BIG BREAKING: ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਹੋਣ ਵਾਲੀ ਮੀਟਿੰਗ ਰੱਦ- ਸੂਤਰ
ਪ੍ਰਭਜੋਤ ਕੌਰ ਸਿੱਧੂ
ਚੰਡੀਗੜ੍ਹ, 27 ਅਗਸਤ 2026: ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ, ਪੰਜਾਬ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਅੱਜ ਹੋਣ ਵਾਲੀ ਅਹਿਮ ਮੀਟਿੰਗ ਰੱਦ ਹੋ ਗਈ ਹੈ। CM ਭਗਵੰਤ ਮਾਨ ਵੱਲੋਂ ਮੁਲਾਜ਼ਮ ਆਗੂਆਂ ਨਾਲ ਦੁਪਹਿਰ 1 ਵਜੇ ਗੱਲਬਾਤ ਕੀਤੀ ਜਾਣੀ ਸੀ। ਮੀਟਿੰਗ ਰੱਦ ਹੋਣ ਨਾਲ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਚੱਲ ਰਿਹਾ ਟਕਰਾਅ ਹੋਰ ਵਧਣ ਦੇ ਆਸਾਰ ਹਨ।
ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਹੜਤਾਲ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਇਸ ਦੌਰਾਨ ਇੱਕ ਮੁਲਾਜ਼ਮ ਆਗੂ ਨੇ ਬਾਬੂਸ਼ਾਹੀ ਨੂੰ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਮੁਲਾਜ਼ਮ ਆਗੂ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਹੜਤਾਲ ਖ਼ਤਮ ਕਰਨ ਦਾ ਐਲਾਨ ਕਰਦੇ ਹਨ ਤਾਂ ਮੁੱਖ ਮੰਤਰੀ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਤਿਆਰ ਹਨ।
ਹਾਲਾਂਕਿ ਮੁਲਾਜ਼ਮ ਆਗੂਆਂ ਨੇ ਇਸ ਸ਼ਰਤ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹੜਤਾਲ ਜਾਰੀ ਹੈ ਅਤੇ ਉਹ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਵਾਪਸ ਨਹੀਂ ਲੈਣਗੇ। ਮੁਲਾਜ਼ਮ ਜਥੇਬੰਦੀਆਂ ਦੀਆਂ ਮੁੱਖ ਮੰਗਾਂ ਵਿੱਚ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਜਾਰੀ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਸ਼ਾਮਲ ਹੈ। ਮੀਟਿੰਗ ਰੱਦ ਹੋਣ ਮਗਰੋਂ ਪੰਜਾਬ ਦੇ ਮੁਲਾਜ਼ਮਾਂ ਵਿੱਚ ਰੋਸ ਹੋਰ ਤੇਜ਼ ਹੋ ਗਿਆ ਹੈ ਅਤੇ ਸਰਕਾਰ ਤੇ ਜਥੇਬੰਦੀਆਂ ਵਿਚਾਲੇ ਗੱਲਬਾਤ ਦਾ ਅਗਲਾ ਦੌਰ ਕਦੋਂ ਹੋਵੇਗਾ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ।
- Download Babushahi App
-
-