ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ’ਤੇ ਪੁਲਿਸ ਤਸ਼ੱਦਦ ਦੀ ਮਿਸਲ ਸਤਲੁਜ ਵੱਲੋਂ ਸਖ਼ਤ ਨਿਖੇਧੀ:ਅਜੇਪਾਲ ਸਿੰਘ ਬਰਾੜ
ਕਾਲਾ ਝੰਡਾ ਦਿਖਾਉਣਾ ਜਮਹੂਰੀ ਹੱਕ, ਕਕਾਰਾਂ ਦੀ ਬੇਅਦਬੀ ਅਤੇ ਪੁਲਿਸ ਤਸ਼ੱਦਦ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ
ਮੋਹਾਲੀ 4 ਸਤੰਬਰ, 2026
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਸੁਨਾਮ ਦੇ ਪਿੰਡ ਸ਼ੇਰੋਂ ਦੇ ਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਆਪਣੇ ਘਰ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਉਣਾ ਉਸਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਜਾਂ ਸਿਆਸੀ ਆਗੂ ਪ੍ਰਤੀ ਆਪਣਾ ਵਿਰੋਧ ਸ਼ਾਂਤਮਈ ਢੰਗ ਨਾਲ ਕਰਨਾ ਲੋਕਤੰਤਰ ਵਿੱਚ ਕੋਈ ਜੁਰਮ ਨਹੀਂ ਹੈ।
ਉਨ੍ਹਾਂ ਕਿਹਾ, “ਜੇਕਰ ਇੱਕ ਨਾਗਰਿਕ ਵੱਲੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਉਣ ਦਾ ਜਵਾਬ ਪੁਲਿਸ ਤਸ਼ੱਦਦ ਨਾਲ ਦਿੱਤਾ ਜਾਂਦਾ ਹੈ ਤਾਂ ਇਹ ਸਿਰਫ਼ ਇੱਕ ਵਿਅਕਤੀ ਦੇ ਹੱਕਾਂ ਦਾ ਹਮਲਾ ਨਹੀਂ, ਸਗੋਂ ਪੰਜਾਬ ਵਿੱਚ ਲੋਕਤੰਤਰ ਅਤੇ ਕਾਨੂੰਨ ਦੇ ਰਾਜ ਲਈ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ।”
ਸਰਦਾਰ ਬਰਾੜ ਨੇ ਦੋਸ਼ ਲਗਾਇਆ ਕਿ ਸਥਾਨਕ ਡੀਐੱਸਪੀ ਵੱਲੋਂ ਸਿੱਖ ਨੌਜਵਾਨ ਨਾਲ ਗੈਰ-ਕਾਨੂੰਨੀ ਢੰਗ ਨਾਲ ਤਸ਼ੱਦਦ ਕੀਤਾ ਗਿਆ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਦੇ ਕਕਾਰਾਂ ਨਾਲ ਬੇਅਦਬੀ ਦੀ ਕੋਈ ਵੀ ਘਟਨਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ ਅਤੇ ਇਸਨੂੰ ਕਿਸੇ ਵੀ ਹਾਲਤ ਵਿੱਚ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।
ਉਨ੍ਹਾਂ ਪੰਜਾਬ ਸਰਕਾਰ ਨੂੰ ਸਿੱਧੇ ਸ਼ਬਦਾਂ ਵਿੱਚ ਕਿਹਾ, “ਪੁਲਿਸ ਦੀ ਵਰਦੀ ਕਿਸੇ ਵੀ ਅਧਿਕਾਰੀ ਨੂੰ ਨਾਗਰਿਕ ਦੇ ਜਮਹੂਰੀ ਅਤੇ ਧਾਰਮਿਕ ਹੱਕਾਂ ਨੂੰ ਕੁਚਲਣ ਦਾ ਅਧਿਕਾਰ ਨਹੀਂ ਦਿੰਦੀ। ਜੇਕਰ ਕਿਸੇ ਪੁਲਿਸ ਅਧਿਕਾਰੀ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਸਿੱਖ ਨੌਜਵਾਨ ’ਤੇ ਤਸ਼ੱਦਦ ਕੀਤਾ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕੀਤੀ ਹੈ ਤਾਂ ਉਸਨੂੰ ਤੁਰੰਤ ਬਰਖ਼ਾਸਤ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਉਣੀ ਚਾਹੀਦੀ ਹੈ।”
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਸੰਗਰੂਰ ਦੇ ਪੁਲਿਸ ਮੁਖੀ ਤੋਂ ਵੀ ਮੰਗ ਕੀਤੀ ਗਈ ਹੈ ਕਿ ਸਿੱਖ ਨੌਜਵਾਨ ਨਾਲ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਡੀਐੱਸਪੀ ਅਤੇ ਹੋਰ ਸਾਰੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ “ਪੰਜਾਬ ਵਿੱਚ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ। ਪੁਲਿਸ ਦਾ ਕੰਮ ਲੋਕਾਂ ਦੀ ਰੱਖਿਆ ਕਰਨਾ ਹੈ, ਉਨ੍ਹਾਂ ਦੇ ਹੱਕਾਂ ਨੂੰ ਕੁਚਲਣਾ ਨਹੀਂ। ਅਸੀਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਇਸ ਮਾਮਲੇ ਨੂੰ ਦਬਾਉਣ ਜਾਂ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਪੀੜਤ ਨੌਜਵਾਨ ਅਤੇ ਉਸਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਇਸ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਤੁਰੰਤ ਐੱਫਆਈਆਰ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਇਆ ਜਾਵੇ।
- Download Babushahi App
-
-