਕਾਰਾਤਮਕ ਭਰੋਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਬੋਰਡ ਦੇ ਚੇਅਰਮੈਨ ਪ੍ਰਿਥੀਪਾਲ ਸਿੰਘ ਦਾ ਸਮੁੱਚੀ ਬਿਰਾਦਰੀ ਵੱਲੋਂ ਵਿਸ਼ੇਸ਼ ਧੰਨਵਾਦ ਪ੍ਰਗਟ ਕੀਤਾ ਹੈ।
- Download Babushahi App
-
-