ਅਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ ਦਾ CM Mann 'ਤੇ ਨਿਸ਼ਾਨਾ
"ਮੁਲਾਜ਼ਮਾਂ ਨਾਲ ਧੱਕਾ ਕਰਨ ਦੀ ਬਜਾਏ ਬਾਦਲ ਸਾਹਿਬ ਤੋਂ ਲੈਣ ਸਿੱਖਿਆ"
ਕੁਲਵਿੰਦਰ ਸਿੰਘ/ ਬਾਬੂਸ਼ਾਹੀ ਬਿਊਰੋ
ਅਮ੍ਰਿਤਸਰ 28 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਆਏ ਹਨ, ਜਿਨ੍ਹਾਂ ਨੇ ਗੁਰੂ-ਦੋਖੀ ਲੋਕਾਂ ਦੇ ਹਮਲੇ ਤੋਂ ਉਨ੍ਹਾਂ ਦੀ ਰੱਖਿਆ ਕੀਤੀ ਹੈ।
ਇਸ ਦੌਰਾਨ ਉਨ੍ਹਾਂ ਰਾਜ ਦੇ ਸਰਕਾਰੀ ਮੁਲਾਜ਼ਮਾਂ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਕੰਮ ਕਰਨ ਦੇ ਤਰੀਕੇ ਤੋਂ ਸਿੱਖਣਾ ਚਾਹੀਦਾ ਹੈ। ਵੱਡੇ ਬਾਦਲ ਸਾਹਿਬ ਹਮੇਸ਼ਾ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਦੇ ਸਨ, ਜਦਕਿ ਮੌਜੂਦਾ ਸਰਕਾਰ ਧਮਕੀਆਂ ਅਤੇ ਪੁਲਿਸ ਦੇ ਡਰ ਨਾਲ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਮੁਲਾਜ਼ਮਾਂ ਨੂੰ ਜੋ ਵੀ ਸਹੂਲਤਾਂ ਜਾਂ ਪੇ-ਕਮਿਸ਼ਨ ਮਿਲੇ ਹਨ, ਉਹ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਵੇਲੇ ਹੀ ਮਿਲੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਡੀ.ਏ. (DA) ਨਹੀਂ ਦੇ ਰਹੀ, ਜੋ ਕਿ ਅਦਾਲਤ ਦੀ ਤੌਹੀਨ ਹੈ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਦਾ ਹੱਕ ਮਾਰ ਕੇ ਅਰਬਾਂ ਰੁਪਏ ਆਪਣੇ ਇਸ਼ਤਿਹਾਰਾਂ, ਰੈਲੀਆਂ ਅਤੇ ਚੋਣ ਪ੍ਰਚਾਰ 'ਤੇ ਬਰਬਾਦ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ।
- Download Babushahi App
-
-