ਬਠਿੰਡਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਤਿਆਰੀਆਂ ਖਿੱਚੀਆਂ
ਅਸ਼ੋਕ ਵਰਮਾ
ਬਠਿੰਡਾ, 8 ਸਤੰਬਰ 2026 : ਬਠਿੰਡਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਅਤੇ ਇਸਦਾ ਢੁੱਕਵਾਂ ਪ੍ਰਬੰਧ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪੱਧਰੀ ਕੋਆਡੀਨੇਟਿੰਗ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਮੌਕੇ ਅਪੀਲ ਕੀਤੀ ਕਿ
ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਬਜਾਏ ਇਸ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਤਾਂ ਜੋ ਵਾਤਾਵਰਨ ਅਤੇ ਖੇਤੀਬਾੜੀ ਨਾਲ ਸਬੰਧਤ ਮਿੱਤਰ ਕੀੜਿਆਂ ਦੀ ਸੰਭਾਲ ਕੀਤੀ ਜਾ ਸਕੇ । ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਅਤੇ ਪੌਸ਼ਟਿਕ ਤੱਤ ਨਸ਼ਟ ਹੁੰਦੇ ਹਨ ਅਤੇ ਧੂੰਏਂ ਕਾਰਨ ਹਵਾ ਪ੍ਰਦੂਸ਼ਿਤ ਹੁੰਦੀ ਹੈ। ਉਨ੍ਹਾਂ ਨੇ ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸੁਝਾਈਆਂ ਗਈਆਂ ਤਕਨੀਕਾਂ ਨੂੰ ਅਪਣਾਉਣ। ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਖੇਤੀ ਲਈ ਲੋੜੀਂਦ ਤੱਤਾਂ ਦੀ ਪੂਰਤੀ ਵਿੱਚ ਵੀ ਮਦਦ ਮਿਲਦੀ ਹੈ।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਲਈ ਕਿਹਾ ਗਿਆ।
ਮੀਟਿੰਗ ਦੌਰਾਨ ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਮੈਪਿੰਗ, ਪਰਾਲੀ ਨੂੰ ਖੇਤ ਵਿੱਚ ਮਿਲਾਉਣ ਦੀਆਂ ਤਕਨੀਕਾਂ, ਐਕਸ ਸੀਟੂ ਅਤੇ ਇਨ ਸੀਟੂ ਵਿਧੀ ਅਤੇ ਆਈ.ਈ.ਸੀ ਗਤੀਵਿਧੀਆਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਉਨ੍ਹਾਂ ਦੇ ਵਿਭਾਗ ਵੱਲੋ ਇਹ ਜਾਣਕਾਰੀ ਕਿਸਾਨਾਂ ਨੂੰ ਪਿੰਡ ਪੱਧਰ ਤੇ ਮੁਹੱਈਆ ਕਰਵਾਈ ਜਾਵੇਗੀ।ਇਸ ਮੌਕੇ ਸ਼੍ਰੀ ਬਲਕਰਨ ਸਿੰਘ ਐਸ.ਡੀ.ਐਮ., ਰਾਮਪੁਰਾ ਫੂਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
- Download Babushahi App
-
-