ਬਠਿੰਡਾ ਜ਼ਿਲ੍ਹੇ ਦੇ ਹੈਲਥ ਇੰਸਪੈਕਟਰਾਂ ਨੂੰ ਸਵਾਇਨ ਫਲੂ ਸਬੰਧੀ ਜਾਗਰੂਕ ਕਰਨ ਦੀਆਂ ਹਦਾਇਤਾਂ
ਅਸ਼ੋਕ ਵਰਮਾ
ਬਠਿੰਡਾ, 3 ਸਤੰਬਰ 2026 :ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਸਵਾਇਨ ਫਲੂ (ਇਨਫਲੂਐਂਜ਼ਾ) ਦੀ ਰੋਕਥਾਮ ਅਤੇ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਮੂਹ ਹੈਲਥ ਇੰਸਪੈਕਟਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਵਾਇਨ ਫਲੂ ਦੀ ਰੋਕਥਾਮ, ਸ਼ੱਕੀ ਮਰੀਜ਼ਾਂ ਦੀ ਪਛਾਣ, ਨਿਗਰਾਨੀ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਨੇ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਕਿਹਾ ਕਿ ਮੌਸਮ ਵਿੱਚ ਬਦਲਾਅ ਦੌਰਾਨ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਹੈਲਥ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰਾਂ ਵਿੱਚ ਸਵਾਇਨ ਫਲੂ ਦੇ ਲੱਛਣਾਂ ਅਤੇ ਬਚਾਅ ਦੇ ਢੰਗਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਸ਼ੱਕੀ ਮਾਮਲਿਆਂ ਦੀ ਤੁਰੰਤ ਸੂਚਨਾ ਸਿਹਤ ਵਿਭਾਗ ਨੂੰ ਦਿੱਤੀ ਜਾਵੇ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਣਦੀਪ ਕੌਰ ਨੇ ਦੱਸਿਆ ਕਿ ਸਵਾਇਨ ਫਲੂ ਦੇ ਮੁੱਖ ਲੱਛਣਾਂ ਵਿੱਚ ਬੁਖਾਰ, ਖੰਘ, ਗਲੇ ਵਿੱਚ ਦਰਦ, ਨੱਕ ਵਗਣਾ ਜਾਂ ਬੰਦ ਹੋਣਾ, ਸਰੀਰ ਵਿੱਚ ਦਰਦ, ਸਿਰ ਦਰਦ ਅਤੇ ਥਕਾਵਟ ਆਦਿ ਸ਼ਾਮਲ ਹਨ। ਜੇਕਰ ਕਿਸੇ ਵਿਅਕਤੀ ਨੂੰ ਸਾਹ ਲੈਣ ਵਿੱਚ ਤਕਲੀਫ਼, ਲਗਾਤਾਰ ਤੇਜ਼ ਬੁਖਾਰ ਜਾਂ ਹੋਰ ਗੰਭੀਰ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਖੰਘ ਜਾਂ ਛਿੱਕ ਆਉਣ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕਣ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ, ਭੀੜ ਵਾਲੀਆਂ ਥਾਵਾਂ ’ਤੇ ਸਾਵਧਾਨੀ ਵਰਤਣ ਅਤੇ ਬਿਮਾਰ ਹੋਣ ਦੀ ਸੂਰਤ ਵਿੱਚ ਦੂਜਿਆਂ ਤੋਂ ਉਚਿਤ ਦੂਰੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਬਿਨਾਂ ਡਾਕਟਰੀ ਸਲਾਹ ਤੋਂ ਦਵਾਈਆਂ ਨਾ ਲਈਆਂ ਜਾਣ।
ਮੀਟਿੰਗ ਦੌਰਾਨ ਹੈਲਥ ਇੰਸਪੈਕਟਰਾਂ ਨੂੰ ਆਪਣੇ ਖੇਤਰਾਂ ਵਿੱਚ ਸਵਾਇਨ ਫਲੂ ਦੀ ਰੋਕਥਾਮ, ਨਿਗਰਾਨੀ, ਸਿਹਤ ਸਿੱਖਿਆ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ।
- Download Babushahi App
-
-