ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਸਕੂਲਾਂ ਵਿੱਚ ਗਾਈਡੈਂਸ ਅਤੇ ਨਸ਼ੇ ਵਿਰੁੱਧ ਚਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ
ਰੋਹਿਤ ਗੁਪਤਾ
ਬਟਾਲਾ /ਫਤਿਹਗੜ੍ਹ ਚੂੜੀਆਂ , 25 ਅਗਸਤ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਅੱਜ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਗਾਈਡੈਂਸ ਅਤੇ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੀਵਾਲ, ਸਕੂਲ ਆਫ਼ ਐਮੀਨੈਂਸ ਲੜਕੀਆਂ ਬਟਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਏ-ਕੇ-ਬਾਂਗਰ ਦਾ ਵਿਜ਼ਿਟ ਕੀਤਾ ਗਿਆ। ਜ਼ਿਲ੍ਹਾ ਗਾਈਡੈਂਸ ਕੌਂਸਲਰ ਵੱਲੋਂ ਸਕੂਲਾਂ ਵਿੱਚ ਗਾਈਡੈਂਸ ਨਾਲ ਸਬੰਧਤ ਗਤੀਵਿਧੀਆਂ, ਗਾਈਡੈਂਸ ਕਾਰਨਰ, ਰਿਕਾਰਡ ਦੀ ਸੰਭਾਲ ਅਤੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਦਿੱਤੀ ਜਾ ਰਹੀ ਰਹਿਨੁਮਾਈ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।
ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਮੁਕੇਸ਼ ਵਰਮਾ ਅਤੇ ਬਲਾਕ ਗਾਈਡੈਂਸ ਕੌਂਸਲਰ ਸ੍ਰੀ ਸਰਬਜੀਤ ਸਿੰਘ ਚੱਠਾ ਵੱਲੋਂ ਸਬੰਧਤ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੌਜੂਦਗੀ ਵਿੱਚ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਮੁਕੇਸ਼ ਵਰਮਾ ਨੇ ਕਿਹਾ ਕਿ ਸਕੂਲ ਸਿਰਫ਼ ਸਿੱਖਿਆ ਪ੍ਰਦਾਨ ਕਰਨ ਦੇ ਕੇਂਦਰ ਨਹੀਂ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਕਰੀਅਰ ਦਿਸ਼ਾ-ਨਿਰਦੇਸ਼ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਬਲਾਕ ਗਾਈਡੈਂਸ ਕੌਂਸਲਰ ਸਰਬਜੀਤ ਸਿੰਘ ਚੱਠਾ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ ਵਰਗੀਆਂ ਰਚਨਾਤਮਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਹੋ ਰਹੀ ਹੈ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਏ-ਕੇ-ਬਾਂਗਰ ਵਿੱਚ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਸਕੂਲ ਆਫ਼ ਐਮੀਨੈਂਸ ਦੀ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਸ਼ਰਮਾ, ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੀਵਾਲ ਦੇ ਪ੍ਰਿੰਸੀਪਲ ਬਲਵਿੰਦਰ ਪਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਏ-ਕੇ-ਬਾਂਗਰ ਦੇ ਇੰਚਾਰਜ ਸੁਰਿੰਦਰ ਸਿੰਘ, ਲੈਕਚਰਰ ਹਰਪ੍ਰੀਤ ਸਿੰਘ, ਲੈਕਚਰਰ ਅਵਿਨਾਸ਼, ਡਾ. ਅਰੁਣ ਤੋਂ ਇਲਾਵਾ ਸਕੂਲਾਂ ਦਾ ਸਟਾਫ਼ ਅਤੇ ਵਿਦਿਆਰਥੀ ਵੀ ਮੌਜੂਦ ਸਨ।
- Download Babushahi App
-
-