ਜਗਰਾਉਂ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ-ਪਬਲਿਕ ਮੀਟਿੰਗ
ਪਬਲਿਕ ਨਾਲ ਰਾਬਤਾ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਮੀਟਿੰਗ ਦਾ ਮੁੱਖ ਮਕਸਦ : ਐਸ.ਐਸ.ਪੀ. ਡਾ. ਅੰਕੁਰ ਗੁਪਤਾ
ਜਗਰਾਉਂ, 24 ਅਗਸਤ (ਦੀਪਕ ਜੈਨ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਨਸ਼ਿਆਂ ਸਮੇਤ ਹੋਰ ਸਮਾਜਿਕ ਸਮੱਸਿਆਵਾਂ ਬਾਰੇ ਲੋਕਾਂ ਦੀ ਰਾਇ ਜਾਣਨ ਲਈ ਜਗਰਾਉਂ ਵਿਖੇ ਪੁਲਿਸ-ਪਬਲਿਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਡਾ. ਅੰਕੁਰ ਗੁਪਤਾ ਨੇ ਕੀਤੀ।
ਇਸ ਮੌਕੇ ਐਸ.ਐਸ.ਪੀ. ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਪੁਲਿਸ-ਪਬਲਿਕ ਮੀਟਿੰਗਾਂ ਦਾ ਮੁੱਖ ਮਕਸਦ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਰਾਬਤਾ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸੁਣ ਕੇ ਉਨ੍ਹਾਂ ਦਾ ਬਣਦਾ ਹੱਲ ਕਰਵਾਉਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਵਰਤੋਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਿਰਫ਼ ਪੁਲਿਸ ਦੀ ਮੁਹਿੰਮ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰੇਕ ਵਰਗ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਜੇਕਰ ਪੁਲਿਸ ਅਤੇ ਪਬਲਿਕ ਮਿਲ ਕੇ ਕੰਮ ਕਰਨ ਤਾਂ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ।
ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਲੋਕਾਂ ਵੱਲੋਂ ਇਲਾਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਪੁਲਿਸ ਨਾਲ ਜੁੜੇ ਮਾਮਲੇ ਵੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਗਏ।
ਐਸ.ਐਸ.ਪੀ. ਡਾ. ਅੰਕੁਰ ਗੁਪਤਾ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦਿਵਾਉਣਾ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ।
ਇਸ ਮੌਕੇ ਐਸ.ਪੀ. ਸਰਵਣਜੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਢੀਡਸਾ, ਇੰਸਪੈਕਟਰ ਪਰਮਿੰਦਰ ਸਿੰਘ ਅਤੇ ਥਾਣਾ ਸਦਰ ਜਗਰਾਉਂ ਦੇ ਮੁੱਖ ਅਫ਼ਸਰ ਸੁਖਵਿੰਦਰ ਸਿੰਘ ਦਿਓਲ ਸਮੇਤ ਪੁਲਿਸ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ।
ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਹੋ ਰਹੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਜਗਰਾਉਂ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਸਾਂਝੇ ਤੌਰ ’ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।
- Download Babushahi App
-
-