ਪੰਜਾਬ ਦੇ ਸਰਕਾਰੀ ਮੁਲਾਜ਼ਮ ਲਾਉਣਗੇ ਆਪਣੀ ਵਿਧਾਨ ਸਭਾ; ਅਗਲੇ ਸੰਘਰਸ਼ ਬਾਰੇ ਕਰ'ਤਾ ਵੱਡਾ ਐਲਾਨ
ਪੰਜਾਬ ਸਰਕਾਰ ਨਾਲ ਟਕਰਾਅ ਵਧਿਆ! ਮੁਲਾਜ਼ਮ ਜਥੇਬੰਦੀਆਂ ਨੇ ਲਏ ਵੱਡੇ ਫੈਸਲੇ, ‘ਸਕੱਤਰੇਤ ਤੋਂ ਸਤੌਜ’ ਤੱਕ ਮੁਹਿੰਮ ਦਾ ਐਲਾਨ
ਲੁਧਿਆਣਾ ਵਿੱਚ ਹੋਈ ਮੀਟਿੰਗ ਦੌਰਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ, ਸਤੰਬਰ ਤੋਂ ਅਕਤੂਬਰ ਤੱਕ ਵੱਖ-ਵੱਖ ਪੜਾਵਾਂ ਵਿੱਚ ਪ੍ਰਦਰਸ਼ਨ
Prab Sidhu
ਲੁਧਿਆਣਾ, 30 ਅਗਸਤ 2026: ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਚੱਲ ਰਿਹਾ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। 27 ਅਗਸਤ ਦੀ ਹੜਤਾਲ ਤੋਂ ਬਾਅਦ ਹੁਣ ਮੁਲਾਜ਼ਮ ਜਥੇਬੰਦੀਆਂ ਨੇ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਕੀਤਾ ਹੈ। ਇਸੇ ਸਬੰਧ ਵਿੱਚ ਅੱਜ ਲੁਧਿਆਣਾ ਦੇ ਬਚਤ ਭਵਨ ਵਿਖੇ ਮੁਲਾਜ਼ਮ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸਰਕਾਰ ’ਤੇ ਦਬਾਅ ਵਧਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਪੜਾਵਾਂ ਵਿੱਚ ਸੰਘਰਸ਼ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ।
ਮੀਟਿੰਗ ਵਿੱਚ ਤੈਅ ਕੀਤੇ ਪ੍ਰੋਗਰਾਮ ਅਨੁਸਾਰ 1 ਤੋਂ 6 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਅੰਦੋਲਨ ਨੂੰ ਅਗਲੇ ਪੜਾਅ ਵਿੱਚ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ 12-13 ਸਤੰਬਰ ਨੂੰ ਮੰਤਰੀਆਂ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।
ਮੀਟਿੰਗ ਵਿੱਚ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ‘ਸਕੱਤਰੇਤ ਤੋਂ ਸਤੌਜ’ ਮੁਹਿੰਮ ਖੜ੍ਹੀ ਕਰਨ ਦਾ ਹੈ। ਮੁਲਾਜ਼ਮ ਆਗੂਆਂ ਵੱਲੋਂ ਇਸ ਮੁਹਿੰਮ ਰਾਹੀਂ ਸਰਕਾਰ ’ਤੇ ਦਬਾਅ ਬਣਾਉਣ ਦੀ ਰਣਨੀਤੀ ਤਿਆਰ ਕੀਤੀ ਗਈ ਹੈ। 19-20 ਸਤੰਬਰ ਨੂੰ ਵੱਖ-ਵੱਖ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ 30 ਸਤੰਬਰ ਨੂੰ ਮੁਲਾਜ਼ਮ ਵਿਧਾਨ ਸਭਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ 117 ਵਿਧਾਇਕਾਂ ਅਤੇ 13 MPs ਨੂੰ ਸੱਦਾ ਦਿੱਤਾ ਜਾਵੇਗਾ।
ਮੁਲਾਜ਼ਮ ਜਥੇਬੰਦੀਆਂ ਨੇ ਅੰਦੋਲਨ ਦੇ ਅਗਲੇ ਪੜਾਅ ਵਜੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਵੱਡੀ ਰੈਲੀ ਕਰਨ ਦਾ ਪ੍ਰੋਗਰਾਮ ਵੀ ਤੈਅ ਕੀਤਾ ਹੈ। ਮੀਟਿੰਗ ਵਿੱਚ ਆਖ਼ਰੀ ਅਤੇ ਸਭ ਤੋਂ ਵੱਡੇ ਪੜਾਅ ਵਜੋਂ 21-22 ਅਕਤੂਬਰ ਨੂੰ ਸਮੂਹਿਕ ਛੁੱਟੀ (ਮਹਾ ਹੜਤਾਲ) ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤਰ੍ਹਾਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਤੰਬਰ ਤੋਂ ਅਕਤੂਬਰ ਤੱਕ ਲਗਾਤਾਰ ਸੰਘਰਸ਼ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।
ਇਸ ਵਿੱਚ ਮੰਤਰੀਆਂ ਦੇ ਘਿਰਾਓ ਤੋਂ ਲੈ ਕੇ ਵਿਧਾਇਕਾਂ ਦੇ ਘਰਾਂ ਤੱਕ ਪ੍ਰਦਰਸ਼ਨ, ਵਿਧਾਨ ਸਭਾ ਅਤੇ ਸੰਗਰੂਰ ਰੈਲੀ ਤੋਂ ਬਾਅਦ ਦੋ ਦਿਨਾਂ ਦੀ ਮਹਾ ਹੜਤਾਲ ਸ਼ਾਮਲ ਹੈ। ਮੁਲਾਜ਼ਮ ਜਥੇਬੰਦੀਆਂ ਦੇ ਇਨ੍ਹਾਂ ਐਲਾਨਾਂ ਨਾਲ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਚੱਲ ਰਿਹਾ ਵਿਵਾਦ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖਾ ਹੋਣ ਦੇ ਆਸਾਰ ਹਨ।
- Download Babushahi App
-
-