ਪੰਜਾਬ ਸਿਰ ਕਰਜ਼ਾ ਚਰਮ ਸੀਮਾ ’ਤੇ, ਸਰਕਾਰ ਰੋਜ਼ਾਨਾ 80 ਕਰੋੜ ਰੁਪਏ ਵਿਆਜ ਦੇ ਰਹੀ: ਰਾਜਾ ਵੜਿੰਗ
‘ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਧੱਕਿਆ’; 2027 ਲਈ ਲੋਕਾਂ ਦੀ ਰਾਏ ਨਾਲ ਤਿਆਰ ਹੋਵੇਗਾ ਕਾਂਗਰਸ ਦਾ ਵਿਜ਼ਨ ਡਾਕੂਮੈਂਟ
Ravinder Singh Dhillon
ਸਮਰਾਲਾ, 29 ਅਗਸਤ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੌਰ ’ਤੇ ਕੰਗਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਸਿਰ ਕਰਜ਼ਾ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਰੋਜ਼ਾਨਾ ਕਰੀਬ 80 ਕਰੋੜ ਰੁਪਏ ਕਰਜ਼ੇ ਦੇ ਵਿਆਜ ਵਜੋਂ ਅਦਾ ਕਰ ਰਹੀ ਹੈ।
ਰਾਜਾ ਵੜਿੰਗ ਅੱਜ ਪੁਲਿਸ ਜ਼ਿਲ੍ਹਾ ਸਮਰਾਲਾ ਅਧੀਨ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਨਿਵਾਸ ਸਥਾਨ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਯੂਥ ਕਾਂਗਰਸ ਦੇ ਨਵ-ਨਿਯੁਕਤ ਪੰਜਾਬ ਵਾਈਸ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਅਤੇ ਅਮਰੀਕ ਸਿੰਘ ਢਿੱਲੋਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ, ਬੇਰੋਜ਼ਗਾਰੀ ਅਤੇ ਕਰਜ਼ਾ ਗੰਭੀਰ ਚੁਣੌਤੀਆਂ ਬਣ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਸੂਬਾ ਆਰਥਿਕ ਸੰਕਟ ਵੱਲ ਵਧ ਰਿਹਾ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗ ਸਰਕਾਰ ਤੋਂ ਨਿਰਾਸ਼ ਹਨ।
ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਦੀ ਰਾਏ ਅਤੇ ਸੁਝਾਵਾਂ ਦੇ ਆਧਾਰ ’ਤੇ ਆਪਣਾ ਵਿਜ਼ਨ ਡਾਕੂਮੈਂਟ ਤਿਆਰ ਕਰੇਗੀ। ਡਾ. ਅਮਰ ਸਿੰਘ ਦੀ ਅਗਵਾਈ ਹੇਠ ਬਣਾਈ ਮੈਨੀਫੈਸਟੋ ਕਮੇਟੀ ਪੰਜਾਬ ਭਰ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਜਾਣੇਗੀ। ਕਿਸਾਨਾਂ, ਗਰੀਬਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਨਾਲ ਸਬੰਧਤ ਮੁੱਦਿਆਂ ਨੂੰ ਵਿਸ਼ੇਸ਼ ਤਰਜੀਹ ਦੇਣ ਦੀ ਗੱਲ ਵੀ ਉਨ੍ਹਾਂ ਕਹੀ।
ਵੜਿੰਗ ਨੇ ਕਿਹਾ ਕਿ ਕਾਂਗਰਸ ਸੱਤਾ ਵਿੱਚ ਆਉਣ ’ਤੇ ਨਸ਼ਿਆਂ ਅਤੇ ਗੈਂਗਸਟਰਵਾਦ ’ਤੇ ਕਾਬੂ ਪਾਉਣ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਠੋਸ ਨੀਤੀਆਂ ਲਿਆਵੇਗੀ। ਉਨ੍ਹਾਂ ਯੂਥ ਕਾਂਗਰਸ ਨੂੰ ਪਾਰਟੀ ਦਾ ਭਵਿੱਖ ਦੱਸਦਿਆਂ ਕਿਹਾ ਕਿ ਨੌਜਵਾਨਾਂ ਵਿੱਚੋਂ ਹੀ ਭਵਿੱਖ ਦੇ ਵਿਧਾਇਕ ਅਤੇ ਸੰਸਦ ਮੈਂਬਰ ਤਿਆਰ ਹੋਣਗੇ।
ਇਸ ਮੌਕੇ ਕਰਨਵੀਰ ਸਿੰਘ ਢਿੱਲੋਂ ਨੇ ਸਮਰਾਲਾ ਤੋਂ ਵਿਧਾਨ ਸਭਾ ਚੋਣ ਲੜਨ ਦੀ ਆਪਣੀ ਦਾਅਵੇਦਾਰੀ ਵੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪੁਰਾਣੇ ਅਤੇ ਤਜਰਬੇਕਾਰ ਆਗੂਆਂ ਦੇ ਸਤਿਕਾਰ ਨੂੰ ਕਾਇਮ ਰੱਖਦਿਆਂ ਨਵੇਂ ਤੇ ਨੌਜਵਾਨ ਚਿਹਰਿਆਂ ਨੂੰ ਅੱਗੇ ਲਿਆਉਣ ਦੀ ਪਰੰਪਰਾ ’ਤੇ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਸਮਰਾਲਾ ਦੀਆਂ ਸਮਾਜਿਕ ਅਤੇ ਰਾਜਨੀਤਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਲਈ ਲਗਾਤਾਰ ਕੰਮ ਕਰ ਰਹੇ ਹਨ।
ਮਹਿੰਗਾਈ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਵੜਿੰਗ ਨੇ ਕਿਹਾ ਕਿ ਖੰਡ, ਪੈਟਰੋਲ, ਗੈਸ ਸਿਲੰਡਰ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਨੇ ਆਮ ਲੋਕਾਂ ’ਤੇ ਵਾਧੂ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ 2027 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋਵੇਗੀ।
- Download Babushahi App
-
-