ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਪੰਜਾਬ ਸਰਕਾਰ ਦੇ ਇਤਰਾਜ਼ ਦੀ ਬਾਰ ਐਸੋਸੀਏਸ਼ਨ ਵੱਲੋਂ ਸਖ਼ਤ ਨਿੰਦਾ
ਚੰਡੀਗੜ੍ਹ, 6 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਕਥਿਤ ਤੌਰ ’ਤੇ ਵਿਰੋਧ ਕੀਤੇ ਜਾਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਸਖ਼ਤ ਅਤੇ ਸਪੱਸ਼ਟ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਸੋਸੀਏਸ਼ਨ ਨੇ ਇਸ ਕਦਮ ਨੂੰ ਨਿਆਂਪਾਲਿਕਾ ਦੀ ਆਜ਼ਾਦੀ ਅਤੇ ਉਸ ਦੀ ਸੰਸਥਾਗਤ ਮਰਿਆਦਾ ਨਾਲ ਜੁੜੇ ਮਾਮਲਿਆਂ ਵਿੱਚ ਕਾਰਜਪਾਲਿਕਾ ਦੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ।
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰੋਹਿਤ ਸੂਦ ਦੀ ਅਗਵਾਈ ਹੇਠ ਐਗਜ਼ੈਕਟਿਵ ਕਮੇਟੀ ਦੀ ਹੋਈ ਐਮਰਜੈਂਸੀ ਮੀਟਿੰਗ ਤੋਂ ਬਾਅਦ ਜਾਰੀ ਬਿਆਨ ਵਿੱਚ ਇਸ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਐਸੋਸੀਏਸ਼ਨ ਨੇ ਕਿਹਾ ਕਿ ਹਾਈ ਕੋਰਟ ਦੇ ਜੱਜਾਂ ਅਤੇ ਮੁੱਖ ਜੱਜਾਂ ਦੀ ਨਿਯੁਕਤੀ ਸੰਵਿਧਾਨਕ ਪ੍ਰਬੰਧਾਂ ਅਤੇ ਸੁਪਰੀਮ ਕੋਰਟ ਵੱਲੋਂ ਤੈਅ ਕੀਤੇ ਕਾਨੂੰਨੀ ਸਿਧਾਂਤਾਂ ਅਨੁਸਾਰ ਹੁੰਦੀ ਹੈ।
ਐਸੋਸੀਏਸ਼ਨ ਨੇ ਕਿਹਾ ਕਿ ਜਦੋਂ ਕਿਸੇ ਜੱਜ ਦੀ ਨਿਯੁਕਤੀ ਸੰਵਿਧਾਨਕ ਪ੍ਰਕਿਰਿਆ ਤਹਿਤ ਕੀਤੀ ਜਾਂਦੀ ਹੈ ਤਾਂ ਸਿਆਸੀ ਅਸਹਿਮਤੀ ਨੂੰ ਨਿਆਂਪਾਲਿਕਾ ਦੇ ਅਧਿਕਾਰ, ਮਰਿਆਦਾ ਜਾਂ ਸੰਸਥਾਗਤ ਆਜ਼ਾਦੀ ਨੂੰ ਪ੍ਰਭਾਵਿਤ ਕਰਨ ਦਾ ਆਧਾਰ ਨਹੀਂ ਬਣਨ ਦੇਣਾ ਚਾਹੀਦਾ। ਬਾਰ ਨੇ ਕਿਹਾ ਕਿ ਨਿਆਂਪਾਲਿਕਾ ਦੀ ਸੁਤੰਤਰਤਾ ਲੋਕਤੰਤਰ ਅਤੇ ਸੰਵਿਧਾਨਕ ਪ੍ਰਬੰਧ ਦਾ ਅਹਿਮ ਥੰਮ੍ਹ ਹੈ।
ਬਾਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਜੱਜ ਦੀ ਨਿਯੁਕਤੀ ਬਾਰੇ ਵਿਚਾਰ-ਵਟਾਂਦਰੇ ਲਈ ਵਿਸ਼ੇਸ਼ ਕੈਬਨਿਟ ਮੀਟਿੰਗ ਬੁਲਾਏ ਜਾਣ ਦੀਆਂ ਰਿਪੋਰਟਾਂ ’ਤੇ ਵੀ ਇਤਰਾਜ਼ ਜਤਾਇਆ। ਐਸੋਸੀਏਸ਼ਨ ਨੇ ਇਸ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਨਿਆਂਪਾਲਿਕਾ ’ਤੇ ਕਿਸੇ ਵੀ ਤਰ੍ਹਾਂ ਦੇ ਸਿਆਸੀ ਜਾਂ ਕਾਰਜਪਾਲਿਕਾ ਦੇ ਦਬਾਅ ਦੀ ਧਾਰਨਾ ਵੀ ਸੰਸਥਾ ਦੀ ਸੁਤੰਤਰਤਾ ਲਈ ਠੀਕ ਨਹੀਂ ਹੈ।
ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਸੰਵਿਧਾਨਕ ਪ੍ਰਕਿਰਿਆ ਦਾ ਸਨਮਾਨ ਕਰਨ, ਸ਼ਕਤੀਆਂ ਦੀ ਵੰਡ ਦੇ ਸਿਧਾਂਤ ਨੂੰ ਕਾਇਮ ਰੱਖਣ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਬਾਰ ਨੇ ਕਾਨੂੰਨੀ ਭਾਈਚਾਰੇ ਨੂੰ ਨਿਆਂਪਾਲਿਕਾ ਦੀ ਆਜ਼ਾਦੀ ਦੀ ਰੱਖਿਆ ਲਈ ਸੁਚੇਤ ਅਤੇ ਇਕਜੁੱਟ ਰਹਿਣ ਦਾ ਸੱਦਾ ਦਿੱਤਾ। ਐਸੋਸੀਏਸ਼ਨ ਨੇ ਕਿਹਾ ਕਿ ਸੁਤੰਤਰ ਨਿਆਂਪਾਲਿਕਾ ਹਰੇਕ ਨਾਗਰਿਕ ਦੇ ਸੰਵਿਧਾਨਕ ਅਧਿਕਾਰਾਂ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਗਾਰੰਟੀ ਹੈ। ਬਾਰ ਐਸੋਸੀਏਸ਼ਨ ਨੇ ਨਿਆਂਪਾਲਿਕਾ ਨੂੰ ਆਪਣਾ ਸਮਰਥਨ ਦੁਹਰਾਉਂਦਿਆਂ ਨਿਆਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਨਿਡਰ ਢੰਗ ਨਾਲ ਚਲਾਉਣ ਲਈ ਆਪਣੀ ਵਚਨਬੱਧਤਾ ਵੀ ਪ੍ਰਗਟਾਈ। ਇਹ ਬਿਆਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ, ਚੰਡੀਗੜ੍ਹ ਦੇ ਆਨਰੇਰੀ ਸਕੱਤਰ ਪਰਮਪ੍ਰੀਤ ਸਿੰਘ ਬਾਜਵਾ (ਹੈਰੀ) ਵੱਲੋਂ ਜਾਰੀ ਕੀਤਾ ਗਿਆ।
- Download Babushahi App
-
-