ਕਿਸਾਨਾਂ ਵੱਲੋਂ ਬਠਿੰਡਾ ਦੇ ਐਸਐਸਪੀ ਤੇ ਡੀਸੀ ਨੂੰ ਦਿੱਤੇ ਝਟਕੇ ਪਿੱਛੋਂ ਲੀਹ 'ਤੇ ਆਇਆ ਪ੍ਰਸ਼ਾਸਨ
ਅਸ਼ੋਕ ਵਰਮਾ
ਬਠਿੰਡਾ, 5 ਸਤੰਬਰ 2026 : ਪੰਜਾਬ ਪੁਲਿਸ ਦੀ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦੌਰੇ ਤੋਂ ਐਨ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵੱਲੋਂ ਵੱਟੀ ਹੋਈ ਮੁਜਰਮਾਨਾ ਚੁੱਪ ਖਿਲਾਫ 30 ਅਗਸਤ ਤੋਂ ਬਠਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਅੱਜ ਸਖਤ ਐਕਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੀਆਂ ਸਰਕਾਰੀ ਰਿਹਾਇਸ਼ਾਂ ਦੀ ਮੁਕੰਮਲ ਘੇਰਾ ਬੰਦੀ ਕਰ ਲਈ ਜਿਸ ਨੂੰ ਖਤਮ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਧਰਨੇ ਵਿੱਚ ਆ ਕੇ ਭਰੋਸਾ ਦਿਵਾਉਣਾ ਪਿਆ। ਇਹ ਪਹਿਲੀ ਵਾਰ ਨਹੀਂ ਹੋਇਆ ਬਲਕਿ ਇਹੋ ਕਿਸਾਨ ਜਥੇਬੰਦੀ ਇਸ ਤੋਂ ਪਹਿਲਾਂ ਤਿੰਨ ਚਾਰ ਵਾਰੀ ਮਿਨੀ ਸਕੱਤਰੇਤ ਨੂੰ ਘੇਰ ਕੇ ਆਪਣੀ ਤਾਕਤ ਦਾ ਵਿਖਾਵਾ ਕਰ ਚੁੱਕੀ ਹੈ ਜਿਸ ਤੋਂ ਕੋਈ ਸਬਕ ਨਾ ਲੈਣ ਦਾ ਸਿੱਟਾ ਹੈ ਕਿ ਪ੍ਰਸ਼ਾਸਨ ਨੂੰ ਤਿੱਖੀ ਨੁਕਤਾ ਚੀਨੀ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨ ਯੂਨੀਅਨ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਅੱਜ ਇਸ ਸਬੰਧੀ ਐਸਐਸਪੀ ਬਠਿੰਡਾ ਨੇ ਸਟੇਜ ਤੋਂ ਵਿਸ਼ਵਾਸ਼ ਦਵਾਇਆ ਕਿ ਪੁਲਿਸ ਕੇਸਾਂ ਨੂੰ ਰੱਦ ਕਰਨ ਸਬੰਧੀ ਸੋਮਵਾਰ ਤੋਂ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਅੱਜ ਦੀ ਸਟੇਜ ਤੋਂ ਕਿਸਾਨ ਆਗੂਆਂ ਨੇ ਕਿਹਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਉਹਨਾਂ ਦੇ ਚੱਲ ਰਹੇ ਸੰਘਰਸ਼ ਨਾਲ ਸਾਂਝ ਵਧਾਉਂਦਿਆਂ ਹੋਇਆਂ ਉਹਨਾਂ ਵੱਲੋਂ 12 ਸਤੰਬਰ ਅਤੇ 13 ਸਤੰਬਰ ਨੂੰ ਆਪਣੀਆਂ ਮੰਗਾਂ ਲਈ ਮੰਤਰੀਆਂ ਨੂੰ ਮੰਗ ਪੱਤਰ ਦੇਣ ਦੇ ਐਲਾਨ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 12 ਸਤੰਬਰ ਨੂੰ ਪੰਜਾਬ ਦੇ ਚਾਰ ਮੰਤਰੀਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਦੇ ਘਰਾਂ ਦਾ ਮੁਕੰਮਲ ਘਿਰਾਓ ਕਰਕੇ ਕਿਸਾਨੀ ਮੋਰਚੇ ਦੀਆਂ 13 ਮੰਗਾਂ ਦੇ ਨਾਲ ਮੁਲਾਜਮਾ ਅਤੇ ਪੈਨਸ਼ਨਰਾਂ ਦੇ ਮੰਗ ਪੱਤਰ ਨਾਲ ਲਿਜਾ ਕਿ ਉਹਨਾਂ ਦੀਆਂ ਮੰਗਾਂ ਨੂੰ ਵੀ ਉਭਾਰਿਆ ਜਾਵੇਗਾ।
ਇਸ ਤੋਂ ਪਹਿਲਾਂ ਕੱਲ 4 ਸਤੰਬਰ ਨੁੰ ਮੋਰਚੇ ਦੀ ਸਟੇਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਘੋਲ ਦੀਆਂ ਮੰਗਾਂ ਨੂੰ ਸਮਰਪਿਤ ਸੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਿਸਾਨ ਮੋਰਚੇ ਨਾਲ ਯੱਕ ਜਹਿਤੀ ਸਹਿਮਤ ਕਰਦਿਆਂ ਮੋਰਚੇ ਦਾ ਸਮਰਥਨ ਕੀਤਾ ਅਤੇ ਸਾਂਝੇ ਸੰਘਰਸ਼ ਕਰਨ ਦੇ ਰਾਹ ਨੂੰ ਅੱਗੇ ਵਧਾਇਆ । ਕਿਸਾਨ ਮੋਰਚੇ ਵੱਲੋਂ ਅੱਜ ਦੇ ਅਫਸਰਾਂ ਦੇ ਘਿਰਾਓ ਮੌਕੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਅੰਦਰ ਕਿਸਾਨ ਅੰਦੋਲਨ ਅਤੇ ਪਰਾਲੀ ਸਾੜਨ ਤੇ ਕਿਸਾਨਾਂ ਵਿਰੁੱਧ ਕੀਤੇ ਪਰਚੇ ਰੱਦ ਕਰਨ ਅਤੇ ਸਦੀਆਂ ਤੋਂ ਜਮੀਨਾਂ ਤੇ ਕਾਬਜ (ਜਿਉਂਦ ਪਿੰਡ ਦੀ ਜਮੀਨ ਦਾ ਮਸਲਾ ਸਮੇਤ) ਕਿਸਾਨਾਂ ਨੂੰ ਉਹਨਾਂ ਦੇ ਮਾਲਕੀ ਹੱਕ ਦਿਵਾਉਣ, ਪਿੰਡ ਘੁੱਦਾ ਦੀ ਅੱਗ ਨਾਲ ਸੜੀ ਕਣਕ ਦਾ ਮੁਆਵਜਾ ਫੌਰੀ ਹੱਲ ਕਰਨ ਦੀ ਮੰਗ ਕੀਤੀ।
ਅੱਜ ਦੇ ਇਕੱਠ ਵੱਲੋਂ ਪਿਛਲੇ ਦਿਨੀ ਪਿੰਡ ਸ਼ੇਰੋ ਵਿਖੇ ਮੁੱਖ ਮੰਤਰੀ ਨੂੰ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਸੰਵਿਧਾਨਿਕ ਤਰੀਕੇ ਨਾਲ ਸ਼ਾਂਤਮਈ ਤੌਰ ਤੇ ਰੋਸ ਕਰਨ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਦੋ ਪੱਤਰਕਾਰ ਕੁੜੀਆਂ ਵੱਲੋਂ ਸਵਾਲ ਪੁੱਛੇ ਜਾਣ ਤੇ ਕੀਤੇ ਅਣਮਨੁੱਖੀ ਅੱਤਿਆਚਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੁੱਟ ਮਾਰ ਕਰਨ ਵਾਲੇ ਅਧਿਕਾਰੀਆਂ ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਇਸ ਘਟਨਾ ਸਬੰਧੀ ਦੇਸ਼ ਵਿੱਚ ਸਭ ਤੋਂ ਵੱਧ ਜਮਹੂਰੀਅਤ ਕਹਾਉਣ ਵਾਲੇ ਦੇਸ਼ ਨੂੰ ਤਾਨਾਸ਼ਾਹੀ ਰਾਜ ਕਰਾਰ ਦਿੱਤਾ।ਘਿਰਾਓ ਦੌਰਾਨ ਅੱਜ ਦੇ ਇਕੱਠ ਨੂੰ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ ਅਤੇ ਜਿਲ੍ਹਾ/ ਬਲਾਕਾਂ ਦੇ ਪ੍ਰਧਾਨ ਸਕੱਤਰਾਂ ਨੇ ਕਿਹਾ ਕਿ ਮੋਰਚੇ ਦੀਆਂ 13 ਮੰਗਾਂ ਦੇ ਨਿਪਟਾਰੇ ਤੱਕ ਮੋਰਚੇ ਜਾਰੀ ਰਹਿਣਗੇ।
- Download Babushahi App
-
-