ਲਾਲੜੂ ਵਿੱਚ 47.54 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਨਾਲ ਸੈਨੀਟੇਸ਼ਨ ਢਾਂਚੇ ਨੂੰ ਮਿਲੇਗਾ ਵੱਡਾ ਹੁਲਾਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ
3 ਐੱਮ.ਐੱਲ.ਡੀ. ਐੱਸ.ਟੀ.ਪੀ., 3.50 ਐੱਮ.ਐੱਲ.ਡੀ. ਐੱਫ.ਐੱਸ.ਟੀ.ਪੀ. ਅਤੇ 21.7 ਕਿਲੋਮੀਟਰ ਦਾ ਸੀਵਰੇਜ ਨੈੱਟਵਰਕ; 18 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਪ੍ਰਾਜੈਕਟ
ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 7 ਸਤੰਬਰ:
ਲਾਲੜੂ ਸ਼ਹਿਰ ਵਿੱਚ ਸੀਵਰੇਜ ਅਤੇ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਕਰਦਿਆਂ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸਵੱਛ ਭਾਰਤ ਮਿਸ਼ਨ (ਐੱਸ.ਬੀ.ਐੱਮ.) 2.0 ਤਹਿਤ 47.54 ਕਰੋੜ ਰੁਪਏ ਦੀ ਲਾਗਤ ਵਾਲੇ ਵਿਆਪਕ ਸੀਵਰੇਜ ਅਤੇ ਗੰਦੇ ਪਾਣੀ ਦੇ ਟਰੀਟਮੈਂਟ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਇਸ ਮਹੱਤਵਪੂਰਨ ਪ੍ਰਾਜੈਕਟ ਦਾ ਉਦੇਸ਼ ਲਾਲੜੂ ਸ਼ਹਿਰ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਸੀਵਰੇਜ ਪ੍ਰਣਾਲੀ ਮੁਹੱਈਆ ਕਰਵਾਉਣਾ, ਸੀਵਰੇਜ ਦੇ ਪਾਣੀ ਦੇ ਖੜ੍ਹੇ ਰਹਿਣ ਦੀ ਸਮੱਸਿਆ ਨੂੰ ਦੂਰ ਕਰਨਾ ਅਤੇ ਗੰਦੇ ਪਾਣੀ ਦੇ ਵਿਗਿਆਨਕ ਤੇ ਟਿਕਾਊ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਹੈ। ਪ੍ਰਾਜੈਕਟ ਨੂੰ 18 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਪ੍ਰਾਜੈਕਟ ਤਹਿਤ ਸ਼ਹਿਰ ਵਿੱਚ ਲਗਭਗ 9 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 12.7 ਕਿਲੋਮੀਟਰ ਰਾਈਜ਼ਿੰਗ ਮੇਨ ਨੈੱਟਵਰਕ ਵਿਛਾਇਆ ਜਾਵੇਗਾ। ਇਸ ਤੋਂ ਇਲਾਵਾ ਪਿੰਡ ਮਗਰਾ ਵਿਖੇ 3.00 ਐੱਮ.ਐੱਲ.ਡੀ. ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ (ਐੱਸ.ਟੀ.ਪੀ.) ਅਤੇ ਵੇਰਕਾ ਬੂਥ ਦੇ ਪਿੱਛੇ 3.50 ਐੱਮ.ਐੱਲ.ਡੀ. ਸਮਰੱਥਾ ਵਾਲਾ ਫੀਕਲ ਸਲੱਜ ਟਰੀਟਮੈਂਟ ਪਲਾਂਟ (ਐੱਫ.ਐੱਸ.ਟੀ.ਪੀ.) ਸਥਾਪਿਤ ਕੀਤਾ ਜਾਵੇਗਾ।
ਪ੍ਰਾਜੈਕਟ ਵਿੱਚ ਇੰਟਰਸੈਪਟਿੰਗ ਐਂਡ ਡਾਇਵਰਜ਼ਨ ਸੀਵਰ, ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐੱਸ.) ਅਤੇ ਮੇਨ ਪੰਪਿੰਗ ਸਟੇਸ਼ਨ (ਐੱਮ.ਪੀ.ਐੱਸ.) ਵੀ ਸ਼ਾਮਲ ਹਨ, ਜਿਸ ਨਾਲ ਸੀਵਰੇਜ ਦੀ ਇਕੱਤਰਤਾ, ਢੋਆ-ਢੁਆਈ ਅਤੇ ਟਰੀਟਮੈਂਟ ਲਈ ਇੱਕ ਏਕੀਕ੍ਰਿਤ ਪ੍ਰਣਾਲੀ ਵਿਕਸਤ ਹੋਵੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਪ੍ਰਾਜੈਕਟ ਲਾਲੜੂ ਦੇ ਸੈਨੀਟੇਸ਼ਨ ਢਾਂਚੇ ਵਿੱਚ ਵੱਡਾ ਗੁਣਾਤਮਕ ਸੁਧਾਰ ਲਿਆਏਗਾ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਤੇ ਟਿਕਾਊ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਜਨਤਕ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਹੋਰ ਬਿਹਤਰ ਬਣਾਉਣ ਵਿੱਚ ਵੀ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਕੌਂਸਲਰ, ਵਾਰਡ ਇੰਚਾਰਜ, ਬਲਾਕ ਪ੍ਰਧਾਨ, ਪੰਚ, ਸਰਪੰਚ, ਇਲਾਕਾ ਵਾਸੀ, ਪਾਰਟੀ ਨੁਮਾਇੰਦੇ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
- Download Babushahi App
-
-