BREAKING: ਕਿਸਾਨੀ ਮੰਗਾਂ ’ਤੇ SKM ਨੂੰ ਪੰਜਾਬ ਸਰਕਾਰ ਦਾ ਵੱਡਾ ਭਰੋਸਾ; ਇੱਕ ਮਹੀਨੇ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਐਲਾਨ
Ravi Jakhu
ਚੰਡੀਗੜ੍ਹ, 6 ਸਤੰਬਰ 2026: ਚੰਡੀਗੜ੍ਹ ਮੋਰਚਾ ਲਾਈ ਬੈਠੇ ਕਿਸਾਨਾਂ ਦੀ ਅੱਜ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਕਿਸਾਨੀ ਮੰਗਾਂ ਦੇ ਹੱਲ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ। ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇੱਕ ਮਹੀਨੇ ਦੇ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਤੇ ਸਬੰਧਤ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਮੰਗਾਂ ਨੂੰ ਲੈ ਕੇ ਸਹਿਮਤੀ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਮੰਗਾਂ ਬਾਰੇ ਸਰਕਾਰ ਵੱਲੋਂ ਲਿਖਤੀ ਰੂਪ ਵਿੱਚ ਜਾਣਕਾਰੀ ਕਿਸਾਨ ਆਗੂਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਸਰਕਾਰ ਵੱਲੋਂ ਲਿਖਤੀ ਪੱਤਰ ਉਨ੍ਹਾਂ ਦੇ ਹੱਥ ਵਿੱਚ ਆ ਜਾਵੇਗਾ, ਉਸ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਅਗਲੀ ਰਣਨੀਤੀ ਬਾਰੇ ਫੈਸਲਾ ਕਰਨਗੀਆਂ।
ਰਾਜੇਵਾਲ ਨੇ ਕਿਹਾ ਕਿ ਪਾਣੀਆਂ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਵੀ ਪੰਜਾਬ ਵਿਧਾਨ ਸਭਾ ਵਿੱਚ ਮਤੇ ਪਾਸ ਕਰਨ ਦੀ ਗੱਲ ਹੋਈ ਹੈ। ਉਨ੍ਹਾਂ ਅਨੁਸਾਰ ਪਾਣੀਆਂ ਨਾਲ ਸਬੰਧਤ ਸਮਝੌਤਿਆਂ ਅਤੇ ਧਾਰਾ ਦੇ ਸੰਦਰਭ ਵਿੱਚ ਪੰਜਾਬ ਦੇ ਹਿੱਤਾਂ ਦੇ ਮੱਦੇਨਜ਼ਰ ਮਤੇ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਤਿਆਂ ਬਾਰੇ ਸਰਕਾਰ ਵੱਲੋਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ।
ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਵੱਖਰੀਆਂ ਹਨ ਅਤੇ ਉਨ੍ਹਾਂ ਬਾਰੇ ਅਜੇ ਕੇਂਦਰ ਨਾਲ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਹੋਣ ਤੋਂ ਬਾਅਦ ਹੀ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ।
ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇ ਮੁੱਦੇ ’ਤੇ ਵੀ ਮੀਟਿੰਗ ਦੌਰਾਨ ਚਰਚਾ ਹੋਈ। ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਸਰਕਾਰ ਅੱਗੇ ਮੰਗ ਰੱਖੀ ਗਈ ਹੈ ਕਿ ਐੱਮਐੱਸਪੀ ਤਹਿਤ ਵੱਧ ਤੋਂ ਵੱਧ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਈ ਜਾਵੇ ਅਤੇ ਖ਼ਰੀਦ ਦੀ ਸੀਮਾ ਵਿੱਚ ਵਾਧਾ ਕੀਤਾ ਜਾਵੇ। ਇਸ ਸਬੰਧੀ ਸਰਕਾਰ ਵੱਲੋਂ ਹਾਂ-ਪੱਖੀ ਰੁਖ ਦਾ ਸੰਕੇਤ ਦਿੱਤਾ ਗਿਆ ਹੈ।
ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ ਅਤੇ ਉਸ ਵਿੱਚ ਸਰਕਾਰ ਦੇ ਫੈਸਲਿਆਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਬਾਅਦ ਹੀ ਕਿਸਾਨ ਆਗੂ ਆਪਣਾ ਅਗਲਾ ਫੈਸਲਾ ਜਨਤਕ ਕਰਨਗੇ।
- Download Babushahi App
-
-