ਸਿਹਤ ਵਿਭਾਗ ਨੇ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਲਈ ਕਮਰਕਸੀ
ਅਸ਼ੋਕ ਵਰਮਾ
ਬਠਿੰਡਾ, 9 ਸਤੰਬਰ 2026 : ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਠਿੰਡਾ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਦੀ ਨਿਯਮਤ ਜਾਂਚ, ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਅਤੇ ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦੀ ਸਿਹਤ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜੱਚਾ-ਬੱਚਾ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਸਿਹਤ ਕੈਂਪ ਲਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਪੋਸ਼ਟਿਕ ਖੁਰਾਕ, ਆਇਰਨ ਅਤੇ ਕੈਲਸ਼ੀਅਮ ਗੋਲੀਆਂ ਦੀ ਮਹੱਤਤਾ, ਸਮੇਂ-ਸਮੇਂ ਤੇ ਚੈੱਕਅੱਪ ਕਰਵਾਉਣ ਅਤੇ ਸੰਸਥਾਗਤ ਡਿਲੀਵਰੀ ਦੀ ਲੋੜ ਬਾਰੇ ਜਾਗਰੂਕ ਕੀਤਾ ਜਾਂਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੂੰ ਬਜ਼ਾਰੂ ਜੰਕ ਫੂਡ ਅਤੇ ਕੋਲਡ ਡਰਿੰਕਸ ਦੇ ਸਿਹਤ ਉੱਤੇ ਪੈਣ ਵਾਲੇ ਨੁਕਸਾਨਾਂ ਸਮੇਤ ਗਰਭ ਦੌਰਾਨ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਦੇ ਨੁਕਸਾਨਾਂ ਤੋਂ ਵੀ ਜਾਣੂ ਕਰਵਾਇਆ ਮਾਹਿਰ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਗਰਭਵਤੀ ਔਰਤਾਂ ਦੀ ਵਿਸਥਾਰਪੂਰਵਕ ਸਿਹਤ ਜਾਂਚ ਕੀਤੀ ਗਈ। ਇਸ ਦੌਰਾਨ ਬਲੱਡ ਪ੍ਰੈਸ਼ਰ, ਹੀਮੋਗਲੋਬਿਨ, ਬਲੱਡ ਸ਼ੂਗਰ ਆਦਿ ਦੀ ਜਾਂਚ ਦੇ ਨਾਲ-ਨਾਲ ਲੋੜ ਅਨੁਸਾਰ ਹੋਰ ਟੈਸਟ ਵੀ ਕੀਤੇ ਗਏ। ਗਰਭਵਤੀ ਔਰਤਾਂ ਨੂੰ ਸੰਤੁਲਿਤ ਖੁਰਾਕ, ਆਇਰਨ-ਫੋਲਿਕ ਐਸਿਡ ਦੀਆਂ ਗੋਲੀਆਂ ਦੀ ਵਰਤੋਂ, ਨਿਯਮਤ ਜਾਂਚ ਅਤੇ ਗਰਭ ਅਵਸਥਾ ਦੌਰਾਨ ਸਾਵਧਾਨੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਡਾ ਛਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਅਭਿਆਨ ਦਾ ਮੁੱਖ ਉਦੇਸ਼ ਹਰ ਗਰਭਵਤੀ ਔਰਤ ਨੂੰ ਗੁਣਵੱਤਾ ਭਰਪੂਰ ਅਤੇ ਮੁਫ਼ਤ ਜਣੇਪਾ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਖਾਸ ਕਰਕੇ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਹਿਚਾਣ ਕਰਕੇ ਉਨ੍ਹਾਂ ਦੀ ਨਿਗਰਾਨੀ ਅਤੇ ਲੋੜ ਪੈਣ ’ਤੇ ਉੱਚ ਪੱਧਰੀ ਸਿਹਤ ਸੰਸਥਾ ਵਿੱਚ ਰੈਫਰਲ ਯਕੀਨੀ ਬਣਾਇਆ ਜਾਂਦਾ ਹੈ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਸਿੰਘ ਕੈਂਥ ਨੇ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਗਰਭ ਅਵਸਥਾ ਦੌਰਾਨ ਆਪਣੀ ਸਿਹਤ ਦੀ ਨਿਯਮਤ ਜਾਂਚ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਸਿਹਤ ਵਿਭਾਗ ਵੱਲੋਂ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਉਣ ਲਈ ਅਜਿਹੇ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸ ਮੌਕੇ ਕੌਸ਼ਲਰ ਚਰਨਪਾਲ ਕੌਰ ਅਤੇ ਏ.ਐਨ.ਐਮ ਰਾਜਵਿੰਦਰ ਕੌਰ ਹਾਜਰ ਸਨ ।
- Download Babushahi App
-
-