ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਲਈ ਵਿੱਦਿਅਕ ਅਦਾਰਿਆਂ ਵਿੱਚ ਲਗਾਏ ਜਾਣਗੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ
ਯੋਗ ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕਰਨ ਲਈ ਕੈਂਪਸਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼
ਫ਼ਤਹਿਗੜ੍ਹ ਸਾਹਿਬ 28 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰ ਬਣਾਉਣ ਅਤੇ ਯੋਗ ਵਿਦਿਆਰਥੀਆਂ ਦੀ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਉੱਚ ਵਿੱਦਿਅਕ ਸੰਸਥਾਵਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਕੈਂਪਸਾਂ ਵਿੱਚ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਉਣਾ ਯਕੀਨੀ ਬਣਾਉਣ। ਇਨ੍ਹਾਂ ਕੈਂਪਾਂ ਦੌਰਾਨ ਉਹ ਸਾਰੇ ਯੋਗ ਵਿਦਿਆਰਥੀ, ਜਿਨ੍ਹਾਂ ਦੀ ਉਮਰ 1 ਅਕਤੂਬਰ 2026 ਤੱਕ 18 ਸਾਲ ਹੋਣੀ ਹੈ, ਫਾਰਮ ਨੰਬਰ-6 ਭਰ ਕੇ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਦੀ ਸਹੂਲਤ ਪ੍ਰਾਪਤ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਲਈ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਪੋਰਟਲ voters.eci.gov.in ਅਤੇ ECINET ਐਪ ਦੀ ਵਰਤੋਂ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦਾ ਮਕਸਦ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼, ਸੁਖਾਲੀ ਅਤੇ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਜ਼ਿਲ੍ਹੇ ਦੇ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਹੈ।
ਉਨ੍ਹਾਂ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਵੀ ਜਾਗਰੂਕ ਕਰਨ, ਤਾਂ ਜੋ ਨੌਜਵਾਨ ਵਰਗ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਪ੍ਰਤੀ ਵਧੇਰੇ ਜਾਗਰੂਕ ਅਤੇ ਜ਼ਿੰਮੇਵਾਰ ਬਣ ਸਕੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਜੋਬਨਦੀਪ ਕੌਰ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ, ਸ੍ਰੀਮਤੀ ਰਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸ੍ਰੀ ਕਾਰਤਿਕ ਸਿੰਗਲਾ, ਸਹਾਇਕ ਸਵੀਪ ਨੋਡਲ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਉੱਚ ਵਿੱਦਿਅਕ ਅਦਾਰਿਆਂ ਦੇ ਨੁਮਾਇੰਦੇ ਹਾਜ਼ਰ ਸਨ।
- Download Babushahi App
-
-