ਨਗਰ ਨਿਗਮ ਦੀ ਮੀਟਿੰਗ ਵਿੱਚ ਗੁਰਪ੍ਰੀਤ ਕੌਰ ਉੱਭਾ ਨੇ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ
ਪ੍ਰਮੋਦ ਭਾਰਤੀ
ਮੋਹਾਲੀ, 24 ਅਗਸਤ 2026
ਵਾਰਡ ਨੰਬਰ 41 ਤੋਂ ਭਾਜਪਾ ਦੀ ਮਿਊਂਸਪਲ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਦੀ ਮੀਟਿੰਗ ਦੌਰਾਨ ਵਾਰਡ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਲੋਕਾਂ ਦੀਆਂ ਅਹਿਮ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਇਨ੍ਹਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ।
ਗੁਰਪ੍ਰੀਤ ਕੌਰ ਉੱਭਾ ਨੇ ਸੈਕਟਰ 87/88 ਦੀ ਸਲਿੱਪ ਰੋਡ ’ਤੇ ਨਾਜਾਇਜ਼ ਕਬਜ਼ਿਆਂ ਅਤੇ ਸਫ਼ਾਈ ਦੀ ਮਾੜੀ ਵਿਵਸਥਾ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸੜਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਯਕੀਨੀ ਬਣਾਉਣ ਦੇ ਨਾਲ-ਨਾਲ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਸੈਕਟਰ 80/81 ਦੇ ਪੁਲ ਦਾ ਪਿਛਲੇ 7-8 ਸਾਲਾਂ ਤੋਂ ਚਾਲੂ ਨਾ ਹੋਣ ਦਾ ਮਾਮਲਾ ਵੀ ਨਗਰ ਨਿਗਮ ਦੇ ਧਿਆਨ ਵਿੱਚ ਲਿਆਂਦਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਕੰਮ ਨੂੰ ਜਲਦ ਮੁਕੰਮਲ ਕਰਵਾਉਣ ਦੀ ਮੰਗ ਕੀਤੀ।
ਉਨ੍ਹਾਂ ਨੇ ਪਿੰਡ ਸੰਭਾਲਕੀ ਦੀ ਲਗਭਗ 9 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਵੀ ਗੰਭੀਰਤਾ ਨਾਲ ਉਠਾਇਆ ਅਤੇ ਸਰਕਾਰੀ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ।
ਗੁਰਪ੍ਰੀਤ ਕੌਰ ਉੱਭਾ ਨੇ ਸੰਭਾਲਕੀ, ਨਨੂੰ ਮਾਜਰਾ, ਸੈਕਟਰ 85, 86 ਅਤੇ 88 ਸਮੇਤ ਵਾਰਡ ਨੰਬਰ 41 ਦੇ ਵੱਖ-ਵੱਖ ਇਲਾਕਿਆਂ ਵਿੱਚ ਸੈਨਿਟੇਸ਼ਨ, ਗੰਦੇ ਪਾਣੀ ਦੀ ਨਿਕਾਸੀ ਅਤੇ ਪਾਰਕਾਂ ਦੀ ਸਹੀ ਸਾਂਭ-ਸੰਭਾਲ ਨਾ ਹੋਣ ਸਬੰਧੀ ਵੀ ਨਗਰ ਨਿਗਮ ਦੇ ਮੇਅਰ ਸ. ਸਰਬਜੀਤ ਸਿੰਘ, ਵਿਧਾਇਕ ਕੁਲਵੰਤ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦਾ ਧਿਆਨ ਖਿੱਚਿਆ।
ਉਨ੍ਹਾਂ ਕਿਹਾ ਕਿ ਵਾਰਡ ਨੰਬਰ 41 ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਵਾਰਡ ਨੰਬਰ 41 ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਹ ਅੱਗੇ ਵੀ ਲੋਕਾਂ ਦੀ ਆਵਾਜ਼ ਨੂੰ ਨਗਰ ਨਿਗਮ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ ਸਾਹਮਣੇ ਪੂਰੀ ਮਜ਼ਬੂਤੀ ਨਾਲ ਉਠਾਉਂਦੇ ਰਹਿਣਗੇ ਅਤੇ ਵਾਰਡ ਦੇ ਵਿਕਾਸ ਲਈ ਲਗਾਤਾਰ ਯਤਨ ਕਰਦੇ ਰਹਿਣਗੇ।
- Download Babushahi App
-
-