ਖੇਤੀਬਾੜੀ ਦੀਆਂ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਜਾਰੀ ਰੱਖਣ ਲਈ ਰਜਿਸਟ੍ਰੇਸ਼ਨ ਲਾਜ਼ਮੀ
ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਕਿਸਾਨਾਂ ਦੀਆਂ ਭਵਿੱਖੀ ਕਿਸ਼ਤਾਂ ਰੁਕ ਸਕਦੀਆਂ ਹਨ: ਮੁੱਖ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ
ਕਿਸਾਨ ਆਧਾਰ ਕਾਰਡ ਨਾਲ ਨੇੜਲੇ ਸੀ.ਐੱਸ.ਸੀ. ਕੇਂਦਰ ਜਾਂ ਵਿਸ਼ੇਸ਼ ਕੈਂਪਾਂ ਰਾਹੀਂ ਕਰਵਾਉਣ ਰਜਿਸਟ੍ਰੇਸ਼ਨ
ਰੂਪਨਗਰ, 4 ਸਤੰਬਰ: ਮੁੱਖ ਖੇਤੀਬਾੜੀ ਅਫ਼ਸਰ, ਰੂਪਨਗਰ ਡਾ. ਨਿਰਮਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰੇਕ ਕਿਸਾਨ ਲਈ ਐਗਰੀਸਟੈਕ ਦੇ ਆਨਲਾਈਨ ਪੋਰਟਲ ’ਤੇ ‘ਫਾਰਮਰ ਰਜਿਸਟਰੀ’ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਫਾਰਮਰ ਆਈ.ਡੀ. ਬਣਵਾਉਣੀ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਫਾਰਮਰ ਰਜਿਸਟਰੀ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ, ਜਿਸ ਰਾਹੀਂ ਕਿਸਾਨਾਂ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਆਸਾਨ ਹੋ ਸਕੇਗੀ ਅਤੇ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਤੇ ਹੋਰ ਲਾਭ ਪਾਰਦਰਸ਼ੀ ਢੰਗ ਨਾਲ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।
ਡਾ. ਨਿਰਮਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਵਿੱਤੀ ਕਿਸ਼ਤਾਂ ਦਾ ਲਾਭ ਉਨ੍ਹਾਂ ਕਿਸਾਨਾਂ ਨੂੰ ਹੀ ਜਾਰੀ ਰਹੇਗਾ, ਜਿਨ੍ਹਾਂ ਨੇ ਆਪਣੀ ਫਾਰਮਰ ਆਈ.ਡੀ. ਬਣਵਾ ਲਈ ਹੋਵੇਗੀ। ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਕਿਸਾਨ ਨੂੰ ਇੱਕ ਵਿਲੱਖਣ ਫਾਰਮਰ ਆਈ.ਡੀ. ਜਾਰੀ ਕੀਤੀ ਜਾਵੇਗੀ, ਜਿਸ ਨੂੰ ਕਿਸਾਨ ਦੇ ਮੌਜੂਦਾ ਪੀ.ਐੱਮ. ਕਿਸਾਨ ਖਾਤੇ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਫਾਰਮਰ ਰਜਿਸਟਰੀ ਤਹਿਤ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਉਣਗੇ, ਉਨ੍ਹਾਂ ਦੀਆਂ ਪੀ.ਐੱਮ. ਕਿਸਾਨ ਸਨਮਾਨ ਨਿਧੀ ਦੀਆਂ ਭਵਿੱਖੀ ਕਿਸ਼ਤਾਂ ਰੁਕ ਸਕਦੀਆਂ ਹਨ। ਇਸ ਲਈ ਕਿਸਾਨ ਬਿਨਾਂ ਕਿਸੇ ਦੇਰੀ ਦੇ ਆਪਣੀ ਫਾਰਮਰ ਆਈ.ਡੀ. ਬਣਵਾਉਣ ਨੂੰ ਤਰਜੀਹ ਦੇਣ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਆਧਾਰ ਕਾਰਡ ਨਾਲ ਲੈ ਕੇ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ’ਤੇ ਪਹੁੰਚ ਕੇ ਫਾਰਮਰ ਰਜਿਸਟਰੀ ਦੀ ਪ੍ਰਕਿਰਿਆ ਮੁਕੰਮਲ ਕਰਵਾਉਣ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੀ.ਐੱਸ.ਸੀ. ਕੇਂਦਰਾਂ ਦੇ ਸਹਿਯੋਗ ਨਾਲ ਪਿੰਡ ਪੱਧਰ ’ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ, ਜਿੱਥੇ ਕਿਸਾਨ ਆਪਣੀ ਰਜਿਸਟ੍ਰੇਸ਼ਨ ਮੁਫ਼ਤ ਕਰਵਾ ਸਕਦੇ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਮੇਤ ਖੇਤੀਬਾੜੀ ਨਾਲ ਸਬੰਧਤ ਹੋਰ ਸਰਕਾਰੀ ਯੋਜਨਾਵਾਂ ਦੇ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ।
- Download Babushahi App
-
-