SGPC ਚੋਣਾਂ ’ਚ 15 ਸਾਲ ਦੀ ਦੇਰੀ ’ਤੇ ਸੁਖਜਿੰਦਰ ਰੰਧਾਵਾ ਨੇ ਕੇਂਦਰ ਨੂੰ ਘੇਰਿਆ, ਕਿਹਾ- ਸਿੱਖ ਸੰਗਤ ਨੂੰ ਨੁਮਾਇੰਦੇ ਚੁਣਨ ਦਾ ਹੱਕ ਮਿਲੇ
ਚੰਡੀਗੜ੍ਹ, 8 ਸਤੰਬਰ 2026: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਲੰਬੇ ਸਮੇਂ ਤੋਂ ਨਾ ਕਰਵਾਏ ਜਾਣ ’ਤੇ ਕੇਂਦਰ ਸਰਕਾਰ ਤੋਂ ਸਪਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ SGPC ਦੀਆਂ ਚੋਣਾਂ ਪਿਛਲੇ ਕਰੀਬ 15 ਸਾਲਾਂ ਤੋਂ ਨਹੀਂ ਹੋਈਆਂ, ਜੋ ਸਿਰਫ਼ ਇੱਕ ਚੋਣ ਦਾ ਮਾਮਲਾ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀ ਆਸਥਾ, ਸ਼ਰਧਾ ਅਤੇ ਆਪਣੇ ਧਾਰਮਿਕ ਅਦਾਰੇ ਦੇ ਪ੍ਰਬੰਧ ਵਿੱਚ ਹਿੱਸੇਦਾਰੀ ਨਾਲ ਜੁੜਿਆ ਗੰਭੀਰ ਮੁੱਦਾ ਹੈ।
ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਇਸੇ ਮੁੱਦੇ ਨੂੰ ਸੰਸਦ ਵਿੱਚ ਉਠਾਉਂਦਿਆਂ ਕੇਂਦਰ ਸਰਕਾਰ ਤੋਂ ਸਪੱਸ਼ਟ ਤੌਰ ’ਤੇ ਪੁੱਛਿਆ ਕਿ SGPC ਚੋਣਾਂ ਕਰਵਾਉਣ ਵਿੱਚ ਇੰਨੀ ਲੰਬੀ ਦੇਰੀ ਕਿਉਂ ਹੋ ਰਹੀ ਹੈ ਅਤੇ ਇਹ ਚੋਣਾਂ ਆਖ਼ਰ ਕਦੋਂ ਤੱਕ ਕਰਵਾਈਆਂ ਜਾਣਗੀਆਂ।
ਉਨ੍ਹਾਂ ਮੁਤਾਬਕ, ਕੇਂਦਰ ਸਰਕਾਰ ਨੇ ਸੰਸਦ ਵਿੱਚ ਦਿੱਤੇ ਜਵਾਬ ਵਿੱਚ ਦੱਸਿਆ ਹੈ ਕਿ SGPC ਚੋਣਾਂ ਲਈ ਚੀਫ਼ ਕਮਿਸ਼ਨਰ ਦੀ ਨਿਯੁਕਤੀ ਅਤੇ ਨਵੀਂ ਵੋਟਰ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਹਾਲਾਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀਆਂ ਪਟੀਸ਼ਨਾਂ ਕਾਰਨ ਚੋਣ ਪ੍ਰਕਿਰਿਆ ਇਸ ਸਮੇਂ ਰੁਕੀ ਹੋਈ ਹੈ।
ਰੰਧਾਵਾ ਨੇ ਕਿਹਾ ਕਿ ਅਦਾਲਤੀ ਪ੍ਰਕਿਰਿਆ ਦਾ ਪੂਰਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ, ਪਰ ਇਸ ਦੇ ਨਾਲ ਹੀ ਚੋਣਾਂ ਨਾਲ ਸਬੰਧਤ ਹੋਰ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਨੂੰ ਤੇਜ਼ ਕੀਤਾ ਜਾ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਾਨੂੰਨੀ ਰੁਕਾਵਟਾਂ ਦੂਰ ਹੋਣ ਮਗਰੋਂ ਬਾਕੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਹੋਰ ਬੇਲੋੜੀ ਦੇਰੀ ਦੇ ਮੁਕੰਮਲ ਕੀਤਾ ਜਾਵੇ ਅਤੇ SGPC ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ SGPC ਸਿੱਖ ਭਾਈਚਾਰੇ ਦੀ ਇੱਕ ਮਹੱਤਵਪੂਰਨ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਪ੍ਰਬੰਧ ਵਿੱਚ ਸਿੱਖ ਸੰਗਤ ਦੀ ਸਿੱਧੀ ਭੂਮਿਕਾ ਅਤੇ ਨੁਮਾਇੰਦਗੀ ਯਕੀਨੀ ਬਣਾਉਣਾ ਜ਼ਰੂਰੀ ਹੈ। ਲੰਬੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਸਿੱਖ ਸੰਗਤ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਚਰਚਾ ਬਣੀ ਹੋਈ ਹੈ।
ਰੰਧਾਵਾ ਨੇ ਕਿਹਾ ਕਿ ਸਿੱਖ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਲੋਕਤੰਤਰੀ ਹੱਕ ਮਿਲਣਾ ਚਾਹੀਦਾ ਹੈ ਅਤੇ ਇਸ ਹੱਕ ਨੂੰ ਹੋਰ ਲੰਬੇ ਸਮੇਂ ਤੱਕ ਟਾਲਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਾਨੂੰਨੀ ਪ੍ਰਕਿਰਿਆ ਦਾ ਸਨਮਾਨ ਕਰਦਿਆਂ SGPC ਚੋਣਾਂ ਕਰਵਾਉਣ ਲਈ ਲੋੜੀਂਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ।
- Download Babushahi App
-
-