ਡੀ.ਏ. ਅਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਭਰ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ: ਬਰਨਾਲਾ ਡੀਸੀ ਦਫ਼ਤਰ ਸਮੇਤ ਸਾਰੀਆਂ ਸਰਕਾਰੀ ਸੰਸਥਾਵਾਂ 'ਚ ਛਾਇਆ ਸੰਨਾਟਾ
Kamaljeet Singh
ਬਰਨਾਲਾ, 27 ਅਗਸਤ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਡੀ.ਏ. ਦੀ ਬਕਾਇਆ ਕਿਸ਼ਤ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਅਹਿਮ ਮੰਗਾਂ ਨੂੰ ਲੈ ਕੇ ਅੱਜ ਪੂਰੇ ਸੂਬੇ ਵਿੱਚ ਮੁਕੰਮਲ ਹੜਤਾਲ ਕੀਤੀ ਗਈ। ਕਰਮਚਾਰੀ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੰਜਾਬ ਕਰਮਚਾਰੀ ਮੰਚ ਦੇ ਸੱਦੇ 'ਤੇ 200 ਤੋਂ ਵੱਧ ਮੁਲਾਜ਼ਮ ਜਥੇਬੰਦੀਆਂ ਨੇ ਇੱਕਮੁੱਠ ਹੋ ਕੇ ਸਰਕਾਰੀ ਕੰਮਕਾਜ ਦਾ ਪੂਰੀ ਤਰ੍ਹਾਂ ਬਾਇਕਾਟ ਕੀਤਾ। ਇਸ ਰੋਸ ਪ੍ਰਦਰਸ਼ਨ ਵਿੱਚ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਵੀ ਮੁਲਾਜ਼ਮਾਂ ਦਾ ਖੁੱਲ੍ਹ ਕੇ ਸਮਰਥਨ ਕੀਤਾ ਗਿਆ।
ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਬਰਨਾਲਾ ਵਿਖੇ ਸਰਕਾਰੀ ਕਰਮਚਾਰੀਆਂ ਨੇ ਆਪਣੇ-ਆਪਣੇ ਦਫ਼ਤਰਾਂ ਨੂੰ ਤਾਲੇ ਲਗਾ ਕੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਦਫ਼ਤਰਾਂ ਨੂੰ ਤਾਲੇ ਲੱਗੇ ਹੋਣ ਕਾਰਨ ਅੰਦਰ ਪੂਰੀ ਤਰ੍ਹਾਂ ਸੰਨਾਟਾ ਛਾਇਆ ਰਿਹਾ ਅਤੇ ਆਪਣੇ ਕੰਮਕਾਜ ਲਈ ਆਏ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਪਰ ਸਮਾਂ ਬੀਤਣ ਦੇ ਬਾਵਜੂਦ ਮੰਗਾਂ ਨੂੰ ਲਮਕਾਇਆ ਜਾ ਰਿਹਾ ਹੈ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ 18% ਡੀ.ਏ. ਤੁਰੰਤ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 15/01/2015 ਅਤੇ 17/07/2020 ਦੇ ਨੋਟੀਫਿਕੇਸ਼ਨ ਰੱਦ ਕਰਨਾ ਅਤੇ ਘੱਟ ਵੇਤਨ 'ਤੇ ਕੰਮ ਕਰਦੇ ਕੱਚੇ (ਅਸਥਾਈ) ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ਾਮਲ ਹੈ। ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਹੱਥਾਂ ਵਿੱਚ ਆਪਣੀਆਂ ਜਥੇਬੰਦੀਆਂ ਦੇ ਝੰਡੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਬਰਨਾਲਾ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਵੀ ਕੱਢਿਆ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਜਲਦ ਨਾ ਮੰਨੀਆਂ ਤਾਂ 2027 ਦੀਆਂ ਚੋਣਾਂ ਵਿੱਚ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।
ਇਸ ਆਮ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ, ਸਰਕਾਰ ਅਤੇ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਵਿਚਕਾਰ ਚੰਡੀਗੜ੍ਹ ਵਿਖੇ ਇੱਕ ਅਹਿਮ ਬੈਠਕ ਵੀ ਚੱਲ ਰਹੀ ਹੈ, ਜਿਸ ਦੇ ਨਤੀਜਿਆਂ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
- Download Babushahi App
-
-