BREAKING- ਅੰਮ੍ਰਿਤਪਾਲ ਦੇ ਸਾਥੀ ਨੂੰ ਮਿਲੀ ਸਪੈਸ਼ਲ ਪੈਰੋਲ, ਪੜ੍ਹੋ ਪੂਰੀ ਖ਼ਬਰ
ਪਿਤਾ ਦੇ ਅੰਤਿਮ ਸੰਸਕਾਰ ਲਈ ਵਿਸ਼ੇਸ਼ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਸਿੰਘ ਬੁੱਕਣਵਾਲਾ
ਮੋਗਾ, 29 ਅਗਸਤ 2026: ਮੋਗਾ ਦੇ ਪਿੰਡ ਬੁੱਕਣਵਾਲਾ ਵਾਸੀ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਆਪਣੇ ਪਿਤਾ ਬਲਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਇਆ। ਬਲਵਿੰਦਰ ਸਿੰਘ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਸੀ। ਪਿਤਾ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਗੁਰਮੀਤ ਸਿੰਘ ਨੂੰ ਬਠਿੰਡਾ ਜੇਲ੍ਹ ਤੋਂ ਵਿਸ਼ੇਸ਼ ਪੈਰੋਲ ’ਤੇ ਬਾਹਰ ਲਿਆਂਦਾ ਗਿਆ।
ਸ਼ਨੀਵਾਰ ਨੂੰ ਪਿੰਡ ਬੁੱਕਣਵਾਲਾ ਵਿੱਚ ਬਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਗੁਰਮੀਤ ਸਿੰਘ ਨੇ ਨਮ ਅੱਖਾਂ ਨਾਲ ਆਪਣੇ ਪਿਤਾ ਦੀ ਚਿਤਾ ਨੂੰ ਅਗਨੀ ਭੇਂਟ ਕੀਤੀ। ਪਿਤਾ ਦੇ ਵਿਛੋੜੇ ਕਾਰਨ ਉਹ ਭਾਵੁਕ ਨਜ਼ਰ ਆਇਆ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਨਾਲ ਜੁੜੇ ਕਈ ਆਗੂ ਅਤੇ ਸਮਰਥਕ ਵੀ ਮੌਜੂਦ ਰਹੇ। ਇਸ ਮੌਕੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਵੀ ਵਿਸ਼ੇਸ਼ ਤੌਰ ’ਤੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
NSA ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਰਹਿ ਚੁੱਕਾ ਹੈ ਗੁਰਮੀਤ ਸਿੰਘ
ਗੁਰਮੀਤ ਸਿੰਘ ਬੁੱਕਣਵਾਲਾ ਨੂੰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਵਿੱਚ ਗਿਣਿਆ ਜਾਂਦਾ ਹੈ। ਉਸ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਬਾਅਦ ਵਿੱਚ ਸਾਲ 2025 ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਸਮੇਤ ਗੁਰਮੀਤ ਸਿੰਘ ਬੁੱਕਣਵਾਲਾ ’ਤੇ ਲੱਗਾ NSA ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਬਠਿੰਡਾ ਜੇਲ੍ਹ ਵਿੱਚ ਰੱਖਿਆ ਗਿਆ।
2027 ਦੀਆਂ ਚੋਣਾਂ ਲਈ ਉਮੀਦਵਾਰ ਐਲਾਨਿਆ
ਗੁਰਮੀਤ ਸਿੰਘ ਬੁੱਕਣਵਾਲਾ ਨੂੰ ‘ਵਾਰਿਸ ਪੰਜਾਬ ਦੇ’ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ। ਇਸ ਕਾਰਨ ਉਸ ਦੀਆਂ ਗਤੀਵਿਧੀਆਂ ਨੂੰ ਸਿਆਸੀ ਤੌਰ ’ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ। ਪਿਤਾ ਦੇ ਅੰਤਿਮ ਸੰਸਕਾਰ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਪੁਲਿਸ ਨੇ ਗੁਰਮੀਤ ਸਿੰਘ ਨੂੰ ਮੁੜ ਆਪਣੀ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਉਸ ਨੂੰ ਵਾਪਸ ਜੇਲ੍ਹ ਲਿਜਾਇਆ ਗਿਆ। ਵਿਸ਼ੇਸ਼ ਪੈਰੋਲ ਦੀ ਮਿਆਦ ਪੂਰੀ ਹੋਣ ਮਗਰੋਂ ਉਸ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ।
- Download Babushahi App
-
-