ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਦੀ ਸ਼੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ
ਡੇਰਾਬੱਸੀ, 1 ਸਤੰਬਰ :
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਡੇਰਾਬੱਸੀ ਹਲਕੇ ਤੋਂ ਹੋਈ। ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸ਼੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਜੀ ਦੇ ਪਵਿੱਤਰ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਕੀਤਾ।
ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਮੁਹੱਈਆ ਕਰਵਾਈ ਜਾ ਰਹੀ ਇਸ ਸਹੂਲਤ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਯੋਜਨਾ ਦੀ ਸ਼ਲਾਘਾ ਕੀਤੀ।
ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ’ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧਾਰਮਿਕ ਯਾਤਰਾਵਾਂ ਲਈ ਸ਼ਰਧਾਲੂਆਂ ਨੂੰ ਸੁਵਿਧਾਜਨਕ ਅਤੇ ਸੁਚੱਜਾ ਸਫ਼ਰ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਡੇਰਾਬੱਸੀ ਹਲਕੇ ਤੋਂ ਜਲਦ ਹੀ ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਲਈ ਵੀ ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਰਵਾਨਾ ਕੀਤਾ ਜਾਵੇਗਾ।
ਵਿਧਾਇਕ ਰੰਧਾਵਾ ਨੇ ਸ਼੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ ਸਮੂਹ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬਾਬਾ ਸ਼ਿਆਮ ਅਤੇ ਬਾਲਾਜੀ ਮਹਾਰਾਜ ਸਭ ’ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਹਰ ਸ਼ਰਧਾਲੂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ।
ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਤੋਂ ਇਸ ਯਾਤਰਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋਣਾ ਇਲਾਕੇ ਲਈ ਮਾਣ ਵਾਲੀ ਗੱਲ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀਆਂ ਧਾਰਮਿਕ ਤੇ ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ, ਨਰੇਸ਼ ਉਪਨੇਜਾ ਸਮੇਤ ਹੋਰ ਪਾਰਟੀ ਆਗੂ, ਵਰਕਰ ਅਤੇ ਸ਼ਰਧਾਲੂ ਵੀ ਹਾਜ਼ਰ ਸਨ।
- Download Babushahi App
-
-