ਗੱਲਬਾਤ ਲਈ ਰੱਖੀ ਸ਼ਰਤ..! PC ਦਾ ਜਵਾਬ PC ਰਾਹੀਂ ਦੇਵਾਂਗੇ- ਮੁਲਾਜ਼ਮ ਆਗੂਆਂ ਦਾ ਵਿੱਤ ਮੰਤਰੀ ਅਤੇ ਸਰਕਾਰ ਨੂੰ ਜਵਾਬ
ਚੰਡੀਗੜ੍ਹ, 3 ਸਤੰਬਰ 2026- ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਨੂੰ ਲੈ ਕੇ ਜਾਰੀ ਕੀਤੇ ਗਏ ਅੰਕੜਿਆਂ ਅਤੇ ਪ੍ਰੈਸ ਕਾਨਫਰੰਸ ਤੋਂ ਬਾਅਦ ਮੁਲਾਜ਼ਮ ਸੰਗਠਨਾਂ ਵਿੱਚ ਰੋਸ ਹੋਰ ਵਧ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ ਸਾਂਝੀ ਪ੍ਰੈਸ ਕਾਨਫਰੰਸ ਦਾ ਜਵਾਬ ਦਿੰਦਿਆਂ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਸਰਕਾਰ ਦੀ ਨੀਤੀ ਅਤੇ ਨੀਅਤ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ।
ਵੀਡੀਓ ਜਾਰੀ ਕਰਦਿਆਂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ਸ਼ੀਲ ਹਨ। ਇਤਿਹਾਸਕ ਰੈਲੀਆਂ ਅਤੇ ਹੜਤਾਲਾਂ ਤੋਂ ਬਾਅਦ ਹੁਣ ਸਰਕਾਰ ਨੂੰ ਮੁਲਾਜ਼ਮਾਂ ਦੀ ਯਾਦ ਆਈ ਹੈ। ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ 'ਪਰਿਵਾਰ ਦੇ ਮੈਂਬਰ' ਦੱਸਣ 'ਤੇ ਚੋਟ ਕਰਦਿਆਂ ਖਹਿਰਾ ਨੇ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਉਪਰੰਤ ਅੱਜ ਮੰਤਰੀਆਂ ਨੂੰ ਮੁਲਾਜ਼ਮ ਪਰਿਵਾਰ ਦੇ ਮੈਂਬਰ ਜਾਪ ਰਹੇ ਹਨ।
ਸਰਕਾਰ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਸੂਚਨਾਵਾਂ ਬਾਰੇ ਗੱਲ ਕਰਦਿਆਂ ਖਹਿਰਾ ਨੇ ਕਿਹਾ ਕਿ ਅਜੇ ਤੱਕ ਮੀਟਿੰਗ ਦਾ ਕੋਈ ਵੀ ਅਧਿਕਾਰਤ ਸੱਦਾ ਨਹੀਂ ਮਿਲਿਆ, ਸਗੋਂ ਇਹ ਗੱਲਾਂ ਸਿਰਫ਼ ਸੋਸ਼ਲ ਮੀਡੀਆ ਰਾਹੀਂ ਹੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਸੱਚਮੁੱਚ ਹੀ ਗੱਲਬਾਤ ਕਰਨ ਲਈ ਗੰਭੀਰ ਹੈ, ਤਾਂ ਮੁਲਾਜ਼ਮਾਂ ਦੀ ਇੱਕ ਮੁੱਖ ਸ਼ਰਤ ਹੈ। ਹੜਤਾਲ ਅਤੇ ਸਮੂਹਿਕ ਛੁੱਟੀ ਦੌਰਾਨ ਗੈਰ-ਹਾਜ਼ਰ (ਅਨਔਥੋਰਾਈਜ਼ਡ) ਮੰਨੇ ਗਏ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਜਾਰੀ ਕੀਤਾ ਗਿਆ "ਮਾਰੂ ਪੱਤਰ" ਤੁਰੰਤ ਵਾਪਸ ਲਿਆ ਜਾਵੇ। ਖਹਿਰਾ ਨੇ ਕਿਹਾ ਕਿ ਮੁਲਾਜ਼ਮ ਅਨਔਥੋਰਾਈਜ਼ਡ ਛੁੱਟੀ 'ਤੇ ਨਹੀਂ, ਸਗੋਂ ਸਮੂਹਿਕ ਛੁੱਟੀ 'ਤੇ ਸਨ। ਜੇਕਰ ਇਹ ਪੱਤਰ ਵਾਪਸ ਨਹੀਂ ਲਿਆ ਜਾਂਦਾ, ਤਾਂ ਸਰਕਾਰ ਨਾਲ ਗੱਲਬਾਤ ਹੋਣੀ ਮੁਸ਼ਕਿਲ ਹੀ ਨਹੀਂ ਬਲਕਿ ਨਾਮੁਮਕਿਨ ਹੋਵੇਗੀ।
ਵਿੱਤ ਮੰਤਰੀ ਵੱਲੋਂ ਦਿੱਤੇ ਗਏ ਬਿਆਨ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਮੁਲਾਜ਼ਮ ਗੁਆਂਢੀ ਰਾਜਾਂ ਨਾਲੋਂ ਵੱਧ ਤਨਖਾਹਾਂ ਅਤੇ ਡੀ.ਏ. (DA) ਲੈ ਰਹੇ ਹਨ, ਉੱਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਸਰਕਾਰ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰ ਰਹੀ ਹੈ। ਜੋਇੰਟ ਐਕਸ਼ਨ ਕਮੇਟੀ ਦੇ ਸਮੂਹ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ ਕਿ ਸਰਕਾਰ ਦੀ ਇਸ ਪ੍ਰੈਸ ਕਾਨਫਰੰਸ ਦਾ ਜਵਾਬ ਪ੍ਰੈਸ ਕਾਨਫਰੰਸ ਰਾਹੀਂ ਹੀ ਅਤੇ ਪੂਰੇ ਤੱਥਾਂ ਸਮੇਤ ਦਿੱਤਾ ਜਾਵੇਗਾ, ਤਾਂ ਜੋ ਸਰਕਾਰ ਵੱਲੋਂ ਫੈਲਾਏ ਜਾ ਰਹੇ ਨਕਾਰਾਤਮਕ ਪ੍ਰਚਾਰ ਅਤੇ ਝੂਠ ਦਾ ਪਰਦਾਫਾਸ਼ ਕੀਤਾ ਜਾ ਸਕੇ।
ਮੁਲਾਜ਼ਮ ਆਗੂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮਾਨਯੋਗ ਹਾਈਕੋਰਟ ਵੱਲੋਂ ਡੀ.ਏ. (DA) ਅਤੇ ਏਰੀਅਰ ਸਬੰਧੀ ਦਿੱਤੇ ਗਏ ਹੁਕਮਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਾਈ ਗਈ ਪਟੀਸ਼ਨ/ਕੇਸ ਨੂੰ ਵੀ ਤੁਰੰਤ ਵਾਪਸ ਲਿਆ ਜਾਵੇ। ਅੰਤ ਵਿੱਚ ਸੁਖਚੈਨ ਸਿੰਘ ਖਹਿਰਾ ਨੇ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਨੂੰ ਹੌਸਲੇ ਵਿੱਚ ਰਹਿਣ ਅਤੇ ਆਪਣੀ ਲੀਡਰਸ਼ਿਪ 'ਤੇ ਪੂਰਾ ਭਰੋਸਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਹਰ ਤਰ੍ਹਾਂ ਦੇ ਸਮੀਕਰਨਾਂ ਅਤੇ ਹਾਲਾਤਾਂ ਦਾ ਸਾਹਮਣਾ ਕਰਨ ਲਈ ਤਿਆਰ ਹੈ। ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਸ ਦਾ ਐਲਾਨ ਜਲਦ ਹੀ ਪੰਜਾਬ ਪੱਧਰੀ ਮੀਟਿੰਗ ਬੁਲਾ ਕੇ ਕੀਤਾ ਜਾਵੇਗਾ।
- Download Babushahi App
-
-