ਥਰਮਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਦੇ ਤੀਜੇ ਦਿਨ ਪਾਵਰਕੌਮ ਦੇ ਮੁੱਖ ਦਫਤਰ ਅੱਗੇ ਧਰਨੇ ਦਾ ਐਲਾਨ
ਅਸ਼ੋਕ
ਲਹਿਰਾ ਮੁਹੱਬਤ, 31 ਅਗਸਤ 2026'ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਸ਼ੁਰੂ ਕੀਤੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਬਲਜਿੰਦਰ ਮਾਨ,ਲਛਮਣ ਰਾਮਪੁਰਾ,ਹਰਦੀਪ ਤੱਗੜ,ਜਗਜੀਤ ਸਿੰਘ ਅਤੇ ਮੱਖਣ ਸਿੰਘ ਮਲੂਕਾ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 30 ਜੂਨ ਨੂੰ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ।
ਉਹਨਾਂ ਕਿਹਾ ਕਿ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਨ ਸੰਬੰਧੀ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਲਗਾਤਾਰ ਹੜਤਾਲ਼ ਕਰਕੇ ਥਰਮਲ ਦੇ ਮੁੱਖ ਗੇਟ ਦੇ ਸਾਹਮਣੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 07 ਦੀ ਸਰਵਿਸ ਰੋਡ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਤਜ਼ਰਬੇ ਦੇ ਅਧਾਰ ਤੇ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਆਗੂਆਂ ਨੇ ਅਗਲੇ ਸੰਘਰਸ਼ਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਮੰਗਾਂ ਨੂੰ ਲੈਕੇ 02 ਸਤੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਪ੍ਰੀਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।
- Download Babushahi App
-
-