ਕੈਨੇਡਾ ’ਚ ਗੈਂਗਸਟਰਾਂ, ਜਬਰੀ ਵਸੂਲੀ ਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਦੀ ਰਣਨੀਤੀ ’ਤੇ ਰੂਬੀ ਸਹੋਤਾ ਨਾਲ ਗੰਭੀਰ ਵਿਚਾਰ-ਵਟਾਂਦਰਾ
ਸਹੋਤਾ ਨਾਲ ਮੁਲਾਕਾਤ ਤੋਂ ਅਪਰਾਧ ਸਿੰਡੀਕੇਟ ਨਾਲ ਨਜਿੱਠਣ ਲਈ ਮਿਲੀ ਅਹਿਮ ਜਾਣਕਾਰੀ: ਦੀਵਾਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 27 ਅਗਸਤ, 2026
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ, ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨੇ ਬਰੈਂਪਟਨ ਨਾਰਥ ਤੋਂ ਕੈਨੇਡੀਅਨ ਸੰਸਦ ਮੈਂਬਰ ਰੂਬੀ ਸਹੋਤਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਕੈਨੇਡਾ ਵਿੱਚ ਵਧ ਰਹੇ ਅਪਰਾਧ, ਗੈਂਗਸਟਰਵਾਦ, ਜਬਰੀ ਵਸੂਲੀ, ਗੋਲੀਬਾਰੀ ਅਤੇ ਨਸ਼ਾ ਤਸਕਰੀ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਅਪਣਾਈ ਜਾ ਰਹੀ ਰਣਨੀਤੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਰੂਬੀ ਸਹੋਤਾ ਇਸ ਸਮੇਂ ਕੈਨੇਡਾ ਵਿੱਚ ਅਪਰਾਧ ਨਾਲ ਨਜਿੱਠਣ ਨਾਲ ਸਬੰਧਤ ਸਟੇਟ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਕੈਨੇਡਾ ਦੀ ਲਿਬਰਲ ਪਾਰਟੀ ਦੇ ਨੈਸ਼ਨਲ ਵਾਈਸ-ਪ੍ਰੈਜ਼ੀਡੈਂਟ ਹਰਦਮ ਮਾਂਗਟ ਅਤੇ ਅਮਰਪ੍ਰੀਤ ਔਲਖ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਰੂਬੀ ਸਹੋਤਾ ਨੇ ਕੈਨੇਡਾ ਵਿੱਚ ਅਪਰਾਧਿਕ ਗਤੀਵਿਧੀਆਂ, ਗੈਂਗਸਟਰ ਨੈੱਟਵਰਕ, ਜਬਰੀ ਵਸੂਲੀ ਅਤੇ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਹੇਠ ਇਨ੍ਹਾਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਮੇਅਰਾਂ, ਸੂਬਾਈ ਮੰਤਰੀਆਂ, ਲੋਕ ਰੱਖਿਆ ਮੰਤਰੀ, ਸੰਸਦ ਮੈਂਬਰਾਂ, ਪੁਲਿਸ ਮੁਖੀਆਂ, ਆਰਸੀਐਮਪੀ ਅਤੇ ਸੀਬੀਐਸਏ ਦੇ ਅਧਿਕਾਰੀਆਂ ਨੂੰ ਇੱਕ ਸਾਂਝੀ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਪਰਾਧ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਵਿੱਤੀ ਸਰੋਤ ਵੀ ਮੁਹੱਈਆ ਕਰਵਾਏ ਜਾ ਰਹੇ ਹਨ।
ਦੀਵਾਨ ਅਤੇ ਸਤਵੀਰ ਨੇ ਦੱਸਿਆ ਕਿ ਸਹੋਤਾ ਨੇ ਉਨ੍ਹਾਂ ਨੂੰ ਕੈਨੇਡੀਅਨ ਸੰਸਦ ਵੱਲੋਂ ਅਪਰਾਧ ਨਾਲ ਨਜਿੱਠਣ ਲਈ ਕੀਤੀਆਂ ਗਈਆਂ ਕਾਨੂੰਨੀ ਤਬਦੀਲੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਨ੍ਹਾਂ ਤਹਿਤ ਪੁਲਿਸ ਨੂੰ ਸ਼ੱਕੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਅਪਰਾਧ ਨਾਲ ਸਬੰਧਤ ਥਾਵਾਂ ਦੀ ਜਾਂਚ ਤੇ ਤਲਾਸ਼ੀ ਲਈ ਵਧੇਰੇ ਪ੍ਰਭਾਵਸ਼ਾਲੀ ਅਧਿਕਾਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਉਣ ਦੇ ਨਾਲ-ਨਾਲ ਅਪਰਾਧੀਆਂ ਦੀ ਸੁਧਾਰ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਅਤੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਜ਼ਮਾਨਤ ਦੇਣ ਸਬੰਧੀ ਸਖ਼ਤ ਪਹੁੰਚ ਅਪਣਾਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਕੈਨੇਡਾ ਅਤੇ ਅਮਰੀਕਾ ਦੀਆਂ ਏਜੰਸੀਆਂ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਸਾਂਝੀਆਂ ਕਾਰਵਾਈਆਂ ਦੇ ਨਤੀਜੇ ਵੀ ਸਾਹਮਣੇ ਆ ਰਹੇ ਹਨ।
ਰੂਬੀ ਸਹੋਤਾ ਨੇ ਸਪੱਸ਼ਟ ਕੀਤਾ ਕਿ ਜਬਰੀ ਵਸੂਲੀ ਕਰਨ ਵਾਲਿਆਂ, ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਹੋਰ ਸੰਗਠਿਤ ਅਪਰਾਧੀਆਂ ਖ਼ਿਲਾਫ਼ ਕਾਰਵਾਈ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਤੱਤਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਪਵਨ ਦੀਵਾਨ ਅਤੇ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਹਾ ਕਿ ਰੂਬੀ ਸਹੋਤਾ ਨਾਲ ਹੋਈ ਇਹ ਮੁਲਾਕਾਤ ਬੇਹੱਦ ਲਾਹੇਵੰਦ ਅਤੇ ਜਾਣਕਾਰੀ ਭਰਪੂਰ ਰਹੀ। ਉਨ੍ਹਾਂ ਕਿਹਾ ਕਿ ਕੈਨੇਡਾ ਵੱਲੋਂ ਸੰਗਠਿਤ ਅਪਰਾਧ, ਗੈਂਗਸਟਰਵਾਦ, ਜਬਰੀ ਵਸੂਲੀ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਅਪਣਾਈ ਜਾ ਰਹੀ ਬਹੁ-ਪੱਖੀ ਰਣਨੀਤੀ ਤੋਂ ਕਾਫ਼ੀ ਅਹਿਮ ਜਾਣਕਾਰੀ ਹਾਸਲ ਹੋਈ ਹੈ।
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਅਪਰਾਧ ਸਿੰਡੀਕੇਟ ਦੀ ਕਾਰਜਪ੍ਰਣਾਲੀ, ਇਸ ਦੇ ਨੈੱਟਵਰਕ ਨੂੰ ਤੋੜਨ ਲਈ ਕਾਨੂੰਨੀ ਅਤੇ ਪੁਲਿਸੀ ਕਾਰਵਾਈ ਅਤੇ ਵੱਖ-ਵੱਖ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਵਰਗੇ ਅਹਿਮ ਪੱਖਾਂ ’ਤੇ ਹੋਈ ਚਰਚਾ ਖਾਸ ਤੌਰ ’ਤੇ ਮਹੱਤਵਪੂਰਨ ਰਹੀ। ਦੀਵਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਨਾਲ ਨਜਿੱਠਣ ਲਈ ਸਖ਼ਤ ਕਾਨੂੰਨ, ਪ੍ਰਭਾਵਸ਼ਾਲੀ ਲਾਗੂਕਰਨ ਅਤੇ ਏਜੰਸੀਆਂ ਵਿਚਕਾਰ ਮਜ਼ਬੂਤ ਤਾਲਮੇਲ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ।
- Download Babushahi App
-
-