ਪੰਜਾਬ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜ੍ਹਾਈ ਦਾ ਐਲਾਨ, 8 ਸਤੰਬਰ ਤੋਂ ਸ਼ੁਰੂ ਹੋਵੇਗਾ ਤਿੱਖਾ ਸੰਘਰਸ਼
Ravi Jakhu
ਚੰਡੀਗੜ੍ਹ, 3 ਸਤੰਬਰ 2026- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਤਣਾਅ ਹੋਰ ਵੱਧ ਗਿਆ ਹੈ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਦੀ ਕੀਤੀ ਜਾ ਰਹੀ ਲਗਾਤਾਰ ਅਣਦੇਖੀ, ਬੈਠਕਾਂ ਤੋਂ ਟਾਲ-ਮਟੋਲ ਵਾਲੇ ਰਵੱਈਏ ਅਤੇ ਵਰਕਰਾਂ ਉੱਤੇ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੇ ਖ਼ਿਲਾਫ਼ ਇੱਕ ਵੱਡੇ ਅਤੇ ਆਰ-ਪਾਰ ਦੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ।
ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ 7 ਸਤੰਬਰ 2026 ਤੱਕ ਗੱਲਬਾਤ ਦੇ ਜ਼ਰੀਏ ਉਨ੍ਹਾਂ ਮਸਲਿਆਂ ਦਾ ਕੋਈ ਠੋਸ ਹੱਲ ਨਾ ਕੱਢਿਆ, ਤਾਂ 8 ਸਤੰਬਰ ਤੋਂ ਪੂਰੇ ਸੂਬੇ ਵਿੱਚ ਲਗਾਤਾਰ ਧਰਨੇ, ਪ੍ਰਦਰਸ਼ਨ, ਮੰਤਰੀਆਂ ਦੀਆਂ ਕੋਠੀਆਂ ਦੇ ਘਿਰਾਓ ਅਤੇ ਹੜਤਾਲਾਂ ਵਰਗੇ ਤਿੱਖੇ ਐਕਸ਼ਨ ਸ਼ੁਰੂ ਕੀਤੇ ਜਾਣਗੇ।
ਸੰਘਰਸ਼ ਦਾ ਪੂਰਾ ਸ਼ਡਿਊਲ
ਸਾਂਝੀ ਤਾਲਮੇਲ ਕਮੇਟੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ, 08 ਸਤੰਬਰ 2026 ਨੂੰ ਪੰਜਾਬ ਭਰ ਦੇ ਸਮੁੱਚੇ ਮਨਿਸਟੀਰੀਅਲ ਮੁਲਾਜ਼ਮ, ਜਿਨ੍ਹਾਂ ਵਿੱਚ ਪੰਜਾਬ ਸਕੱਤਰੇਤ (ਚੰਡੀਗੜ੍ਹ) ਅਤੇ ਵੱਖ-ਵੱਖ ਵਿਭਾਗਾਂ ਦੇ ਡਾਇਰੈਕਟੋਰੇਟਸ ਦੇ ਕਰਮਚਾਰੀ ਵੀ ਸ਼ਾਮਲ ਹਨ, ਇੱਕ ਦਿਨ ਦੀ ਸਮੂਹਿਕ ਛੁੱਟੀ (Mass Casual Leave) ਲੈ ਕੇ ਆਪਣੇ ਦਫ਼ਤਰੀ ਕੰਮਕਾਜ ਦਾ ਪੂਰਨ ਬਾਈਕਾਟ ਕਰਨਗੇ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ 'ਤੇ ਸਰਕਾਰ ਵਿਰੁੱਧ ਰੋਸ ਰੈਲੀਆਂ ਕੀਤੀਆਂ ਜਾਣਗੀਆਂ।
12 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ETO, ਗੜ੍ਹਸ਼ੰਕਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਅਤੇ ਫ਼ਰੀਦਕੋਟ/ਸੰਧਵਾਂ ਵਿਖੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀਆਂ ਰਿਹਾਇਸ਼ਾਂ ਅੱਗੇ ਧਰਨੇ ਦਿੱਤੇ ਜਾਣਗੇ। 13 ਸਤੰਬਰ ਨੂੰ ਪਠਾਨਕੋਟ ਵਿਖੇ ਲਾਲ ਚੰਦ ਕਟਾਰੂਚੱਕ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰਜੋਤ ਸਿੰਘ ਬੈਂਸ ਅਤੇ ਸੁਨਾਮ ਵਿਖੇ ਅਮਨ ਅਰੋੜਾ ਦੀਆਂ ਰਿਹਾਇਸ਼ਾਂ ਦਾ ਘਿਰਾਓ ਹੋਵੇਗਾ।
19-20 ਸਤੰਬਰ 2026 ਨੂੰ ਪੰਜਾਬ ਦੇ ਬਾਕੀ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਜ਼ਿਲ੍ਹਾ ਪੱਧਰ 'ਤੇ ਘਿਰਾਓ ਕਰਕੇ ਪ੍ਰਦਰਸ਼ਨ ਕੀਤੇ ਜਾਣਗੇ। 30 ਸਤੰਬਰ 2026 ਨੂੰ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ "ਮੁਲਾਜ਼ਮ ਸੈਸ਼ਨ" ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਸੂਬੇ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ (MPs) ਨੂੰ ਵੀ ਸੱਦਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾ ਸਕੇ। 10 ਅਕਤੂਬਰ 2026 ਨੂੰ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ "ਮਹਾਂ ਰੈਲੀ" ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮ ਤੇ ਪੈਨਸ਼ਨਰ ਸ਼ਿਰਕਤ ਕਰਨਗੇ।
21-22 ਅਕਤੂਬਰ 2026 ਨੂੰ ਸਮੁੱਚੇ ਸਰਕਾਰੀ ਮੁਲਾਜ਼ਮ ਦੋ ਦਿਨਾਂ ਦੀ ਮੁਕੰਮਲ ਸਮੂਹਿਕ ਛੁੱਟੀ ਲੈ ਕੇ ਦਫ਼ਤਰਾਂ ਦਾ ਕੰਮ ਠੱਪ ਕਰਨਗੇ ਅਤੇ ਜ਼ਿਲ੍ਹਾ ਪੱਧਰ 'ਤੇ ਵਿਸ਼ਾਲ ਧਰਨੇ ਦਿੱਤੇ ਜਾਣਗੇ। ਜਥੇਬੰਦੀ ਵੱਲੋਂ ਪੰਜਾਬ ਸਰਕਾਰ ਸਾਹਮਣੇ ਮੰਗਾਂ ਰੱਖੀਆਂ ਗਈਆਂ ਹਨ ਕਿ, ਹਾਈ ਕੋਰਟ ਦੇ ਫੈਸਲੇ ਅਤੇ ਨਿਰਦੇਸ਼ਾਂ ਅਨੁਸਾਰ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ। ਬੀਤੀ 27 ਅਗਸਤ ਨੂੰ ਸਮੂਹਿਕ ਛੁੱਟੀ 'ਤੇ ਗਏ ਮੁਲਾਜ਼ਮਾਂ ਖ਼ਿਲਾਫ਼ ਸਰਕਾਰ ਵੱਲੋਂ ਜਾਰੀ ਕੀਤੇ ਗਏ ਧਮਕੀ ਭਰੇ ਅਤੇ ਕਾਰਵਾਈ ਵਾਲੇ ਪੱਤਰ ਤੁਰੰਤ ਪ੍ਰਭਾਵ ਨਾਲ ਰੱਦ ਕੀਤੇ ਜਾਣ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਦਿੱਤੇ ਗਏ ਮੰਗ ਪੱਤਰ 'ਤੇ ਦੋ-ਧਿਰੀ ਗੱਲਬਾਤ ਸ਼ੁਰੂ ਕਰਕੇ ਸਾਰੇ ਮਸਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਮੁਲਾਜ਼ਮ ਆਗੂਆਂ ਨੇ ਸਮੂਹ ਕਰਮਚਾਰੀਆਂ ਅਤੇ ਪੈਨਸ਼ਨਰ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੱਕਾਂ ਦੀ ਰਾਖੀ ਅਤੇ ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਤਿਆਰ-ਬਰ-ਤਿਆਰ ਰਹਿਣ।
- Download Babushahi App
-
-