ਬਠਿੰਡਾ ਪ੍ਰਸ਼ਾਸਨ ਨੇ ਮਹਿਲਾ ਤਸਕਰ ਵੱਲੋਂ ਨਜਾਇਜ਼ ਢੰਗ ਨਾਲ ਬਣਾਈ ਗਈ ਇਮਾਰਤ ਢਾਹੀ
ਅਸ਼ੋਕ ਵਰਮਾ
ਬਠਿੰਡਾ, 31 ਅਗਸਤ 2026 :ਸਬ-ਡਵੀਜਨ ਸਿਟੀ-2 ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਅਧੀਨ ਜਸਪ੍ਰੀਤ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ ਗਿਆ ।ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ ਢਾਉਣ ਮੌਕੇ ਪੁਲਿਸ ਸੁਰੱਖਿਆ ਪ੍ਰਬੰਧ ਕਰਨ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕੀਤੀ ਗਈ।
ਇਸ ਮੌਕੇ ਸਿਵਲ ਪ੍ਰਸ਼ਾਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਮਾਰਤ ਅਧੀਨ ਅਧੀਨ ਜਸਪ੍ਰੀਤ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਉਸਾਰੀ ਗਈ ਸੀ।
ਇਸ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ।
ਇਸ ਮੌਕੇ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਜਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਸਿਵਲ ਪ੍ਰਸ਼ਾਸ਼ਨ ਵੱਲੋਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਹੁਣ ਤੱਕ 19 ਗੈਰ ਕਾਨੂੰਨੀ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਾਹਿਆ ਗਿਆ।
ਇਸਦੇ ਨਾਲ ਹੀ ਉਹਨਾਂ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 3,177 ਮੁਕੱਦਮੇ ਦਰਜ ਕਰਕੇ 4487 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਜਿਹਨਾਂ ਵਿੱਚ 113 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।
ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਕੁੱਲ 92 ਦੋਸ਼ੀਆਂ ਦੀ 14 ਕਰੋੜ 89 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।ਬਠਿੰਡਾ ਪੁਲਿਸ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੇ ਕੋਹੜ ਨੂੰ ਜੜੋਂ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿਓ, ਆਪ ਦੇ ਏਰੀਏ ਵਿੱਚ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਂਣਕਾਰੀ ਸਾਂਝੀ ਕਰ ਸਕਦੇ ਹੋ।ਤੁਹਾਡੀ ਜਾਣਕਾਰੀ ਗੁਪਤ ਰੱਖੀ ਜਾਵੇਗੀ।
- Download Babushahi App
-
-