ਯੁੱਧ ਨਸ਼ਿਆਂ ਵਿਰੁੱਧ: ਮੁਕਤਸਰ ਪੁਲਿਸ ਨੇ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਚਲਾਈ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 28 ਅਗਸਤ 2026:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਆਮ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਬਹੁਪੱਖੀ ਰਣਨੀਤੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਇੱਕ ਪਾਸੇ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ।
ਇਸੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਪੁਲਿਸ ਟੀਮਾਂ ਤਿਆਰ ਕਰਕੇ ਪਿੰਡਾਂ ਦੀਆਂ ਸੱਥਾਂ, ਸ਼ਹਿਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ’ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ। ਇਨ੍ਹਾਂ ਸੈਮੀਨਾਰਾਂ ਦੌਰਾਨ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੁਰੱਖਿਅਤ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
1 ਜਨਵਰੀ 2026 ਤੋਂ ਹੁਣ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 552 ਜਾਗਰੂਕਤਾ ਸੈਮੀਨਾਰ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਸੈਮੀਨਾਰਾਂ ਰਾਹੀਂ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਵਿਦਿਆਰਥੀਆਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।
ਪੁਲਿਸ ਟੀਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਦੌਰਾਨ ਨਸ਼ਾ ਕਰਨ ਵਾਲੇ ਵਿਅਕਤੀਆਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ। ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਨਸ਼ਾ ਛੱਡਣ ਅਤੇ ਯੋਗ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਸਬੰਧੀ ਮਿਲੀ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਖਿਲਾਫ਼ ਛਾਪੇਮਾਰੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਦਾ ਉਦੇਸ਼ ਸਿਰਫ਼ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੀ ਨਹੀਂ, ਸਗੋਂ ਲੋਕਾਂ ਨੂੰ ਪੁਲਿਸ ਨਾਲ ਸਿੱਧਾ ਜੋੜਨਾ ਵੀ ਹੈ। ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਪਾਲਣਾ, ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਪੁਲਿਸ ਨਾਲ ਸੰਪਰਕ ਕਰਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਖਾਸ ਤੌਰ ’ਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਪੁਲਿਸ ਵੱਲੋਂ ਦਿੱਤੀ ਜਾਂਦੀ ਸਹਾਇਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਸ਼ਿਕਾਇਤ ਹੋਣ ’ਤੇ ਪੁਲਿਸ ਕੰਟਰੋਲ ਰੂਮ ਰਾਹੀਂ ਜਾਣਕਾਰੀ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਲੇਡੀ ਪੁਲਿਸ ਵੱਲੋਂ ਘਰ ਤੱਕ ਪਹੁੰਚ ਕਰਕੇ ਔਰਤਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ ਅਤੇ ਮੌਕੇ ’ਤੇ ਸੰਭਵ ਹੱਲ ਕੀਤਾ ਜਾਂਦਾ ਹੈ ਜਾਂ ਮਾਮਲੇ ਨੂੰ ਅਗਲੀ ਲੋੜੀਂਦੀ ਕਾਰਵਾਈ ਲਈ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ।
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ । ਨਸ਼ਿਆਂ ਖਿਲਾਫ਼ ਸਾਂਝੀ ਲੜਾਈ ਨੂੰ ਮਜ਼ਬੂਤ ਕਰਨ ਲਈ ਲੋਕ ਪੁਲਿਸ ਹੈਲਪਲਾਈਨ ਨੰਬਰ 80549-42100 ਜਾਂ ਐਮਰਜੈਂਸੀ ਹੈਲਪਲਾਈਨ 112 ’ਤੇ ਜਾਣਕਾਰੀ ਦੇ ਸਕਦੇ ਹਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਹੈ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲਿਸ ਦਾ ਸਾਥ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।
- Download Babushahi App
-
-