ਕਿਸਾਨ-ਮਜ਼ਦੂਰ ਮੋਰਚੇ ਦਾ ਵੱਡਾ ਐਲਾਨ: 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਲੱਗਣਗੇ ਮੋਰਚੇ
Ravi Jakhu
ਚੰਡੀਗੜ੍ਹ, 2 ਸਤੰਬਰ 2026: ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਬਲਦੇਵ ਸਿੰਘ ਜੀਰਾ ਨੇ ਕੀਤੀ। ਮੀਟਿੰਗ ਉਪਰੰਤ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ।
ਮੋਰਚੇ ਨੇ ਫ਼ੈਸਲਾ ਕੀਤਾ ਕਿ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਸਰਕਾਰੀ ਖਰੀਦ, ਹੜ੍ਹਾਂ ਅਤੇ ਧਰਤੀ ਹੇਠਲੇ ਪਾਣੀ ਦੇ ਸੰਕਟ, ਪ੍ਰਦੂਸ਼ਣ, ਰੁਜ਼ਗਾਰ ਅਤੇ ਹੋਰ ਮੁੱਦਿਆਂ ਸਮੇਤ 23 ਮੰਗਾਂ ਨੂੰ ਲੈ ਕੇ 14 ਸਤੰਬਰ 2026 ਤੋਂ ਪੰਜਾਬ ਸਰਕਾਰ ਦੇ ਸਬੰਧਤ ਮੰਤਰੀਆਂ ਅਤੇ ਆਗੂਆਂ ਦੇ ਘਰਾਂ ਅੱਗੇ ਮੋਰਚੇ ਲਗਾਏ ਜਾਣਗੇ।
ਮੋਰਚੇ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ 16 ਸਤੰਬਰ ਨੂੰ ਮੀਟਿੰਗ ਸੱਦ ਕੇ ਅਗਲੇ ਪੜਾਅ ਦੇ ਤਿੱਖੇ ਅੰਦੋਲਨ ਦਾ ਫ਼ੈਸਲਾ ਕੀਤਾ ਜਾਵੇਗਾ। ਆਗੂਆਂ ਨੇ ਸਰਕਾਰ ਤੋਂ ਸੰਘਰਸ਼ਸ਼ੀਲ ਧਿਰਾਂ ਨਾਲ ਤੁਰੰਤ ਗੱਲਬਾਤ ਕਰਨ ਦੀ ਮੰਗ ਵੀ ਕੀਤੀ।
ਮੁੱਖ ਮੰਗਾਂ ਵਿੱਚ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਸਮੇਤ ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਖਰੀਦ ਯਕੀਨੀ ਬਣਾਉਣਾ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ, ਹੜ੍ਹਾਂ ਅਤੇ ਪਾਣੀ ਦੇ ਸੰਕਟ ਦਾ ਹੱਲ, ਦਰਿਆਈ ਪਾਣੀਆਂ ਦੀ ਵੰਡ ਰਾਇਪੇਰੀਅਨ ਸਿਧਾਂਤ ਅਨੁਸਾਰ ਕਰਨਾ, ਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਅਤੇ ਅੰਦੋਲਨਾਂ ਦੌਰਾਨ ਦਰਜ ਪਰਚੇ ਰੱਦ ਕਰਨਾ ਸ਼ਾਮਲ ਹਨ।
ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ ਅਤੇ ਹੋਰ ਕੇਂਦਰੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਮਤੇ ਪਾਸ ਕਰਨ, ਪ੍ਰੀਪੇਡ ਬਿਜਲੀ ਮੀਟਰ ਬੰਦ ਕਰਨ, ਸ਼ੰਭੂ-ਖਨੌਰੀ ਮੋਰਚਿਆਂ ਦਾ ਜ਼ਬਤ ਸਮਾਨ ਵਾਪਸ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਮੰਗ ਕੀਤੀ ਗਈ।
ਮੋਰਚੇ ਨੇ ਝੋਨੇ ਦੀ ਫ਼ਸਲ ਲਈ ਨਿਰਵਿਘਨ ਬਿਜਲੀ ਸਪਲਾਈ ਅਤੇ ਡੀ.ਏ.ਪੀ. ਤੇ ਯੂਰੀਆ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
- Download Babushahi App
-
-