5 ਕਰੋੜ ਮੰਗਣ ਦੇ ਦੋਸ਼ਾਂ ’ਤੇ ਡਾ. ਗੁਰਪ੍ਰੀਤ ਕੌਰ ਮਾਨ ਦਾ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਤਿੱਖਾ ਜਵਾਬ, ਕਿਹਾ- ਦੋਸ਼ ਸਾਬਤ ਕਰੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ (ਵੇਖੋ ਵੀਡੀਓ)
Babushahi Network
ਪਟਿਆਲਾ, 23 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਉਨ੍ਹਾਂ ’ਤੇ ਬਲਾਤਕਾਰ ਦੇ ਇੱਕ ਮਾਮਲੇ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ ’ਤੇ 5 ਕਰੋੜ ਦੀ ਮੰਗ ਕਰਨ ਸਬੰਧੀ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਦੋਸ਼ ਲਗਾਉਣ ਵਾਲਿਆਂ ਨੂੰ ਸਬੂਤ ਪੇਸ਼ ਕਰਨ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਟਿਆਲਾ ਵਿੱਚ ਐਤਵਾਰ ਨੂੰ ਇੱਕ ਤੀਆਂ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਅਜਿਹੇ ਦੋਸ਼ਾਂ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਿਹੜੇ ਲੋਕ ਉਨ੍ਹਾਂ ’ਤੇ ਦੋਸ਼ ਲਗਾ ਰਹੇ ਹਨ, ਉਹ ਆਪਣੇ ਦਾਅਵਿਆਂ ਨੂੰ ਸਾਬਤ ਕਰਨ।
ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਜੇਕਰ ਦੋਸ਼ ਸਾਬਤ ਨਹੀਂ ਕੀਤੇ ਜਾਂਦੇ ਤਾਂ ਦੋਸ਼ ਲਗਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੀ ਮੌਜੂਦ ਸਨ।
ਸਾਬਕਾ ਹਾਈਕੋਰਟ ਜੱਜ ਦੇ ਦੋਸ਼ਾਂ ਤੋਂ ਬਾਅਦ ਭਖਿਆ ਮਾਮਲਾ
ਇਹ ਵਿਵਾਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਸਾਹਮਣੇ ਆਇਆ। ਜਸਟਿਸ ਰਣਜੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਇੱਕ ਬਲਾਤਕਾਰ ਮਾਮਲੇ ਦੇ ਮੁਲਜ਼ਮ ਤੋਂ ਕੇਸ ਨੂੰ ਨਿਪਟਾਉਣ ਜਾਂ ਕਮਜ਼ੋਰ ਕਰਨ ਦੇ ਕਥਿਤ ਯਤਨਾਂ ਦੇ ਸਬੰਧ ਵਿੱਚ 5 ਕਰੋੜ ਦੀ ਮੰਗ ਕੀਤੀ ਸੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਦਾ ਇੱਕ ਨਜ਼ਦੀਕੀ ਰਿਸ਼ਤੇਦਾਰ ਕਥਿਤ ਤੌਰ ’ਤੇ ਮੁਲਜ਼ਮ ਦੇ ਸੰਪਰਕ ਵਿੱਚ ਸੀ ਅਤੇ ਉਸ ’ਤੇ ਰਕਮ ਦੇਣ ਲਈ ਦਬਾਅ ਪਾਇਆ ਗਿਆ।
ਡਾ. ਗੁਰਪ੍ਰੀਤ ਕੌਰ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸੀ ਤੌਰ ’ਤੇ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਹੈ। ਮਾਮਲਾ ਉਸ ਵੇਲੇ ਹੋਰ ਚਰਚਾ ਵਿੱਚ ਆ ਗਿਆ ਜਦੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਦੋ ਹਫ਼ਤਿਆਂ ਅੰਦਰ ਐਕਸ਼ਨ ਟੇਕਨ ਰਿਪੋਰਟ ਮੰਗੀ। ਇਸ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਵੱਲੋਂ ਕਿਹਾ ਗਿਆ ਕਿ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜੱਜ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
- Download Babushahi App
-
-