ਪੰਜਾਬ ਚ ਸਰਕਾਰੀ ਮੁਲਾਜ਼ਮਾਂ ਦੀ ਮਹਾ ਹੜਤਾਲ ਕਾਰਨ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਾ ? ਪੜ੍ਹੋ
ਬਾਬੂਸ਼ਾਹੀ ਬਿਊਰੋ
ਲੁਧਿਆਣਾ 27 ਅਗਸਤ, 2026: ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀਆਂ ਅਤੇ 4 ਲੱਖ ਤੋਂ ਵੱਧ ਪੈਨਸ਼ਨਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਅੱਜ ਪੂਰੇ ਸੂਬੇ ਵਿੱਚ ਮੁਕੰਮਲ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਕਾਰਨ ਸਾਰੇ ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ, ਖ਼ਜ਼ਾਨਾ ਦਫ਼ਤਰ ਅਤੇ ਹਸਪਤਾਲਾਂ ਦੀਆਂ ਆਊਟਪੇਸ਼ੈਂਟ ਵਿਭਾਗ (OPD) ਸੇਵਾਵਾਂ ਪੂਰੀ ਤਰ੍ਹਾਂ ਬੰਦ ਹਨ। ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ ਅਧਿਕਾਰੀਆਂ ਦੀਆਂ ਸਰਕਾਰੀ ਕਾਰਾਂ ਚਲਾਉਣ ਵਾਲੇ ਡਰਾਈਵਰਾਂ ਅਤੇ ਐਸਆਈਆਰ (SIR) ਵਰਕਰਾਂ ਦੇ ਵੀ ਹੜਤਾਲ 'ਤੇ ਹੋਣ ਕਾਰਨ ਪ੍ਰਸ਼ਾਸਨਿਕ ਕੰਮਕਾਜ ਠੱਪ ਹੋ ਗਿਆ ਹੈ। ਹਾਲਾਂਕਿ, ਵਿੱਤ ਮੰਤਰੀ ਨਾਲ ਹੋਈ ਮੀਟਿੰਗ ਅਤੇ ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਸਰਕਾਰੀ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਹੜਤਾਲ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ।
ਇਸ ਆਮ ਹੜਤਾਲ ਦੇ ਵਿਚਕਾਰ, ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦੇ ਅੱਜ ਦੁਪਹਿਰ 1 ਵਜੇ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਯੂਨੀਅਨਾਂ ਨੇ ਸਪੱਸ਼ਟ ਕੀਤਾ ਹੈ ਕਿ ਮੁਲਾਕਾਤ ਦੇ ਨਾਲ-ਨਾਲ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਸਾਂਝਾ ਮੁਲਾਜ਼ਿਮ ਮੰਚ ਦੇ ਕਨਵੀਨਰ ਹਰਨੇਕ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਵਿੱਚ 200 ਤੋਂ 250 ਦੇ ਲਗਭਗ ਛੋਟੇ-ਵੱਡੇ ਕਰਮਚਾਰੀ ਸੰਗਠਨ ਇੱਕਜੁੱਟ ਹੋਏ ਹਨ। ਉਨ੍ਹਾਂ ਆਮ ਜਨਤਾ ਨੂੰ ਅੱਜ ਸਰਕਾਰੀ ਦਫ਼ਤਰਾਂ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਸੜਕ ਜਾਮ ਨਹੀਂ ਕੀਤੀ ਜਾਵੇਗੀ ਅਤੇ ਨਿਜੀ ਅਦਾਰੇ, ਬਾਜ਼ਾਰ ਤੇ ਆਵਾਜਾਈ ਆਮ ਵਾਂਗ ਚੱਲਣਗੇ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੁੱਖ ਸਲਾਹਕਾਰ ਸੁਨੀਲ ਕੁਮਾਰ ਅਨੁਸਾਰ, ਅੱਜ ਸਾਰੇ ਕਰਮਚਾਰੀ ਜ਼ਿਲ੍ਹਾ ਪੱਧਰ 'ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਆਪਣਾ ਰੋਸ ਪ੍ਰਗਟ ਕਰਨਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਡੀਏ (DA) ਦਾ ਕੇਸ ਉਹ ਅਦਾਲਤ ਵਿੱਚ ਪਹਿਲਾਂ ਹੀ ਜਿੱਤ ਚੁੱਕੇ ਹਨ ਅਤੇ ਇਹ ਹੜਤਾਲ ਬਾਕੀ ਲਟਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੀਤੀ ਜਾ ਰਹੀ ਹੈ।
- Download Babushahi App
-
-