ਮਾਨਸਾ ਪੁਲੀਸ ਵੱਲੋਂ ਅਰਸ਼ ਡੱਲਾ ਗਰੁੱਪ ਦੇ ਦੋ ਮੈਂਬਰ ਗ੍ਰਿਫਤਾਰ
ਅਸ਼ੋਕ ਵਰਮਾ
ਮਾਨਸਾ, 9 ਸਤੰਬਰ 2026 :ਮਾਨਸਾ ਪੁਲੀਸ ਨੇ ਗੈਂਗਸਟਰ ਅਰਸ਼ ਡੱਲਾ ਗਰੁੱਪ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਅਪਰਾਧਿਕ ਵਾਰਦਾਤ ਵਾਪਰਨ ਤੋਂ ਰੋਕਣ ਦਾ ਦਾਅਵਾ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਅਸਲਾ ਵੀ ਬਰਾਮਦ ਕਰਨ ਸਬੰਧੀ ਜਾਣਕਾਰੀ ਵੀ ਦਿੱਤੀ ਹੈ। ਸੀਨੀਅਰ ਪੁਲਿਸ ਕਪਤਾਨ ਮਾਨਸਾ ਵੈਭਵ ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਲਜ਼ਮਾਂ ਕੋਲੋਂ .32 ਬੋਰ ਦੇ 4 ਪਿਸਤੌਲ, 13 ਕਾਰਤੂਸ ਅਤੇ .315 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੀ ਆਈ ਏ ਸਟਾਫ ਮਾਨਸਾ ਦੀ ਟੀਮ ਨੇ ਗਸ਼ਤ ਦੌਰਾਨ ਨਹਿਰੂ ਕਾਲਜ ਦੇ ਪਿਛਲੇ ਪਾਸਿਓਂ ਅੰਮ੍ਰਿਤਪਾਲ ਸਿੰਘ ਉਰਫ ਜੈਕੀ ਅਤੇ ਕੁਲਦੀਪ ਸਿੰਘ ਉਰਫ ਘੁੱਗੀ ਨੂੰ ਕਾਬੂ ਕੀਤਾ।
ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ 2 ਵਿੱਚ 7 ਸਤੰਬਰ 2026 ਨੂੰ ਮੁਕੱਦਮਾ ਨੰਬਰ 216 ਦਰਜ ਕੀਤਾ ਹੈ। ਇਹ ਕਾਰਵਾਈ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਅਮਲ ਵਿੱਚ ਲਿਆਂਦੀ ਗਈ ਹੈ। ਐੱਸ ਐੱਸ ਪੀ ਨੇ ਦੱਸਿਆ ਕਿ ਇਹ ਮੁਲਜ਼ਮ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ, ਪਰ ਸਮਾਂ ਰਹਿੰਦਿਆਂ ਪੁਲੀਸ ਨੇ ਇਨ੍ਹਾਂ ਦੀ ਯੋਜਨਾ ਨਾਕਾਮ ਕਰ ਦਿੱਤੀ। ਪੁਲੀਸ ਵੱਲੋਂ ਇਨ੍ਹਾਂ ਨੌਜਵਾਨਾਂ ਦੇ ਅਰਸ਼ ਡੱਲਾ ਗਰੁੱਪ ਨਾਲ ਸਬੰਧਾਂ ਬਾਰੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਾਂਚ ਟੀਮਾਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਬਰਾਮਦ ਕੀਤੇ ਗਏ ਹਥਿਆਰਾਂ ਦਾ ਅਸਲ ਸਰੋਤ ਕੀ ਹੈ ਅਤੇ ਇਨ੍ਹਾਂ ਪਿੱਛੇ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ।
- Download Babushahi App
-
-