BREAKING- ਭਗਵੰਤ ਮਾਨ ਸਰਕਾਰ ਵੱਲੋਂ 85000 ਮੁਲਾਜ਼ਮਾਂ ਨੂੰ 60% DA ਦੇਣ ਦਾ ਫ਼ੈਸਲਾ: ਅਮਨ ਅਰੋੜਾ ਨੇ ਕੀਤਾ ਐਲਾਨ
Babushahi Network
ਚੰਡੀਗੜ੍ਹ, 4 ਸਤੰਬਰ 2026: ਭਗਵੰਤ ਮਾਨ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ ਕਰ ਲਈ ਹੈ। ਕੈਬਨਿਟ ਸਬ-ਕਮੇਟੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਮਿਲ ਰਹੇ ਮਹਿੰਗਾਈ ਭੱਤੇ (DA) ਨੂੰ ਮੌਜੂਦਾ 42 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰਨ ਦੀ ਸਿਫ਼ਾਰਸ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਵੱਲੋਂ ਇਸ ਫ਼ੈਸਲੇ ਨੂੰ ਮੁਲਾਜ਼ਮ ਵਰਗ ਲਈ ਵੱਡੇ ਤੋਹਫ਼ੇ ਵਜੋਂ ਪੇਸ਼ ਕੀਤਾ ਗਿਆ ਹੈ।
ਕੈਬਨਟ ਸਬ-ਕਮੇਟੀ ਦੇ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਅਤੇ ਇਸ ਦੀ ਗੁੱਡ ਗਵਰਨੈਂਸ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਤੋਂ ਬਿਨਾਂ ਪ੍ਰਸ਼ਾਸਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਸਰਕਾਰ ਮੁਲਾਜ਼ਮਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਪੈਸੇ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਹਜ਼ਾਰਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਦਿਸ਼ਾ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ 2020 ਨੂੰ ਉਸ ਸਮੇਂ ਦੀ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਕੀਤਾ ਗਿਆ ਸੀ ਕਿ ਇਸ ਤਾਰੀਖ ਤੋਂ ਬਾਅਦ ਪੰਜਾਬ ਸਰਕਾਰ ਵਿੱਚ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਪਹਿਲਾਂ ਤੋਂ ਲਾਗੂ ਪੇ ਸਕੇਲ ਦੀ ਬਜਾਏ, ਕੇਂਦਰ ਸਰਕਾਰ ਦੇ ਪੇ ਸਕੇਲ ਅਨੁਸਾਰ ਤਨਖ਼ਾਹ ਦਿੱਤੀ ਜਾਵੇਗੀ। ਇਸ ਫ਼ੈਸਲੇ ਤੋਂ ਬਾਅਦ ਹੁਣ ਤੱਕ ਵੱਡੀ ਗਿਣਤੀ ਵਿੱਚ ਨਵੇਂ ਮੁਲਾਜ਼ਮ ਸਰਕਾਰੀ ਸੇਵਾ ਵਿੱਚ ਭਰਤੀ ਹੋਏ ਹਨ।
ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਕੇਂਦਰੀ ਪੇ ਸਕੇਲ ਅਨੁਸਾਰ ਬੇਸਿਕ ਪੇ ਤਾਂ ਮਿਲ ਰਹੀ ਹੈ, ਪਰ ਡੀਏ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਮੁਕਾਬਲੇ ਘੱਟ ਭੱਤਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀਏ ਮਿਲ ਰਿਹਾ ਹੈ, ਜਦਕਿ ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਇਸ ਵੇਲੇ 42 ਫ਼ੀਸਦੀ ਡੀਏ ਮਿਲ ਰਿਹਾ ਹੈ। ਇਸ ਅੰਤਰ ਨੂੰ ਖ਼ਤਮ ਕਰਨ ਲਈ ਡੀਏ ਨੂੰ 60 ਫ਼ੀਸਦੀ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ 17 ਜੁਲਾਈ 2020 ਤੋਂ ਪਹਿਲਾਂ ਪੰਜਾਬ ਸਰਕਾਰ ਵਿੱਚ ਭਰਤੀ ਹੋਏ ਮੁਲਾਜ਼ਮ ਜੇਕਰ ਵੱਧ ਤਨਖ਼ਾਹ ਅਤੇ ਹੋਰ ਲਾਭ ਲੈ ਰਹੇ ਹਨ ਤਾਂ ਸਰਕਾਰ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਚਿੰਤਾ ਉਨ੍ਹਾਂ ਮੁਲਾਜ਼ਮਾਂ ਨੂੰ ਲੈ ਕੇ ਹੈ, ਜੋ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਅਤੇ ਜਿਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਮੁਕਾਬਲੇ ਘੱਟ ਡੀਏ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਟੈਂਡ ਇਸ ਮਾਮਲੇ ’ਤੇ ਪਹਿਲਾਂ ਵੀ ਸਪੱਸ਼ਟ ਰਿਹਾ ਹੈ ਅਤੇ ਹਾਈ ਕੋਰਟ ਵਿੱਚ ਵੀ ਇਹੀ ਪੱਖ ਰੱਖਿਆ ਗਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਸਬੰਧੀ ਸੁਪਰੀਮ ਕੋਰਟ ਵਿੱਚ ਐਸਐਲਪੀ ਵੀ ਦਾਇਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਦਾ ਕੋਈ ਵੀ ਮੁਲਾਜ਼ਮ ਕੇਂਦਰ ਸਰਕਾਰ ਦੇ ਮੁਲਾਜ਼ਮ ਨਾਲੋਂ ਘੱਟ ਪੈਸਾ ਘਰ ਲੈ ਕੇ ਨਾ ਜਾਵੇ।
ਕੈਬਨਟ ਸਬ-ਕਮੇਟੀ ਵੱਲੋਂ ਲਏ ਗਏ ਫ਼ੈਸਲੇ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਭੇਜਿਆ ਜਾ ਰਿਹਾ ਹੈ। ਕਮੇਟੀ ਦੇ ਮੈਂਬਰ ਨੇ ਉਮੀਦ ਜਤਾਈ ਕਿ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਜਲਦ ਹੀ ਅੰਤਿਮ ਫ਼ੈਸਲਾ ਲਿਆ ਜਾਵੇਗਾ। ਜੇਕਰ ਸਿਫ਼ਾਰਸ਼ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਡੀ.ਏ ਵਿੱਚ ਵਾਧੇ ਦਾ ਸਿੱਧਾ ਲਾਭ ਮਿਲ ਸਕਦਾ ਹੈ।
- Download Babushahi App
-
-