ਲਾਸ਼ਾਂ ’ਤੇ ਸਿਆਸਤ ਨਾ ਕਰਨ ਰਾਹੁਲ ਗਾਂਧੀ, ਪੰਜਾਬੀ ਅਜਿਹੀ ਸਿਆਸਤ ਪਸੰਦ ਨਹੀਂ ਕਰਦੇ: ਭਗਵੰਤ ਮਾਨ
Ravi Jakhu
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਤਕਰਾਰ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਕਿਸੇ ਦੀ ਮੌਤ ਜਾਂ ਦੁੱਖਦਾਈ ਘਟਨਾ ਨੂੰ ਸਿਆਸੀ ਮੁੱਦਾ ਬਣਾਉਣਾ ਪੰਜਾਬ ਦੀ ਸਿਆਸੀ ਅਤੇ ਸਮਾਜਿਕ ਪਰੰਪਰਾ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ‘‘ਲਾਸ਼ਾਂ ਉੱਪਰ ਰਾਜਨੀਤੀ’’ ਨਾ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਿਆਸਤ ਨੂੰ ਪਸੰਦ ਨਹੀਂ ਕਰਦੇ ਅਤੇ ਦੁਖੀ ਪਰਿਵਾਰਾਂ ਦੇ ਦਰਦ ਨੂੰ ਸਿਆਸੀ ਲਾਹਾ ਲੈਣ ਲਈ ਵਰਤਣਾ ਠੀਕ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਕਾਂਗਰਸ ਦੇ ਆਗੂ ਪੀੜਤ ਦੇ ਪਿੰਡ ਵਿੱਚ ਜਾ ਕੇ ਵੀ ਇਸੇ ਤਰ੍ਹਾਂ ਦੀ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਉਥੋਂ ਵਾਪਸ ਭੇਜ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਸ ਮਾਮਲੇ ਨੂੰ ਲੈ ਕੇ ਸਿਆਸੀ ਸਵਾਲ ਉਠਾਏ ਜਾ ਰਹੇ ਹਨ, ਉਸ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਨਾਲ ਸਬੰਧਤ ਸਾਰੇ ਮੁਲਜ਼ਮਾਂ ਨੂੰ ਪਰਿਵਾਰ ਵੱਲੋਂ ਕੀਤੀ ਗਈ ਨਿਸ਼ਾਨਦੇਹੀ ਦੇ ਆਧਾਰ ’ਤੇ ਪੁਲਿਸ ਪਹਿਲਾਂ ਹੀ ਕਾਬੂ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ’ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਫੈਲਣ ਲਈ ਪਿਛਲੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਜ਼ਿੰਮੇਵਾਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਵਿੱਚ ਗੰਭੀਰ ਰੂਪ ਧਾਰਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਾ ਤਸਕਰੀ ਦੇ ਖ਼ਿਲਾਫ਼ ਸਖ਼ਤ ਰੁਖ਼ ਅਪਣਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਅਤੇ ਨੌਜਵਾਨਾਂ ਨੂੰ ਇਸ ਭਿਆਨਕ ਸਮੱਸਿਆ ਤੋਂ ਬਚਾਉਣਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਹਾਲ ਹੀ ਵਿੱਚ ਸਿਆਸੀ ਮਾਹੌਲ ਕਾਫ਼ੀ ਗਰਮ ਹੋਇਆ ਹੈ। ਕਾਂਗਰਸ ਵੱਲੋਂ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ’ਤੇ ਸਵਾਲ ਉਠਾਏ ਜਾ ਰਹੇ ਹਨ, ਜਦਕਿ ਸਰਕਾਰ ਵੱਲੋਂ ਵਿਰੋਧੀ ਧਿਰਾਂ ’ਤੇ ਇਸ ਮੁੱਦੇ ਨੂੰ ਸਿਆਸੀ ਰੰਗ ਦੇਣ ਦੇ ਦੋਸ਼ ਲਗਾਏ ਜਾ ਰਹੇ ਹਨ।
ਭਗਵੰਤ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
- Download Babushahi App
-
-