‘ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ’ ਪ੍ਰੋਗਰਾਮ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ
ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਮੀਨੀ ਪੱਧਰ ਤੋਂ ਮਿਲੀ ਫੀਡਬੈਕ ਦੀ ਕੀਤੀ ਸਮੀਖਿਆ
ਨਸ਼ਾ ਮੁਕਤ ਸਮਾਜ ਦੀ ਸਿਰਜਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਹਰਭਜਨ ਸਿੰਘ ਈਟੀਓ
ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਕੀਤਾ ਜਾ ਰਿਹਾ ਪ੍ਰਭਾਵਸ਼ਾਲੀ ਕੰਮ: ਦੀਕਸ਼ਤ ਧਵਨ
ਅੰਮ੍ਰਿਤਸਰ, 1 ਸਤੰਬਰ 2026: ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ‘ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ’ ਪ੍ਰੋਗਰਾਮ ਤਹਿਤ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਬੀਤੀ ਸ਼ਾਮ ਸਰਕਾਰੀ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪਲਵੀ ਮਿਸ਼ਰਾ, ਡੀ.ਸੀ.ਪੀ. ਸ੍ਰੀ ਜਸਕਰਨਜੀਤ ਸਿੰਘ ਤੇਜਾ, ਐੱਸ.ਐੱਸ.ਪੀ. ਦਿਹਾਤੀ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ, ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦੀਕਸ਼ਤ ਧਵਨ, ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ੍ਰੀ ਗੁਰਮੰਦਰ ਸਿੰਘ, ਐੱਸ.ਡੀ.ਐੱਮ. ਅਜਨਾਲਾ ਸ੍ਰੀਮਤੀ ਚਾਰੂਮਿਤਾ, ਐੱਸ.ਡੀ.ਐੱਮ. ਮਜੀਠਾ ਸ੍ਰੀ ਰਜਨੀਸ਼ ਅਰੋੜਾ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਇੰਚਾਰਜ ਹਨੀ ਨਾਹਰ, ਜ਼ਿਲ੍ਹਾ ਉਪ ਇੰਚਾਰਜ ਰਣਜੀਤ ਸਿੰਘ ਸਮੇਤ ਸਾਰੇ ਕੋਆਰਡੀਨੇਟਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ, ਵੱਖ-ਵੱਖ ਖੇਤਰਾਂ ਵਿੱਚ ਦਰਪੇਸ਼ ਸਮੱਸਿਆਵਾਂ, ਲੋਕਾਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਅਤੇ ਸੁਝਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ, ਪੁਲਿਸ ਅਤੇ ਨਸ਼ਾ ਮੁਕਤੀ ਮੋਰਚਾ ਦਰਮਿਆਨ ਹੋਰ ਬਿਹਤਰ ਤਾਲਮੇਲ ਸਥਾਪਤ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਮੀਟਿੰਗ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਤੋਂ ਪ੍ਰਾਪਤ ਹੋਣ ਵਾਲੀ ਫੀਡਬੈਕ ਦੇ ਆਧਾਰ ’ਤੇ ਸਮੱਸਿਆਵਾਂ ਦੀ ਪਛਾਣ ਕਰਨਾ, ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਅਤੇ ਸਪੱਸ਼ਟ ਕਾਰਜਯੋਗ ਨੁਕਤੇ ਤੈਅ ਕਰਨਾ ਰਿਹਾ।
ਇਸ ਮੌਕੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਕਾਰਗਰ ਅਤੇ ਸਫਲ ਬਣਾਉਣ ਲਈ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਮਿਲ ਕੇ ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਵੱਲੋਂ ਪ੍ਰਾਪਤ ਹੋਣ ਵਾਲੀ ਫੀਡਬੈਕ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਸ੍ਰੀ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣਾ ਵੀ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ।
ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ ਅਤੇ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਤੱਕ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਯੋਗ ਇਲਾਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਵੀ ਲੋੜੀਂਦੇ ਉਪਰਾਲੇ ਕੀਤੇ ਜਾਣ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲੋੜੀਂਦਾ ਸਹਿਯੋਗ ਅਤੇ ਪ੍ਰਭਾਵਸ਼ਾਲੀ ਆਪਸੀ ਤਾਲਮੇਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਪਿੰਡਾਂ ਅਤੇ ਵਾਰਡਾਂ ਦੇ ਪੱਧਰ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸਬੰਧਤ ਵਿਭਾਗਾਂ ਤੱਕ ਤੁਰੰਤ ਪਹੁੰਚਾ ਕੇ ਉਨ੍ਹਾਂ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕਰਨ ਸਬੰਧੀ ਵੀ ਵਿਚਾਰ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ, ਕੋਆਰਡੀਨੇਟਰਾਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੋਰਚੇ ਦੇ ਵਲੰਟੀਅਰ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਮੋਰਚੇ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਮੀਟਿੰਗ ਦੇ ਅੰਤ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਪ੍ਰਾਪਤ ਫੀਡਬੈਕ ’ਤੇ ਤੁਰੰਤ ਕਾਰਵਾਈ ਕਰਨ ਅਤੇ ਪ੍ਰਸ਼ਾਸਨ, ਪੁਲਿਸ ਤੇ ਨਸ਼ਾ ਮੁਕਤੀ ਮੋਰਚਾ ਦਰਮਿਆਨ ਤਾਲਮੇਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਗਲੀ ਕਾਰਵਾਈ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
- Download Babushahi App
-
-