ਰਾਜਾ ਵੜਿੰਗ ਦੀ ਮਾਨ ਸਰਕਾਰ ਨੂੰ ਅਪੀਲ: OPS ਬਹਾਲ ਕਰੋ, ਮੁਲਾਜ਼ਮਾਂ ਦਾ 14,191 ਕਰੋੜ ਰੁਪਏ ਦਾ ਬਕਾਇਆ DA ਤੁਰੰਤ ਦਿਓ
ਚੰਡੀਗੜ੍ਹ, 2 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (OPS) ਤੁਰੰਤ ਬਹਾਲ ਕੀਤੀ ਜਾਵੇ ਅਤੇ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਲਗਭਗ 14,191 ਕਰੋੜ ਰੁਪਏ ਦਾ DA ਬਕਾਇਆ ਹੈ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਵੜਿੰਗ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਬਕਾਇਆ DA ਦੀ ਅਦਾਇਗੀ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੇ ਬਣਦੇ ਹੱਕਾਂ ਦੀ ਅਦਾਇਗੀ ਨੂੰ ਜਾਣਬੁੱਝ ਕੇ ਲਟਕਾ ਰਹੀ ਹੈ ਅਤੇ ਇਸ ਮਾਮਲੇ ਨੂੰ ਬੇਵਜ੍ਹਾ ਕਾਨੂੰਨੀ ਲੜਾਈ ਵਿੱਚ ਉਲਝਾਇਆ ਜਾ ਰਿਹਾ ਹੈ।
ਵੜਿੰਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਕਾਰ ਨੂੰ ਨਿਰਧਾਰਤ ਸਮੇਂ ਅੰਦਰ ਬਕਾਇਆ ਅਦਾਇਗੀ ਕਰਨ ਸਬੰਧੀ ਨਿਰਦੇਸ਼ ਦਿੱਤੇ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਜਿਹੜੇ ਮੁਲਾਜ਼ਮ ਦਿਨ-ਰਾਤ ਸਰਕਾਰੀ ਪ੍ਰਸ਼ਾਸਨ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਸਰਕਾਰ ਉਨ੍ਹਾਂ ਦੇ ਹੱਕਾਂ ਦੇ ਵਿਰੁੱਧ ਅਦਾਲਤ ਵਿੱਚ ਕਿਉਂ ਜਾ ਰਹੀ ਹੈ।
ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਕਿ ਸਰਕਾਰ ਇਸ਼ਤਿਹਾਰਬਾਜ਼ੀ ਅਤੇ ਪੰਜਾਬ ਤੋਂ ਬਾਹਰ ਚੋਣ ਮੁਹਿੰਮਾਂ ਸਮੇਤ ਹੋਰ ਕੰਮਾਂ ’ਤੇ ਜਨਤਾ ਦਾ ਪੈਸਾ ਖਰਚ ਕਰ ਰਹੀ ਹੈ, ਜਦਕਿ ਮੁਲਾਜ਼ਮਾਂ ਦੇ ਬਣਦੇ ਬਕਾਏ ਦੀ ਅਦਾਇਗੀ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਖ਼ਰਕਾਰ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣਾ ਹੀ ਪਵੇਗਾ।
ਵੜਿੰਗ ਨੇ OPS ਦੇ ਮੁੱਦੇ ’ਤੇ ਵੀ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਨਵੰਬਰ ਵਿੱਚ OPS ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਲਗਭਗ ਚਾਰ ਸਾਲ ਬੀਤਣ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ DA ਸਬੰਧੀ ਸਰਕਾਰ ਦੇ ਮੌਜੂਦਾ ਰੁਖ ਨੇ OPS ਲਾਗੂ ਕਰਨ ਦੀ ਨੀਅਤ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
ਵੜਿੰਗ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਸਰਕਾਰ ਬਣਨ ਤੋਂ ਤੁਰੰਤ ਬਾਅਦ ਮੁਲਾਜ਼ਮਾਂ ਦੇ ਬਕਾਇਆ DA ਦੀ ਅਦਾਇਗੀ ਕੀਤੀ ਜਾਵੇਗੀ ਅਤੇ OPS ਵੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕਾਂਗਰਸ ਸਰਕਾਰਾਂ ਵੱਲੋਂ OPS ਸਬੰਧੀ ਚੁੱਕੇ ਗਏ ਕਦਮਾਂ ਦਾ ਵੀ ਹਵਾਲਾ ਦਿੱਤਾ।
ਵੜਿੰਗ ਨੇ ਮੁੱਖ ਮੰਤਰੀ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਮੁਲਾਜ਼ਮਾਂ ਦਾ ਬਕਾਇਆ DA ਅਦਾ ਕਰਨ ਦੇ ਨਾਲ-ਨਾਲ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਅਪੀਲ ਕੀਤੀ।
- Download Babushahi App
-
-