“ਰੁੱਖ ਲਗਾਉਣਾ ਸਭ ਤੋਂ ਵੱਡੀ ਸਮਾਜ ਸੇਵਾ : ਕੁਲਵਿੰਦਰ ਸਿੰਘ ਢਾਹਾਂ
ਬੰਗਾ 24 ਅਗਸਤ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਈਕੋ ਕਲੱਬ ਵੱਲੋਂ ਸਕੂਲ ਕੈਂਪਸ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਵਿੱਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਈਕੋ ਕਲੱਬ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨਾਲ ਖੁਦ ਰੁੱਖ ਲਗਾਏ। ਸ. ਕੁਲਵਿੰਦਰ ਸਿੰਘ ਢਾਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਕਰਨਾ ਮਨੁੱਖਤਾ ਦੀ ਸੇਵਾ ਦਾ ਹੀ ਇੱਕ ਮਹੱਤਵਪੂਰਨ ਰੂਪ ਹੈ। ਰੁੱਖ ਸਾਡੇ ਜੀਵਨ ਦਾ ਆਧਾਰ ਹਨ ਅਤੇ ਰੁੱਖ ਲਗਾਉਣਾ ਤੇ ਉਨ੍ਹਾਂ ਦੀ ਸੰਭਾਲ ਕਰਨਾ ਸਭ ਤੋਂ ਵੱਡੀ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਅੱਜ ਲਗਾਇਆ ਗਿਆ ਇੱਕ ਰੁੱਖ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ ਹਵਾ, ਛਾਂ ਅਤੇ ਸਿਹਤਮੰਦ ਵਾਤਾਵਰਣ ਦਾ ਤੋਹਫ਼ਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਹਰ ਸਾਲ ਸਕੂਲ ਵਿਚ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਆਪਣੇ ਸਿਰ ਲਵੇ । ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਕੁਦਰਤ ਨਾਲ ਪਿਆਰ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਪ੍ਰਿੰਸੀਪਲ ਵਨੀਤਾ ਚੋਟ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ, ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਾਉਣਾ ਵੀ ਹੈ। ਉਹਨਾਂ ਨੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਦਾ ਵਣ ਮਹਾਂਉਤਸਵ ਵਿੱਚ ਸ਼ਾਮਲ ਹੋਣ ਅਤੇ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦੇਣ ਲਈ ਧੰਨਵਾਦ ਕੀਤਾ। ਈਕੋ ਕਲੱਬ ਦੀ ਇੰਚਾਰਜ ਮੈਡਮ ਮੇਨਕਾ ਦੱਤਾ ਨੇ ਈਕੋ ਕਲੱਬ ਵੱਲੋਂ ਸਕੂਲ ਵਿੱਚ ਵਾਤਾਵਰਣ ਦੀ ਸੰਭਾਲ, ਪੌਦੇ ਲਗਾਉਣ ਅਤੇ ਵਿਦਿਆਰਥੀਆਂ ਨੂੰ ਕੁਦਰਤ ਪ੍ਰਤੀ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਰਮਨ ਕੁਮਾਰ, ਧਾਰਮਿਕ ਅਧਿਆਪਕ ਭਾਈ ਜੋਗਾ ਸਿੰਘ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਪੌਦੇ ਲਗਾਏ ਅਤੇ ਉਨ੍ਹਾਂ ਦੀ ਨਿਰੰਤਰ ਸੰਭਾਲ ਕਰਨ ਦਾ ਅਹਿਦ ਲਿਆ।
- Download Babushahi App
-
-