ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ PGI ਚੰਡੀਗੜ੍ਹ ’ਚ ਹੋਵੇਗਾ ਆਪਰੇਸ਼ਨ, ਹਾਈਕੋਰਟ ਵੱਲੋਂ ਮਨਜ਼ੂਰੀ
ਚੰਡੀਗੜ੍ਹ, 2 ਸਤੰਬਰ 2026: ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਪ੍ਰਾਪਤ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਹੁਣ ਪੀਜੀਆਈ ਚੰਡੀਗੜ੍ਹ ਵਿਖੇ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਆਪਰੇਸ਼ਨ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਬਲਵੰਤ ਸਿੰਘ ਰਾਜੋਆਣਾ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਆਪਣੀਆਂ ਅੱਖਾਂ ਨਾਲ ਸਬੰਧਤ ਸਮੱਸਿਆ ਦੇ ਇਲਾਜ ਅਤੇ ਆਪਰੇਸ਼ਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਪਟੀਸ਼ਨ ਰਾਹੀਂ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਦੀਆਂ ਅੱਖਾਂ ਦਾ ਲੋੜੀਂਦਾ ਆਪਰੇਸ਼ਨ ਪਟਿਆਲਾ ਵਿੱਚ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਅਤੇ ਅੱਖਾਂ ਦੀ ਜਾਂਚ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਅਦਾਲਤ ਨੂੰ ਦੱਸਿਆ ਗਿਆ ਕਿ ਉਨ੍ਹਾਂ ਦਾ ਚੈੱਕਅਪ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਇਆ ਜਾ ਚੁੱਕਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸਬੰਧਤ ਪੱਖਾਂ ਤੋਂ ਇਹ ਵੀ ਪੁੱਛਿਆ ਕਿ ਜਦੋਂ ਅੱਖਾਂ ਦੀ ਜਾਂਚ ਪੀਜੀਆਈ ਚੰਡੀਗੜ੍ਹ ਵਿਖੇ ਹੋ ਚੁੱਕੀ ਹੈ ਤਾਂ ਆਪਰੇਸ਼ਨ ਪਟਿਆਲਾ ਵਿੱਚ ਕਰਵਾਉਣ ਦੀ ਲੋੜ ਕਿਉਂ ਪੈ ਰਹੀ ਹੈ?
ਮਾਮਲੇ ਦੀ ਸੁਣਵਾਈ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਅਤੇ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਉਣ ਦੇ ਆਦੇਸ਼ ਜਾਰੀ ਕੀਤੇ। ਹੁਣ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਜਾਵੇਗਾ ਅਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦੀਆਂ ਅੱਖਾਂ ਦਾ ਆਪਰੇਸ਼ਨ ਕੀਤਾ ਜਾਵੇਗਾ।
- Download Babushahi App
-
-